Khanna: ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; 55 ਵਿਅਕਤੀ ਸੁਰੱਖਿਅਤ ਬਾਹਰ ਕੱਢੇ
ਸੰਚਾਲਕ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ; ਪੀੜਤਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਭੇਜਿਆ
ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਖੰਨਾ ਪੁਲੀਸ ਵੱਲੋਂ ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਨੇੜਲੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼ ਕੀਤਾ ਗਿਆ ਹੈ।
ਪੁਲੀਸ ਦੀ ਕਾਰਵਾਈ ਦੌਰਾਨ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਉੱਥੇ ਮੌਜੂਦ ਲਗਪਗ 55 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਪੁਲੀਸ ਵੱਲੋਂ ਮੌਕੇ ’ਤੇ ਕੇਂਦਰ ਦੇ ਸੰਚਾਲਕ ਸਕੇ ਭਰਾਵਾਂ ਤੋਂ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ।
ਖੰਨਾ ਪੁਲੀਸ ਨੇ ਨਸ਼ਾ ਪੀੜਤਾਂ ਦੀ ਸਿਹਤ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਦੀ ਯੋਗ ਦੇਖਭਾਲ, ਡਾਕਟਰੀ ਸਹਾਇਤਾ ਅਤੇ ਅਗਲੇ ਇਲਾਜ ਲਈ ਸਰਕਾਰੀ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰਾਂ ਵਿੱਚ ਭੇਜ ਦਿੱਤਾ ਹੈ। ਐੱਸ.ਪੀ. (ਡੀ.) ਰਾਕੇਸ਼ ਯਾਦਵ ਨੇ ਦੱਸਿਆ ਕਿ ਕਾਰਵਾਈ ਦੌਰਾਨ ਕੇਂਦਰ ਵਿੱਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪਵਨਦੀਪ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਘੁੰਗਰਾਲੀ ਰਾਜਪੂਤਾਂ ਨੂੰ ਨਾਮਜ਼ਦ ਕੀਤਾ ਗਿਆ ਹੈ।
ਐੱਸ.ਐੱਸ.ਪੀ. ਡਾ. ਆਹਲੂਵਾਲੀਆ ਨੇ ਦੱਸਿਆ ਕਿ ਇਸ ਕਾਰਵਾਈ ਦਾ ਮਕਸਦ ਸਿਰਫ਼ ਗੈਰ-ਕਾਨੂੰਨੀ ਧੰਦੇ ਨੂੰ ਬੰਦ ਕਰਵਾਉਣਾ ਹੀ ਨਹੀਂ, ਸਗੋਂ ਨਸ਼ਾ ਪੀੜਤ ਵਿਅਕਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਵੀ ਹੈ। ਇਸ ਮਾਮਲੇ ਵਿੱਚ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਸ ਗੈਰ-ਕਾਨੂੰਨੀ ਕੇਂਦਰ ਨੂੰ ਕਿਹੜੇ ਤਰੀਕੇ ਅਤੇ ਕਿਸ ਦੀ ਸ਼ਹਿ ਨਾਲ ਚਲਾਇਆ ਜਾ ਰਿਹਾ ਸੀ, ਇੱਥੇ ਰਹਿਣ ਵਾਲੇ ਵਿਅਕਤੀਆਂ ਨਾਲ ਕਿਸ ਤਰ੍ਹਾਂ ਦਾ ਵਤੀਰਾ ਕੀਤਾ ਜਾਂਦਾ ਸੀ ਅਤੇ ਇੱਥੇ ਨਸ਼ੀਲੇ ਪਦਾਰਥ ਕਿਵੇਂ ਪਹੁੰਚਦੇ ਸਨ।
ਪੁਲੀਸ ਬਰਾਮਦ ਹੈਰੋਇਨ ਨਾਲ ਜੁੜੇ ਹੋਰ ਵਿਅਕਤੀਆਂ ਸਬੰਧੀ ਜਾਣਕਾਰੀ ਇਕੱਠੀ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਚੱਲ ਰਹੇ ਕਿਸੇ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ, ਨਸ਼ਿਆਂ ਦੀ ਵਿਕਰੀ ਜਾਂ ਹੋਰ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲੀਸ ਨੂੰ ਸੂਚਿਤ ਕਰਨ।

