ਪੱਤਰ ਪ੍ਰੇਰਕ
ਖਰੜ, 26 ਸਤੰਬਰ
ਖਰੜ ਦੇ ਵਾਰਡ ਨੰਬਰ 18 ਦੇ ਕਾਂਗਰਸੀ ਕੌਂਸਲਰ ਗੁਰਜੀਤ ਸਿੰਘ ਗੱਗੀ ਨੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕਾ ਮੈਡਮ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਦਾ ਝਾੜੂ ਫੜ ਲਿਆ ਹੈ।
ਅੱਜ ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਜਾਰੀ ਪ੍ਰੈੱਸ ਨੋਟ ਅਨੁਸਾਰ ਬੀਤੇ ਦਿਨੀਂ ਵੱਖ ਵੱਖ ਪਾਰਟੀਆਂ ਦੇ 15 ਕੌਂਸਲਰਾਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਨਗਰ ਕੌਂਸਲ ਖਰੜ ਦੇ ਹੋਰ ਕੌਂਸਲਰ ਪਾਰਟੀ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਲਗਾਤਾਰ ਸ਼ਾਮਲ ਹੋ ਰਹੇ ਹਨ। ਪ੍ਰੈੱਸ ਨੋਟ ਅਨੁਸਾਰ ਇਸ ਮੌਕੇ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਵੱਲੋਂ ਗੱਗੀ ਕੌਂਸਲਰ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਿਰੋਪਾ ਪਾ ਕੇ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਪੰਜਾਬ ਦੇ ਲੋਕਾਂ ਦੇ ਹਿੱਤਾ ਲਈ ਵੱਡੇ ਕੰਮ ਹੋਏ ਹਨ ਅਤੇ ਇਨ੍ਹਾਂ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵਿਰੋਧੀ ਪਾਰਟੀਆਂ ਵਾਲੇ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਾਕੀ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਅਪਰੋਚ ਕਰ ਰਹੇ ਹਨ। ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਸਮੇਤ ਵਰਕਰ ਹਾਜ਼ਰ ਸਨ।