ਜਤਿੰਦਰ ਬੈਂਸ
ਗੁਰਦਾਸਪੁਰ, 20 ਮਾਰਚ
ਖੇਤੀ ਕਾਨੂੰਨ ਰੱਦ ਕਰਾਉਣ ਲਈ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵੱਲੋਂ ਗੁਰਦਾਸਪੁਰ ਵਿੱਚ ਮਹਾਸਭਾ ਕੀਤੀ ਗਈ। ਇਸ ਦੌਰਾਨ ਸਾਬਕਾ ਫ਼ੌਜੀਆਂ ਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਲਿਆ। ਅੱਜ ਦੀ ਇਸ ਮਹਾਸਭਾ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਆਗੂ ਕੁਲਵੰਤ ਸਿੰਘ ਸੰਧੂ, ਚਿੰਤਕ ਤੇ ਬੁੱਧੀਜੀਵੀ ਮਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਕਾਹਲੋਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਕਾਨੂੰਨ ਦੇਸ਼ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਕਾਰਨ ਇੱਕਲਾ ਕਿਸਾਨ ਹੀ ਨਹੀਂ, ਸਗੋਂ ਸਾਰੇ ਵਰਗ ਪ੍ਰਭਾਵਿਤ ਹੋਣਗੇ। ਆਗੂਆਂ ਨੇ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ 23 ਮਾਰਚ ਨੂੰ ਖਟਕੜ ਕਲਾਂ ਅਤੇ ਦਿੱਲੀ ਦੀਆਂ ਹੱਦਾਂ ’ਤੇ ਨੌਜਵਾਨ ਰੈਲੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਸਫ਼ਲ ਬਣਾਉਣ ਲਈ ਸ਼ਹਿਰਾਂ ਤੇ ਪਿੰਡਾਂ ਅੰਦਰ ਮਾਰਚ ਕਰਕੇ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਇਸੇ ਤਰ੍ਹਾਂ 26 ਮਾਰਚ ਨੂੰ ਭਾਰਤ ਬੰਦ ਦੇ ਪ੍ਰੋਗਰਾਮ ਦੀ ਸਫ਼ਲਤਾ ਲਈ ਸਮੂਹ ਵਰਗਾਂ ਨੂੰ ਜਾਗਰੂਕ ਕਰਕੇ ਲਾਮਬੰਦੀ ਕੀਤੀ ਜਾਵੇਗੀ।
ਇਸ ਮੌਕੇ ਐੱਸਪੀ ਗੋਸਲ, ਬਲਬੀਰ ਸਿੰਘ ਰੰਧਾਵਾ, ਮੱਖਣ ਕੁਹਾੜ, ਹਰਪਾਲ ਸਿੰਘ, ਗੁਰਜੀਤ ਸਿੰਘ ਬੱਲ ਅਤੇ ਸੁਖਦੇਵ ਨੇ ਵੀ ਸੰਬੋਧਨ ਕੀਤਾ।