ਗੁਰਦੀਪ ਸਿੰਘ ਭੱਟੀ
ਟੋਹਾਣਾ, 25 ਅਪਰੈਲ
ਫ਼ਤਿਹਾਬਾਦ ਵਿਚ ਦਿੱਲੀ-ਸਿਰਸਾ ਕੌਮੀ ਮਾਰਗ ਨੰਬਰ-9 ’ਤੇ ਚੱਲ ਰਹੇ ਲੰਗਰ ਵਾਲੀ ਥਾਂ ’ਤੇ ਕਿਸਾਨ ਸੰਘਰਸ਼ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਪੁੱਜੇ। ਇਸ ਮੌਕੇ ਕਿਸਾਨਾਂ ਨਾਲ ਕੀਤੀ ਮੁਲਾਕਾਤ ਦੌਰਾਨ ਸ੍ਰੀ ਟਿਕੈਤ ਨੇ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਭਾਜਪਾ ਸਰਕਾਰ ਦੇ ਖਾਤਮੇ ਦੇ ਨਾਲ ਹੀ ਸਮਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਲਈ ਕੇਂਦਰ ਸਰਦਾਰ ਵੱਲੋਂ ਕਰੋਨਾ ਦਾ ਡਰ ਪੈਦਾ ਕੀਤਾ ਜਾ ਰਿਹਾ ਹੈ ਜਦੋਂਕਿ ਭਾਜਪਾ ਵੱਲੋਂ ਕੀਤੀਆਂ ਜਾ ਰਹੀਆਂ ਚੋਣ ਰੈਲੀਆਂ ਸਬੰਧੀ ਕੇਂਦਰ ਸਰਕਾਰ ਚੁੱਪ ਧਾਰੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਕਿਸਾਨ ਅੰਦੋਲਨ ਕਰ ਕੇ ਨਹੀਂ, ਸਗੋਂ ਭਾਜਪਾ ਦੀਆਂ ਚੋਣ ਰੈਲੀਆਂ ਕਰ ਕੇ ਫੈਲ ਰਿਹਾ ਹੈ।