ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਗਸਤ
ਕਿਰਤੀ ਕਿਸਾਨ ਯੂਨੀਅਨ ਪੰਜਾਬ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੰਘਰਸ਼ ਵਿੱਢਣ ਜਾ ਰਹੀ ਹੈ। ਜਥੇਬੰਦੀ ਦੇ ਸਰਪ੍ਰਸਤ ਹਰਦੇਵ ਸਿੰਘ ਸੰਧੂ ਨੇ ਆਖਿਆ ਕਿ ਉਹ ਖੇਤੀ ਆਰਡੀਨੈਂਸਾਂ ਸਮੇਤ ਬਿਜਲੀ ਬਿੱਲ-2020 ਨੂੰ ਵਾਪਸ ਲੈਣ ਦੀ ਵੀ ਮੰਗ ਕਰਨਗੇ। ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਖ਼ਿਲਾਫ਼ ਪਿੰਡਾਂ ’ਚੋਂ ਰੋਸ ਮਾਰਚ ਸ਼ੁਰੂ ਕਰਕੇ ਐੱਸਡੀਐੱਮ ਦਫ਼ਤਰ ਘੇਰੇ ਜਾਣਗੇ। ਉਨ੍ਹਾਂ ਆਖਿਆ ਕਿ ਨਵਾਂ ਬਿਜਲੀ ਬਿਲ ਕਿਸਾਨਾਂ-ਮਜ਼ਦੂਰਾਂ ਨੂੰ ਸਬਸਿਡੀ ’ਤੇ ਮਿਲਦੀ ਬਿਜਲੀ ਦੀ ਸਹੂਲਤ ਖੋ ਲਵੇਗਾ ਅਤੇ ਖੇਤੀ ਆਰਡੀਨੈਂਸ ਕਿਸਾਨਾਂ ਦੀ ਆਰਥਿਕ ਹਾਲਤ ਪਤਲੀ ਕਰ ਦੇਣਗੇ। ਉਨ੍ਹਾਂ ਆਖਿਆ ਕਿ ਉਹ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਮੁਆਫ਼ੀ ਦੀ ਮੰਗ ਵੀ ਉਭਾਰਨਗੇ। ਉਨ੍ਹਾਂ ਆਖਿਆ ਕਿ ਕਰੋਨਾ ਦੀ ਆੜ ਹੇਠ ਜਿਹੜੀਆਂ ਪਾਬੰਦੀਆਂ ਲਾਈਆਂ ਗਈਆਂ, ਸਰਕਾਰ ਉਨ੍ਹਾਂ ਨੂੰ ਹਟਾਵੇ ਤੇ ਅਸਲ ਸਥਿਤੀ ਬਾਰੇ ਲੋਕਾਂ ਨੂੰ ਸਪਸ਼ਟ ਕਰੇ।