ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਦਸੰਬਰ
ਕਿਰਤੀ ਕਿਸਾਨ ਯੂਨੀਅਨ ਨੇ ਅੱਜ ਪੰਜਾਬ ਚੋਣਾਂ ਸਬੰਧੀ ਐਲਾਨ ਕੀਤਾ ਹੈ ਕਿ ਜਥੇਬੰਦੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਹਮਾਇਤ ਨਹੀਂ ਦੇਵੇਗੀ ਅਤੇ ਸੰਯੁਕਤ ਸਮਾਜ ਮੋਰਚਾ ਦਾ ਹਿੱਸਾ ਵੀ ਨਹੀਂ ਬਣੇਗੀ। ਯੂਨੀਅਨ ਚੋਣਾਂ ਦੌਰਾਨ ਜਨਤਕ ਮੁੱਦਿਆਂ ’ਤੇ ਸੰਘਰਸ਼ ਲਈ ਮੁਹਿੰਮ ਚਲਾਏਗੀ। ਜਥੇਬੰਦੀ ਦੇ ਆਗੂਆਂ ਨੇ ਇੱਥੇ ਸਪੱਸ਼ਟ ਕੀਤਾ ਕਿ ਲੋਕ ਮੁੱਦਿਆਂ ਨੂੰ ਲਾਗੂ ਕਰਨ ਲਈ ਕੋਈ ਵੀ ਸਿਆਸੀ ਧਿਰ ਚੋਣ ਮੈਦਾਨ ਵਿੱਚ ਨਹੀਂ ਦਿਸ ਰਹੀ ਹੈ, ਇਸ ਕਰਕੇ ਜਥੇਬੰਦੀ ਇਨ੍ਹਾਂ ਮੁੱਦਿਆਂ ’ਤੇ ਸੰਘਰਸ਼ ਲਈ ਲੋਕਾਂ ਨੂੰ ਲਾਮਬੰਦ ਕਰੇਗੀ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ ਨੇ ਅੱਜ ਇੱਥੇ ਪ੍ਰੈੱਸ ਕਲੱਬ ’ਚ ਕਾਨਫ਼ਰੰਸ ਕਰਦਿਆਂ ਸਾਫ਼ ਕੀਤਾ ਕਿ ਉਹ ਵਿਧਾਨ ਸਭਾ ਚੋਣਾਂ ਤੋਂ ਦੂਰ ਰਹਿਣਗੇ।