ਆਤਿਸ਼ ਗੁਪਤਾ
ਚੰਡੀਗੜ੍ਹ, 21 ਅਗਸਤ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲੀਸ ਡੂੰਘਾਈ ਨਾਲ ਕੇਸ ਦੀ ਪੜਤਾਲ ਕਰ ਰਹੀ ਹੈ। ਇਸ ਮਾਮਲੇ ਵਿੱਚ ਪੰਜਾਬ ਪੁਲੀਸ ਦੀਆਂ ਟੀਮਾਂ ਨੇ ਕਈ ਵੱਡੇ ਗੈਂਗਸਟਰਾਂ ਨੂੰ ਪੰਜਾਬ ਵਿੱਚ ਲਿਆ ਕੇ ਪੜਤਾਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਕਤਲ ਮਾਮਲੇ ’ਚ ਸ਼ਾਮਲ ਜ਼ਿਆਦਾਤਰ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂਕਿ ਰਹਿੰਦਿਆਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾਵੇਗਾ। ਕਾਤਲਾਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ।
ਵਿੱਤ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਾਅ ਅਫ਼ਸਰਾਂ ਦੀਆਂ ਨਿਯੁਕਤੀਆਂ ਵਿੱਚ ਰਾਖਵਾਂਕਰਨ ਲਾਗੂ ਕਰਨ ਦੇ ਫ਼ੈਸਲਾ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਬਾਬਾ ਸਾਹਿਬ ਤੇਰਾ ਸੁਪਨਾ ਅਧੂਰਾ, ਕੇਜਰੀਵਾਲ ਤੇ ਭਗਵੰਤ ਮਾਨ ਕਰਨਗੇ ਪੂਰਾ’ ਦਾ ਨਾਅਰਾ ਦਿੱਤਾ ਸੀ। ਇਸ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ’ਚ ‘ਆਪ’ ਸਰਕਾਰ ਨੇ ਪੰਜ ਮਹੀਨਿਆਂ ਦੇ ਅੰਦਰ-ਅੰਦਰ ਅਨੁਸੂਚਿਤ ਜਾਤੀ ਭਾਈਚਾਰੇ ਤੋਂ ਲਾਅ ਅਫ਼ਸਰਾਂ ਦੀ ਭਰਤੀ ਲਈ ਅਰਜ਼ੀਆਂ ਮੰਗ ਲਈਆਂ ਹਨ। ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਦੀ ਰਾਜਨੀਤੀ ਲਈ ਵਰਤਿਆ ਹੈ। ਸ੍ਰੀ ਚੀਮਾ ਨੇ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਲਈ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।