ਕਿਸਾਨ ਮਜ਼ਦੂਰ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ
ਕਿਸਾਨ ਮਜ਼ਦੂਰ ਮੋਰਚਾ ਜਥੇਬੰਦੀ ਨੇ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਹਨ। ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੂਬਾ...
ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੂਬਾ ਸਰਕਾਰ ਦੀ ਵੀ ਨਿੰਦਾ ਕੀਤੀ ਅਤੇ ਆਪਣੇ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ।
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਹੋਏ ਵਿਆਪਕ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਹੜ੍ਹ ਦੌਰਾਨ ਝੋਨੇ ਦੀ ਫਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ ਘੱਟੋ-ਘੱਟ 70,000 ਰੁਪਏ ਪ੍ਰਤੀ ਏਕੜ ਦੇਵੇ।
ਅੰਮ੍ਰਿਤਸਰ ਵਿੱਚ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਪੰਧੇਰ ਨੇ ਪਸ਼ੂਆਂ ਅਤੇ ਪੋਲਟਰੀ ਫਾਰਮਾਂ ਦੇ ਨੁਕਸਾਨ ਲਈ ਵੀ 100 ਫੀਸਦੀ ਮੁਆਵਜ਼ੇ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਕਿਸਾਨਾਂ ਨੇ ਅੱਗੇ ਮੰਗ ਕੀਤੀ ਕਿ ਹੜ੍ਹਾਂ ਕਾਰਨ ਜਿਨ੍ਹਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਣਕ ਦੀ ਫਸਲ ਦੀ ਬਿਜਾਈ ਲਈ ਬੀਜ ਅਤੇ ਖਾਦਾਂ ਮੁਹੱਈਆ ਕਰਵਾਏ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਖੇਤੀਬਾੜੀ ਵਾਲੀਆਂ ਜ਼ਮੀਨਾਂ ਵਿੱਚ ਜਮ੍ਹਾਂ ਹੋਈ ਰੇਤ ਅਤੇ ਗਾਰ ਨੂੰ ਹਟਾਉਣ ਲਈ ਕਿਸਾਨਾਂ ਨੂੰ ਹੋਰ ਸਮਾਂ ਦਿੱਤਾ ਜਾਣਾ ਚਾਹੀਦਾ ਹੈ।
ਪੰਧੇਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੂਬਾ ਸਰਕਾਰ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀਆਂ ਜਾ ਰਹੀਆਂ ਹਨ, ਜ਼ਮੀਨੀ ਰਿਕਾਰਡਾਂ ਵਿੱਚ ਲਾਲ ਐਂਟਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਜੁਰਮਾਨੇ ਲਗਾਏ ਜਾ ਰਹੇ ਹਨ। ਇਹ ਸਭ ਬੰਦ ਕੀਤਾ ਜਾਣਾ ਚਾਹੀਦਾ ਹੈ।
ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਹੋਰ ਕਿਸਾਨ ਜਥੇਬੰਦੀਆਂ ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ), ਬੀ.ਕੇ.ਯੂ. (ਕ੍ਰਾਂਤੀਕਾਰੀ), ਬੀ.ਕੇ.ਯੂ. (ਦੋਆਬਾ) ਅਤੇ ਕਿਸਾਨ ਮਜ਼ਦੂਰ ਹਿਤਕਾਰੀ ਸਭਾ ਸ਼ਾਮਲ ਹਨ, ਨੇ ਵੀ ਇਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ।