ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ ਦਾ ਐਲਾਨ

ਮੀਟਿੰਗ ਦੌਰਾਨ ਮੋਟਰਸਾਈਕਲ ਮਾਰਚ ਕਰਨ ਦਾ ਫੈਸਲਾ
Advertisement

ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਭਾਰਤ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ‘ਲੈਂਡ ਪੂਲਿੰਗ ਨੀਤੀ’ ਨੂੰ ਨਕਾਰ ਦਿੱਤਾ ਹੈ। ਮੋਰਚੇ ਨੇ ਇਸ ਨੀਤੀ ਸਬੰਧੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਇਸ਼ਾਰੇ ’ਤੇ ਪੰਜਾਬ ਦੀਆਂ ਬਹੁ-ਫ਼ਸਲੀ ਉਪਜਾਊ ਜ਼ਮੀਨਾਂ ਨੂੰ ਲੁੱਟਣਾ ਚਾਹੁੰਦੀ ਹੈ ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੋਰਚੇ ਨੇ ਇਸ ਖ਼ਿਲਾਫ਼ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਪੰਧੇਰ ਨੇ ਕਿਹਾ ਕਿ 28 ਜੁਲਾਈ ਨੂੰ ਪੰਜਾਬ ਭਰ ਵਿੱਚ ਹਜ਼ਾਰਾਂ ਕਿਸਾਨਾਂ-ਮਜ਼ਦੂਰਾਂ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸੇ ਤਰ੍ਹਾਂ 30 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਲੁਧਿਆਣਾ ਵਿੱਚ ਕੀਤੇ ਜਾ ਰਹੇ ਇਕੱਠ ਦੀ ਹਮਾਇਤ ’ਚ ਹਿੱਸਾ ਲਿਆ ਜਾਵੇਗਾ। ਇਸ ਤੋਂ ਇਲਾਵਾ 11 ਅਗਸਤ ਨੂੰ ਪੰਜਾਬ ਵਿੱਚ ਮੋਟਰਸਾਈਕਲ ਮਾਰਚ ਕੱਢੇ ਜਾਣਗੇ। ਉਨ੍ਹਾਂ ਕਿਹਾ ਕਿ ‘ਲੈਂਡ ਪੂਲਿੰਗ ਨੀਤੀ’ ਵਿਰੁੱਧ 20 ਅਗਸਤ ਨੂੰ ਜਲੰਧਰ ਵਿੱਚ ਪੁੱਡਾ ਦਫ਼ਤਰ ਦੇ ਮੂਹਰੇ ਰੋਸ ਪ੍ਰਦਰਸ਼ਨ ਵੀ ਕੀਤਾ ਜਾਵੇਗਾ। ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੇ ਕਿਹਾ ਕਿ 26 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਭਾਰਤ ਨੂੰ ਕਿਸਾਨ ਭਵਨ ਵਿੱਚ ਇੱਕ ਸਾਂਝੀ ਮੀਟਿੰਗ ਲਈ ਸੱਦਾ ਪੱਤਰ ਦਿੱਤਾ ਜਾਵੇਗਾ। ਆਗੂਆਂ ਨੇ ਪਟਿਆਲਾ ਵਿੱਚ ਸਰਕਾਰ ਵੱਲੋਂ ਜ਼ਮੀਨ ’ਤੇ ਕਬਜ਼ੇ ਕਰਨ ਦਾ ਵਿਰੋਧ ਕਰਦੇ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ।

Advertisement
Advertisement