ਆਤਿਸ਼ ਗੁਪਤਾ
ਚੰਡੀਗੜ੍ਹ, 30 ਮਈ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਘਰਾਂ/ਦਫ਼ਤਰਾਂ ਮੂਹਰੇ, ਟੌਲ ਪਲਾਜ਼ਿਆਂ, ਪੂੰਜੀਪਤੀ ਘਰਾਣਿਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ ਅਤੇ ਨਿੱਜੀ ਥਰਮਲ ਪਲਾਂਟ ਸਣੇ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਧਰਨਿਆਂ ਦੌਰਾਨ ਮੀਂਹ ਅਤੇ ਝੱਖੜ ਦੇ ਬਾਵਜੂਦ ਕਿਸਾਨਾਂ ਦੇ ਹੌਂਸਲੇ ਬੁਲੰਦ ਹੋ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਕਿਸਾਨ 5 ਜੂਨ ਨੂੰ ਭਾਜਪਾ ਦੇ ਸੰਸਦ ਮੈਂਬਰ ਅਤੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਕੇਂਦਰ ਸਰਕਾਰ ਦੇ ਖੇਤੀ ਕਾਨੰਨਾਂ ਦੀਆਂ ਕਾਪੀਆਂ ਸਾੜ ਕੇ ਸੰਪੂਰਨ ਕ੍ਰਾਂਤੀ ਦਿਹਾੜਾ ਮਨਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੀ 5 ਜੂਨ ਨੂੰ ਇਹ ਖੇਤੀ ਕਾਨੂੰਨ ਬਣਾਉਣ ਲਈ ਆਰਡੀਨੈਂਸ ਪੇਸ਼ ਕੀਤੇ ਸਨ। ਇਸ ਮਗਰੋਂ ਸਤੰਬਰ ਮਹੀਨੇ ’ਚ ਪਾਸ ਹੋਣ ਮਗਰੋਂ ਇਨ੍ਹਾਂ ਨੂੰ ਕਾਨੂੰਨ ਬਣਾ ਦਿੱਤਾ ਗਿਆ ਸੀ, ਜਿਸ ਖ਼ਿਲਾਫ਼ ਕਿਸਾਨ ਪਿਛਲੇ ਵਰ੍ਹੇ ਨਵੰਬਰ ਮਹੀਨੇ ਤੋਂ ਦਿੱਲੀ ਦੀਆਂ ਹੱਦਾਂ ’ਤੇ ਮੋਰਚਾ ਲਾਈ ਬੈਠੇ ਹਨ। ਆਗੂਆਂ ਨੇ ਕੇਂਦਰ ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਧਰਨਿਆਂ ’ਤੇ ਡਟੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੋਣਗੇ, ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਪੰਜਾਬ ਭਰ ਤੋਂ ਕਿਸਾਨਾਂ ਦੇ ਕਾਫ਼ਲੇ ਦਿੱਲੀ ਵੱਲ ਰਵਾਨਾ ਹੋ ਰਹੇ ਹਨ। ਅੱਜ ਵੀ ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੋਗਾ ਅਤੇ ਬਰਨਾਲਾ ਤੋਂ ਕਿਸਾਨਾਂ ਦੇ ਦਰਜਨਾਂ ਜਥੇ ਦਿੱਲੀ ਵੱਲ ਰਵਾਨਾ ਹੋਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਮਨਸੂਬਿਆਂ ਨੂੰ ਕਦੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।
ਪਿੰਡ-ਪਿੰਡ ਟਰੈਕਟਰ ਮਾਰਚ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਦਿੱਲੀ ਅੰਦੋਲਨ ਨੂੰ ਮਜ਼ਬੂਤੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਦੋ ਦਰਜਨ ਦੇ ਕਰੀਬ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਗਿਆ। ਗਰਮੀ ਦੇ ਬਾਵਜੂਦ ਕਿਸਾਨਾਂ ਤੇ ਮਜ਼ਦੂਰਾਂ ਦਾ ਜੋਸ਼ ਤੇ ਚਾਅ ਦੇਖਣ ਵਾਲਾ ਸੀ। ਇਹ ਟਰੈਕਟਰ ਮਾਰਚ ਪਿੰਡ ਉਪਲ ਖਾਲਸਾ ਤੋਂ ਸ਼ੁਰੂ ਹੋ ਕੇ ਪਿੰਡ ਉਪਲ ਜਗੀਰ, ਨੱਤ, ਪੰਡੋਰੀ ਜਗੀਰ, ਸੰਘੇ ਖਾਲਸਾ, ਸਿੱਧਵਾਂ ਸਟੇਸ਼ਨ, ਨਵਾਂ ਪਿੰਡ, ਆਧੀ ਖੂਹੀ, ਲਿੱਤਰਾਂ, ਸੰਘੇ ਜਗੀਰ, ਸ਼ੇਖਾਂ, ਸਰੀਂਹ, ਭੰਡਾਲਾ, ਚੂਹੇਕੀ, ਬੈਨਾਪੁਰ, ਪੱਬਵਾਂ, ਜਾਗੋ ਸੰਘਾ, ਸਿਧਮ ਮੁਸਤੱਦੀ, ਚੀਮਾ ਕਲਾਂ, ਚੀਮਾ ਖੁਰਦ ਤੋਂ ਹੁੰਦਾ ਹੋਇਆ ਨੂਰਮਹਿਲ ਮੰਡੀ ’ਚ ਸਮਾਪਤ ਹੋਇਆ। ਟਰੈਕਟਰ ਮਾਰਚ ਦੌਰਾਨ ਦਿੱਲੀ ਅੰਦੋਲਨ ’ਚ ਸ਼ਮੂਲੀਅਤ ਕਰਨ ਦਾ ਹੋਕਾ ਦਿੱਤਾ ਗਿਆ।