ਸਿਮਰਤਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 27 ਜਨਵਰੀ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਕਾਰਪੋਰੇਟ ਪੱਖੀ ਸਾਮਰਾਜੀ ਰਾਜ ਪ੍ਰਬੰਧ ਵਿਰੁੱਧ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਮਹਾ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ, ਹਰਿਆਣਾ ਤੇ ਯੂਪੀ ਤੋਂ ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ, ਬੀਬੀਆਂ ਤੇ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਇਸ ਮਹਾ ਰੈਲੀ ਵਿੱਚ ਬੀਤੇ ਵਰ੍ਹੇ 26 ਜਨਵਰੀ ਨੂੰ ਦਿੱਲੀ ਮੋਰਚੇ ਵਿੱਚ ਪੁਲੀਸ ਨਾਲ ਹੋਈ ਝੜਪ ਦੌਰਾਨ ਸ਼ਹੀਦ ਹੋਏ ਯੂਪੀ ਦੇ ਡਬਿਡਬਿਾ ਵਾਸੀ ਨਵਰੀਤ ਸਿੰਘ ਸਮੇਤ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ 750 ਦੇ ਕਰੀਬ ਕਿਸਾਨਾਂ, ਮਜ਼ਦੂਰਾਂ ਤੇ ਦੇਸ਼, ਦੁਨੀਆਂ ਭਰ ਦੀਆਂ ਲੋਕ ਲਹਿਰਾਂ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰੈਲੀ ਵਿੱਚ 30 ਹਜ਼ਾਰ ਤੋਂ ਵੱਧ ਬੀਬੀਆਂ ਸ਼ਾਮਲ ਹੋਈਆਂ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਐਲਾਨ ਕੀਤਾ ਕਿ ਦੇਸ਼ ਵਿੱਚ ਨਿੱਜੀਕਰਨ, ਉਦਾਰੀਕਰਨ, ਸੰਸਾਰੀਕਰਨ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰਨ ਵਾਲੇ ਭਾਰਤੀ ਰਾਜ ਪ੍ਰਬੰਧ ਖ਼ਿਲਾਫ਼ ਵੱਡੀ ਲੋਕ ਲਹਿਰ ਉਸਾਰੀ ਜਾਵੇਗੀ।
ਕਿਸਾਨ ਆਗੂ ਜਸਬੀਰ ਸਿੰਘ ਪਿੱਦੀ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ, ਹਰਪ੍ਰੀਤ ਸਿੰਘ ਸਿੱਧਵਾਂ ਨੇ ਐਲਾਨ ਕੀਤਾ ਕਿ ਬੀਤੇ ਵਰ੍ਹੇ 29 ਜਨਵਰੀ ਨੂੰ ਗੁੰਡਿਆਂ ਵੱਲੋਂ ਪੁਲੀਸ ਦੀ ਮਿਲੀਭੁਗਤ ਨਾਲ ਜਥੇਬੰਦੀ ਦੀ ਦਿੱਲੀ ਮੋਰਚੇ ਦੀ ਸਟੇਜ ਉਖਾੜਨ ਲਈ ਕੀਤੇ ਹਮਲੇ ਵਿਰੁੱਧ ਇਸ ਵਾਰ 29 ਜਨਵਰੀ ਨੂੰ ਪੰਜਾਬ ਭਰ ’ਚ ਜ਼ਿਲ੍ਹਾ, ਜ਼ੋਨ ਤੇ ਪਿੰਡ ਪੱਧਰੀ ਵਿਰੋਧ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਇਸ ਦੇ ਨਾਲ ਹੀ ਮੰਗ ਕੀਤੀ ਜਾਵੇਗੀ ਕਿ ਉਸ ਹਮਲੇ ਸਬੰਧੀ ਜਾਰੀ ਹੋਈ ਵੀਡਿਓ ਵਿੱਚ ਦਿਖਾਏ ਦੇ ਰਹੇ ਪ੍ਰਦੀਪ ਖੱਤਰੀ, ਅਮਨ ਡਬਾਸ ਤੇ ਹੋਰਨਾਂ ਖ਼ਿਲਾਫ਼ ਕੇਸ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।