ਖੁੱਡੀਆਂ ਨੇ ਪੇਂਡੂ ਵਿਕਾਸ ਫੰਡਾਂ ਦਾ ਮੁੱਦਾ ਕੇਂਦਰੀ ਮੰਤਰੀ ਕੋਲ ਚੁੱਕਿਆ
ਚਰਨਜੀਤ ਭੁੱਲਰ
ਚੰਡੀਗੜ੍ਹ, 14 ਫਰਵਰੀ
ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰੀ ਖੁਰਾਕ ਤੇ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਸੂਬੇ ਦੇ ਰੁਕੇ ਪਏ ਪੇਂਡੂ ਵਿਕਾਸ ਫੰਡਾਂ ਦਾ ਮਾਮਲਾ ਚੁੱਕਿਆ। ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਨਾਲ ਕੇਂਦਰੀ ਮੰਤਰੀ ਦੀ ਮੁਲਾਕਾਤ ਤੋਂ ਪਹਿਲਾਂ ਖੁੱਡੀਆਂ ਨੇ ਪੰਜਾਬ ਦਾ ਕੇਸ ਪ੍ਰਹਿਲਾਦ ਜੋਸ਼ੀ ਕੋਲ ਰੱਖਿਆ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਲੰਘੇ ਚਾਰ ਵਰ੍ਹਿਆਂ ਦੇ ਪੇਂਡੂ ਵਿਕਾਸ ਫੰਡਾਂ ਦੇ 6857.40 ਕਰੋੜ ਰੁਪਏ ਦੇ ਬਕਾਏ ਰੁਕੇ ਹੋਏ ਹਨ, ਜਿਨ੍ਹਾਂ ਨੂੰ ਰਿਲੀਜ਼ ਕੀਤਾ ਜਾਵੇ। ਕੇਂਦਰੀ ਮੰਤਰੀ ਨੇ ਖੇਤੀ ਮੰਤਰੀ ਨੂੰ ਭਰੋਸਾ ਦਿੱਤਾ ਅਤੇ ਰੁਕੇ ਫੰਡਾਂ ਦਾ ਮਾਮਲਾ ਮੀਟਿੰਗ ਮਗਰੋਂ ਵਿਸਥਾਰ ਵਿੱਚ ਵਿਚਾਰਨ ਦੀ ਗੱਲ ਵੀ ਆਖੀ। ਇਸ ਮੌਕੇ ਮੁੱਖ ਸਕੱਤਰ ਕੇਏਪੀ ਸਿਨਹਾ ਅਤੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵੀ ਮੌਜੂਦ ਸਨ। ਖੇਤੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਇਸ ਬਾਰੇ ਹੁਣ ਤੱਕ ਪੰਜ ਪੱਤਰ ਲਿਖੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਫੰਡ ਰੋਕੇ ਜਾਣ ਨਾਲ ਪੰਜਾਬ ਵਿੱਚ ਸੜਕਾਂ ਦੀ ਮੁਰੰਮਤ ਦਾ ਕੰਮ ਰੁਕਿਆ ਪਿਆ ਹੈ। ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ 17,406 ਕਿਲੋਮੀਟਰ ਸੜਕਾਂ ਦੀ ਮੁਰੰਮਤ ਲਈ 2892 ਕਰੋੜ ਦੇ ਫੰਡਾਂ ਦੀ ਫੌਰੀ ਲੋੜ ਹੈ। ਉਨ੍ਹਾਂ ਦੱਸਿਆ ਕਿ 2019-20 ਤੱਕ ਨਿਰਵਿਘਨ ਤਰੀਕੇ ਨਾਲ ਪੇਂਡੂ ਵਿਕਾਸ ਫੰਡ ਮਿਲਦੇ ਰਹੇ ਹਨ। ਖੁੱਡੀਆਂ ਨੇ ਦੱਸਿਆ ਕਿ ਕੇਂਦਰੀ ਸ਼ਰਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਪੰਜਾਬ ਦਿਹਾਤੀ ਵਿਕਾਸ ਐਕਟ 1987 ਦੀ ਧਾਰਾ 7 ਵਿੱਚ ਵੀ ਸੋਧ ਕਰ ਦਿੱਤੀ ਹੈ।