ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਕਿਰਤੀ ਕਿਸਾਨ ਯੂਨੀਅਨ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਹਰੇ ਇਨਕਲਾਬ ਦੇ ਖੇਤੀ ਮਾਡਲ ਨੂੰ ਬਦਲ ਕੇ ਕੁਦਰਤ ਤੇ ਕਿਸਾਨ ਪੱਖੀ ਹੰਢਣਸਾਰ ਖੇਤੀ ਮਾਡਲ ਲਾਗੂ ਕਰਵਾਉਣ ’ਤੇ ਸੂਬੇ ਭਰ ਵਿੱਚ ‘ਖੇਤੀ ਮਾਡਲ ਬਦਲੋ ਲਹਿਰ’ ਦੀ ਸ਼ੁਰੂਆਤ ਕੀਤੀ। ਯੂਨੀਅਨ ਆਗੂਆਂ ਨੇ ਅੱਜ ਪਟਿਆਲਾ, ਸੰਗਰੂਰ, ਲੁਧਿਆਣਾ, ਮੋਗਾ, ਫਰੀਦਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਅੰਮ੍ਰਿਤਸਰ, ਮੁਕਤਸਰ, ਫਾਜ਼ਿਲਕਾ ਅਤੇ ਹੋਰਨਾਂ ਥਾਵਾਂ ’ਤੇ ਜ਼ਿਲ੍ਹਾ ਪੱਧਰੀ ਕਾਨਫਰੰਸਾਂ ਕੀਤੀਆਂ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ, ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ, ਖਜ਼ਾਨਚੀ ਹਰਮੇਸ਼ ਢੇਸੀ, ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਲੌਂਗੋਵਾਲ, ਇਸਤਰੀ ਵਿੰਗ ਦੇ ਕਨਵੀਨਰ ਹਰਦੀਪ ਕੌਰ ਕੋਟਲਾ ਨੇ ਸੰਬੋਧਨ ਕੀਤਾ। ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਖੇਤੀ ਮਾਡਲ ਸਥਾਨਕ ਲੋੜਾਂ ਤੇ ਵਾਤਾਵਰਨ ਮੁਤਾਬਕ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਕਣਕ ਝੋਨੇ ਦਾ ਫਸਲੀ ਚੱਕਰ ਬਦਲ ਕੇ ਖੇਤੀ ਨੂੰ ਜ਼ੋਨਾਂ ਵਿੱਚ ਵੰਡਿਆ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕੇ ਪੰਜਾਬ ਆਪਣੇ ਖਾਣ ਲਈ 94 ਫ਼ੀਸਦੀ ਦਾਲ ਬਾਹਰੋਂ ਮੰਗਵਾਉਂਦਾ ਹੈ, ਇਸ ਲਈ ਦਾਲਾਂ ਹੇਠ ਰਕਬਾ ਵਧਾਇਆ ਜਾ ਸਕਦਾ। ਪੰਜਾਬ ਵਿੱਚ ਲੱਖਾਂ ਹੈਕਟੇਅਰ ਬਾਗਬਾਨੀ ਹੇਠ ਰਕਬਾ ਵਧਾਇਆ ਜਾ ਸਕਦਾ। ਛੋਟੀ ਕਿਸਾਨੀ ਨੂੰ ਬਚਾਉਣ ਲਈ ਸਰਕਾਰ ਨੂੰ ਉਪਰਾਲੇ ਕਰਨੇ ਚਾਹੀਦੇ ਹਨ। ਪਿੰਡਾਂ ਵਿੱਚ ਖੇਤੀ ਸੰਦ ਕੇਂਦਰ ਖੋਲ੍ਹੇ ਜਾਣ ਅਤੇ ਛੋਟੇ ਕਿਸਾਨਾਂ ਨੂੰ ਬਿਨਾਂ ਕਿਰਾਇਆ ਖੇਤੀ ਸੰਦ ਮਿਲਣੇ ਚਾਹੀਦੇ ਹਨ।