ਦਰਸ਼ਨ ਸਿੰਘ ਸੋਢੀ
ਮੁਹਾਲੀ, 19 ਸਤੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਮੁਹਾਲੀ ਵਿਖੇ ਕਿਸਾਨ ਮਹਾਪੰਚਾਇਤ ਕੀਤੀ ਗਈ, ਜਿਸ ਵਿੱਚ ਪੰਜਾਬ ਸਮੇਤ ਹਰਿਆਣਾ ਅਤੇ ਹੋਰ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਔਰਤਾਂ ਵੀ ਭਾਰੀ ਗਿਣਤੀ ਵਿੱਚ ਪਹੁੰਚੀਆਂ। ਇਥੋਂ ਦੇ ਵਾਈਪੀਐਸ ਚੌਕ ਫੇਜ਼-8 ਨੇੜੇ ਪੁੱਡਾ ਗਰਾਊਂਡ ਵਿੱਚ ਐਤਵਾਰ ਨੂੰ ਸਵੇਰੇ ਹੀ ਪੰਜਾਬ ਭਰ ’ਚੋਂ ਕਿਸਾਨ, ਬੀਬੀਆਂ ਅਤੇ ਨੌਜਵਾਨ ਵੱਡੇ ਕਾਫ਼ਲਿਆਂ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ 12 ਵਜੇ ਤੱਕ ਵੱਡੀ ਗਿਣਤੀ ਜਮ੍ਹਾਂ ਹੋ ਗਈ ਪਰ ਇਸ ਦੇ ਬਾਵਜੂਦ ਪੰਡਾਲ ਵਿੱਚ ਹਾਜ਼ਰੀ ਉਮੀਦ ਨਾਲੋਂ ਘੱਟ ਦੇਖਣ ਨੂੰ ਮਿਲੀ ਕਿਉਂਕਿ ਜ਼ਿਆਦਾਤਰ ਲੋਕ ਸੜਕ ਕਿਨਾਰੇ ਰੁੱਖਾਂ ਦੀ ਛਾਂ ਹੇਠ ਬੈਠੇ ਰਹੇ। ਹਾਲਾਂਕਿ ਮੰਚ ਤੋਂ ਸੋਨੀਆ ਮਾਨ ਨੇ ਵਾਰ-ਵਾਰ ਅਨਾਊਸਮੈਂਟ ਵੀ ਕੀਤੀ ਗਈ ਕਿ ਪੰਡਾਲ ਪੂਰਾ ਭਰਿਆ ਨਾ ਹੋਣ ਕਾਰਨ ਸਿਆਸੀ ਹਲਕਿਆਂ ਵਿੱਚ ਗਲਤ ਸੁਨੇਹਾ ਜਾ ਸਕਦਾ ਹੈ। ਇਸ ਦੇ ਬਾਵਜੂਦ ਤੇਜ਼ ਧੁੱਪ ਅਤੇ ਅੱਤ ਦੀ ਗਰਮੀ ਕਾਰਨ ਲੋਕ ਪੰਡਾਲ ਵਿੱਚ ਆ ਕੇ ਨਹੀਂ ਬੈਠੇ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ, ਗੌਰਵ ਟਿਕੈਤ, ਪ੍ਰੋਫੈਸਰ ਮਨਜੀਤ ਸਿੰਘ, ਪ੍ਰੋਫੈਸਰ ਪਿਆਰੇ ਲਾਲ ਗਰਗ, ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ, ਬਲਦੇਵ ਸਿੰਘ ਸਿਰਸਾ, ਰੁਲਦੂ ਸਿੰਘ ਮਾਨਸਾ, ਹਰਵਿੰਦਰ ਸਿੰਘ ਲੱਖੋਵਾਲ, ਸੋਨੀਆ ਮਾਨ, ਹਰਮਨਪ੍ਰੀਤ ਕੌਰ ਵਿਰਕ, ਲੱਖਾ ਸਿਧਾਣਾ, ਜਗਜੀਤ ਸਿੰਘ ਡੱਲੇਵਾਲ, ਮਨਦੀਪ ਸਿੰਘ, ਕੰਵਲਜੀਤ ਸਿੰਘ, ਲਖਵਿੰਦਰ ਸਿੰਘ ਕਰਾਲਾ, ਕਿਸਾਨ ਯੂਨੀਅਨ ਡਕੌਂਦਾ ਦੇ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਹਮੀਰ ਸਿੰਘ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਪ੍ਰਤੀਕ ਮਾਨ ਅਤੇ ਹੋਰਾਂ ਨੇ ਸੰਬੋਧਨ ਕੀਤਾ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ, ਬੀਬੀਆਂ ਅਤੇ ਨੌਜਵਾਨਾਂ ਦੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੀ ਜੜਾਂ ਹਿਲਾਉਣ ਲਈ 27 ਸਤੰਬਰ ਦੇ ਭਾਰਤ ਬੰਦ ਨੂੰ ਸਫਲ ਬਣਾਇਆ ਜਾਵੇ। ਸੋਨੀਆ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੂਰੇ ਸੰਸਾਰ ਨੂੰ ਨਵੀਂ ਸੇਧ ਦਿੱਤੀ ਹੈ। ਹਰਮਨਪ੍ਰੀਤ ਕੌਰ ਵਿਰਕ ਨੇ ਕਿਹਾ ਕਿ ਬੀਬੀਆਂ ਦਾ ਘਰਾਂ ’ਚੋਂ ਬਾਹਰ ਨਿਕਲ ਕੇ ਧਰਨਿਆਂ ’ਤੇ ਬੈਠਣਾ ਨਵੇਂ ਇਨਕਲਾਬ ਦੀ ਸ਼ੁਰੂਆਤ ਹੈ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ। ਇਸ ਮੌਕੇ ਨਰਿੰਦਰ ਸਿੰਘ ਕੰਗ, ਕਿਰਪਾਲ ਸਿੰਘ ਸਿਆਊ, ਆਪ ਆਗੂ ਜਗਦੇਵ ਸਿੰਘ ਮਲੋਆ, ਸੁਰਜੀਤ ਸਿੰਘ, ਜਰਨੈਲ ਸਿੰਘ ਬੈਂਸ, ਕੰਵਲਪ੍ਰੀਤ ਸਿੰਘ ਪੰਨੂ, ਨਵਦੀਪ ਸਿੰਘ, ਰਜਿੰਦਰ ਸਿੰਘ, ਸੁਦੇਸ਼ ਕਡੈਲਾ, ਜਸਵਿੰਦਰ ਸਿੰਘ ਵਿਰਕ, ਅੰਤਰਰਾਸ਼ਟਰੀ ਪੁਆਧੀ ਮੰਚ ਦੇ ਕਾਰਕੁਨ ਕਰਮਜੀਤ ਸਿੰਘ ਚਿੱਲਾ ਹਾਜ਼ਰ ਸਨ।