ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਅਪਰੈਲ
ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪਰੈਲ ਨੂੰ ਪਾਕਿਸਤਾਨ ਜਾਵੇਗਾ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਦੇ ਮੁੱਖ ਸਮਾਗਮ ਹੋਣਗੇ। ਇਸ ਦੌਰਾਨ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕਰੋਨਾ ਦੀ ਜਾਂਚ ਵਾਸਤੇ 9 ਤੇ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੈਂਪ ਲਗਾਇਆ ਜਾਵੇਗਾ। ਇਹ ਜਥਾ 21 ਅਪਰੈਲ ਨੂੰ ਵਾਪਸ ਪਰਤੇਗਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ 12 ਅਪਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪੁੱਜਣਗੇ, ਜਿੱਥੇ ਅਖੰਡ ਪਾਠ ਦੀ ਆਰੰਭਤਾ ਹੋਵੇਗੀ ਅਤੇ 14 ਅਪਰੈਲ ਨੂੰ ਭੋਗ ਪਾਏ ਜਾਣਗੇ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹੋਣ ਤੋਂ ਇਲਾਵਾ 72 ਘੰਟੇ ਪਹਿਲਾਂ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੈ। ਉਧਰ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕਈ ਸਿੱਖ ਬੰਦੀ ਤਿੰਨ ਦਹਾਕਿਆਂ ਤੋਂ ਬੰਦ ਹਨ।