ਜੋਗਿੰਦਰ ਸਿੰਘ ਓਬਰਾਏ
ਖੰਨਾ, 17 ਦਸੰਬਰ
ਅੱਜ ਇਥੇ ਪੱਕੇ ਰੁਜ਼ਗਾਰ ਦੇ ਪ੍ਰਬੰਧ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਪੰਜਾਬ ਦੇ ਬੈਨਰ ਹੇਠ ਠੇਕਾ ਕਾਮਿਆਂ ਨੇ ਅੰਮ੍ਰਿਤਸਰ-ਦਿੱਲੀ ਨੈਸ਼ਨਲ ਮਾਰਗ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਇਸ ਕਾਰਨ ਸੜਕ ਦੇ ਦੋਵੇਂ ਪਾਸੇ ਵੱਡਾ ਜਾਮ ਲੱਗ ਗਿਆ ਅਤੇ ਰਾਹਗੀਰਾਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਸ਼ੇਰ ਸਿੰਘ, ਬਲਿਹਾਰ ਸਿੰਘ, ਵਰਿੰਦਰ ਸਿੰਘ ਤੇ ਮਹਿੰਦਰ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਵਾਰ ਵਾਰ ਯਾਦ ਪੱਤਰ ਸੌਂਪੇ ਗਏ ਪਰ ਹਰ ਵਾਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਟਿੰਗਾਂ ਤੋਂ ਭੱਜ ਰਹੇ ਹਨ। ਇਸ ਦੇ ਰੋਸ ਵਜੋਂ ਮੁਲਾਜ਼ਮਾਂ ਨੂੰ ਰੋਡ ਜਾਮ ਕਰਨਾ ਪਿਆ ਹੈ। ਇਸ ਦੌਰਾਨ ਰਾਹਗੀਰਾਂ ਨੂੰ ਆਉਣ ਵਾਲੀ ਪ੍ਰੇਸ਼ਾਨੀ ਲਈ ਸਿੱਧੇ ਤੌਰ ’ਤੇ ਮੁੱਖ ਮੰਤਰੀ ਜ਼ਿੰਮੇਵਾਰ ਹਨ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਗੱਲਬਾਤ ਕਰਕੇ ਮੰਗਾਂ ਦਾ ਹੱਲ ਕਰੇ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਜਲਦ ਹੱਲ ਨਾ ਹੋਇਆ ਤਾਂ 19 ਦਸੰਬਰ ਨੂੰ ਬਠਿੰਡਾ ਵਿਖੇ ਕੌਮੀ ਮਾਰਗ ਜਾਮ ਕੀਤਾ ਜਾਵੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਮੌਕੇ ਮੰਤਰੀਆਂ ਤੇ ਵਿਧਾਇਕਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ। ਭਾਰਤੀ ਕਿਸਾਨ ਯੂਨੀਅਨ (ਏਕਤਾਂ-ਉਗਰਾਹਾਂ) ਦੇ ਆਗੂ ਸੁਦਾਗਰ ਸਿੰਘ ਘੁਡਾਣੀ, ਗੁਰਦੇਵ ਸਿੰਘ ਨੇ ਠੇਕਾ ਕਾਮਿਆਂ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਸਪ੍ਰੀਤ ਸਿੰਘ, ਸੁਰਿੰਦਰ ਕੁਮਾਰ, ਸਵਰਨਜੀਤ ਕੌਰ, ਪਵਨਦੀਪ ਸਿੰਘ, ਕੁਲਦੀਪ ਸਿੰਘ, ਭੁਪਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਰੱਖੇ।