ਕਿਸਾਨ ਮਜ਼ਦੂਰ ਮੋਰਚਾ ਨੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ
ਕਿਸਾਨ ਮਜ਼ਦੂਰ ਮੋਰਚਾ (ਕੇ ਐੱਮ ਐੱਮ) ਵੱਲੋਂ ਬਿਜਲੀ ਸੋਧ ਬਿੱਲ 2025 ਵਿਰੁੱਧ ਅਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਅੱਜ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਹਨ। ਕੇ ਐੱਮ ਐੱਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਵਿੱਚ ਲਗਾਤਾਰ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੇ ਫ਼ੈਸਲੇ ਲਏ ਜਾ ਰਹੇ ਹਨ, ਪਰ ਪੰਜਾਬ ਸਣੇ ਹੋਰ ਸੂਬਾ ਸਰਕਾਰਾਂ ਚੁੱਪ ਧਾਰੀ ਬੈਠੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜਲੀ ਸੋਧ ਬਿੱਲ 2025 ਲਿਆਉਣ ਦੀ ਤਿਆਰੀ ਕੀਤੀ ਗਈ ਹੈ, ਜਿਸ ਦਾ ਪੰਜਾਬ ਦੇ ਲੋਕ ਵਿਰੋਧ ਕਰ ਰਹੇ ਹਨ ਤੇ ਮੰਗ ਕਰ ਰਹੇ ਹਨ ਕਿ ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਬਿੱਲ ਖ਼ਿਲਾਫ਼ ਮਤਾ ਪਾਸ ਕਰ ਕੇ ਕੇਂਦਰ ਨੂੰ ਭੇਜੇ। ਉਨ੍ਹਾਂ ਕਿਹਾ ਕਿ ਇਹ ਬਿੱਲ ਸਬਸਿਡੀਆਂ ਨੂੰ ਖਤਮ ਕਰ ਦੇਵੇਗਾ ਅਤੇ ਨਿੱਜੀਕਰਨ ਨੂੂੰ ਹੁਲਾਰਾ ਦੇਵੇਗਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਫ਼ੈਸਲੇ ਕਰ ਰਹੀ ਹੈ।
ਸ੍ਰੀ ਪੰਧੇਰ ਨੇ ਕਿਹਾ ਕਿ ਮੋਰਚੇ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ 14 ਮਹੀਨੇ ਸੰਘਰਸ਼ ਕੀਤਾ ਗਿਆ, ਜਿਸ ਨੂੰ ਭਗਵੰਤ ਮਾਨ ਸਰਕਾਰ ਨੇ ਜਬਰ ਨਾਲ ਉਠਾਇਆ ਸੀ। ਇਸ ਦੌਰਾਨ ਮੋਰਚੇ ਦਾ ਵੱਡੀ ਗਿਣਤੀ ਵਿੱਚ ਸਾਮਾਨ ਚੋਰੀ ਹੋ ਗਿਆ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਿਸਾਨਾਂ ਦੇ ਸਾਮਾਨ ਦੀ ਭਰਪਾਈ ਕਰੇ। ਸੂਬਾ ਆਗੂ ਗੁਰਲਾਲ ਸਿੰਘ ਪੰਡੋਰੀ, ਲਖਵਿੰਦਰ ਸਿੰਘ ਵਰਿਆਮ ਨੰਗਲ ਅਤੇ ਜਰਮਨਜੀਤ ਸਿੰਘ ਬੰਡਾਲਾ ਨੇ ਮੰਗ ਕੀਤੀ ਕਿ ਕਿਸਾਨ ਅੰਦੋਲਨ ਸਮੇਂ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀ ਮੰਗਾਂ ਨਾ ਮੰਨੀਆਂ ਤਾਂ 17 ਤੇ 18 ਦਸੰਬਰ ਨੂੰ ਡੀ ਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ ਤੇ 19 ਨੂੰ ਰੇਲਾਂ ਰੋਕੀਆਂ ਜਾਣਗੀਆਂ।
