ਸ਼ਸ਼ੀ ਪਾਲ ਜੈਨ
ਇੱਥੇ ਪੁਲੀਸ ਪਾਰਟੀ ਜਦੋਂ ਕਾਰ ਖੋਹਣ ਦੇ ਮਾਮਲੇ ’ਚ ਇੱਕ ਮੁਜ਼ਲਮ ਨੂੰ ਕਾਬੂ ਕਰਨ ਗਈ ਤਾਂ ਮੁਲਜ਼ਮ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲੀਸ ਨੇ ਉਸ ਕੋਲੋਂ ਪਿਸਤੌਲ, ਨਸ਼ੀਲਾ ਪਾਊਡਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਸ ਸਬੰਧੀ ਮੁਹਾਲੀ ਦੇ ਐੱਸਪੀ (ਡੀ) ਸੌਰਵ ਜਿੰਦਲ ਨੇ ਦੱਸਿਆ ਕਿ 17 ਅਗਸਤ ਨੂੰ ਲਾਂਡਰਾਂ-ਸਰਹਿੰਦ ਸੜਕ ’ਤੇ ਦੋ ਜਣਿਆਂ ਤਾਰਾ ਸਿੰਘ ਅਤੇ ਵਿਸ਼ਾਲ ਸ਼ਰਮਾ ਤੋਂ ਚਾਰ ਅਣਪਛਾਤੇ ਹਥਿਆਰਬੰਦ ਕੁੱਟਮਾਰ ਕਰ ਕੇ ਕਾਰ ਖੋਹ ਕੇ ਫ਼ਰਾਰ ਹੋ ਗਏ ਸਨ।
ਇਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਖਰੜ ਸਦਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪੁਲੀਸ ਨੇ ਇਸ ਸਬੰਧੀ ਪ੍ਰਗਟ ਸਿੰਘ, ਤਰਨਜੀਤ ਸਿੰਘ, ਗੁਰਸਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਕੋਲੋਂ ਖੋਹੀ ਹੋਈ ਕਾਰ ਅਤੇ ਮੁਲਜ਼ਮਾਂ ਵੱਲੋਂ ਇਸ ਵਾਰਦਾਤ ਵਿੱਚ ਵਰਤੀ ਹੋਈ ਕਾਰ ਬਰਾਮਦ ਕਰ ਲਈ। ਪੁਲੀਸ ਨੇ ਉਨ੍ਹਾਂ ਕੋਲੋਂ ਕੀਤੀ ਪੜਤਾਲ ਦੇ ਆਧਾਰ ’ਤੇ ਚੌਥੇ ਮੁਲਜ਼ਮ ਭੁਪਿੰਦਰ ਸਿੰਘ ਵਾਸੀ ਲੁਧਿਆਣਾ ਨੂੰ ਨਾਮਜ਼ਦ ਕਰ ਲਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅੱਜ ਭੁਪਿੰਦਰ ਸਿੰਘ ਮੋਟਰਸਾਈਕਲ ’ਤੇ ਜਾ ਰਿਹਾ ਸੀ ਤਾਂ ਪੁਲੀਸ ਪਾਰਟੀ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਮੋਟਰਸਾਈਕਲ ਭਜਾ ਕੇ ਲੈ ਗਿਆ। ਪਿੰਡ ਪੱਕੀ ਰੁੜਕੀ ਨੇੜੇ ਉਸ ਦਾ ਮੋਟਰਸਾਈਕਲ ਸਲਿੱਪ ਕਰ ਕੇ ਡਿੱਗ ਗਿਆ। ਉਸ ਨੇ ਪਿੱਛਾ ਕਰ ਪੁਲੀਸ ’ਤੇ ਗੋਲੀਆਂ ਚਲਾ ਦਿੱਤੀਆਂ ਇੱਕ ਗੋਲੀ ਪੁਲੀਸ ਦੀ ਗੱਡੀ ’ਤੇ ਲੱਗੀ। ਪੁਲੀਸ ਵੱਲੋਂ ਕੀਤੀ ਜਵਾਬੀ ਕਾਰਵਾਈ ’ਚ ਮੁਲਜ਼ਮ ਦੀ ਸੱਜੀ ਲੱਤ ਵਿੱਚ ਗੋਲੀ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।