ਪੱਤਰ ਪ੍ਰੇਰਕ
ਅੰਮ੍ਰਿਤਸਰ, 26 ਦਸੰਬਰ
ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ’ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਿੱਤੇ ਜਾਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ 8 ਕਿਸਾਨਾਂ ਦੇ ਯੋਗ ਵਾਰਸਾਂ ਨੂੰ ਪਿੰਡ ਦੇਵੀਦਾਸਪੁਰਾ ਵਿੱਚ 5-5 ਲੱਖ ਰੁਪਏ ਦੇ ਚੈੱਕ ਸੌਂਪੇ ਗਏ।
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਦੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਯੋਗਤਾ ਅਨੁਸਾਰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸੇ ਦੌਰਾਨ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕਰਦਿਆਂ ਕਿਸਾਨਾਂ ਦੀ ਸੰਕਟ ਦੀ ਘੜੀ ਬਾਂਹ ਫੜਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਐੱਸਡੀਐੱਮ ਅੰਮ੍ਰਿਤਸਰ-1 ਸ੍ਰੀ ਟੀ.ਬੈਨਿਥ ਨੇ ਵੇਰਵੇ ਦਿੰਦਿਆਂ ਦੱਸਿਆ ਕਿ ਕਿਸਾਨ ਸੰਘਰਸ਼ ’ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਵਿੱਚ ਸ਼ਾਮਲ ਪਿੰਡ ਨਗਲੀ ਦੇ ਮੰਗਲ ਸਿੰਘ ਪੁੱਤਰ ਚੰਨਣ ਸਿੰਘ, ਪਿੰਡ ਖੰਡਵਾਲਾ ਛੇਹਰਟਾ ਦੇ ਮਨਜੀਤ ਸਿੰਘ ਪੁੱਤਰ ਨਾਜ਼ਰ ਸਿੰਘ, ਪਿੰਡ ਵੱਲਾ ਦੀ ਨਰਿੰਦਰ ਕੌਰ ਪਤਨੀ ਵੀਰ ਸਿੰਘ, ਪਿੰਡ ਵੱਲਾ ਦੀ ਸਿਮਰਨਜੀਤ ਕੌਰ ਪਤਨੀ ਬਲਦੇਵ ਸਿੰਘ, ਪਿੰਡ ਮਹਿਸਮਪੁਰਕਲਾ ਮਹਿਤਾ ਦੇ ਕੁਲਵੰਤ ਸਿੰੰਘ ਪੁੱਤਰ ਦਰਬਾਰਾ ਸਿੰਘ, ਪਿੰਡ ਵੱਲਾ ਦੀ ਨਰਿੰਦਰ ਕੌਰ ਪਤਨੀ ਜਸਪਾਲ ਸਿੰਘ ਅਤੇ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਸੰਗਮ ਪੱਟੀ ਦੇ ਹਰਜਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਪਿੰਡ ਡੱਲ ਪੱਟੀ ਦੇ ਜੋਗਿੰਦਰ ਸਿੰਘ ਪੁੱਤਰ ਭਾਨ ਸਿੰਘ ਦੇ ਵਾਰਸਾਂ ਨੂੰ 5-5 ਲੱਖ ਦੇ ਚੈੱਕ ਸੌਂਪੇ।