ਕਿਸਾਨ ਮੋਰਚੇ ਵੱਲੋਂ ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ
ਕੇਂਦਰੀ ਮੰਤਰੀ ਖੱਟਰ ਨਾਲ ਮੀਟਿੰਗ ਤੈਅ; ਪੁਤਲੇ ਫੂਕਣ ਦਾ ਪ੍ਰੋਗਰਾਮ ਮੁਲਤਵੀ
ਹਰਿਆਣਾ ਸਰਕਾਰ ਵੱਲੋਂ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਪੈਦਲ ਯਾਤਰਾ ਨੂੰ ਰੋਕਿਆਂ ਅੱਜ ਚੌਥਾ ਦਿਨ ਸੀ। ਇਸ ਦੌਰਾਨ ਲੰਘੀ ਰਾਤ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੂੰ ਹਰਿਆਣਾ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ ਮਿਲਿਆ, ਜਿਸ ਤਹਿਤ ਅੱਜ ਸਵੇਰੇ ਸੰਯੁਕਤ ਕਿਸਾਨ ਮੋਰਚੇ ਦੇ ਵਫ਼ਦ ਵੱਲੋਂ ਹਰਿਆਣਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਵੱਲੋਂ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਚਾਰ ਸਤੰਬਰ ਨੂੰ ਕਿਸਾਨਾਂ ਦੇ ਵਫ਼ਦ ਨਾਲ ਮੁਲਾਕਾਤ ਕਰਨਗੇ।
ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸਤਨਾਮ ਸਿੰਘ ਬਹਿਰੂ, ਸੁਖਦੇਵ ਸਿੰਘ ਭੋਜਰਾਜ ਤੇ ਕਾਕਾ ਸਿੰਘ ਕੋਟਲਾ ਨੇ ਦੱਸਿਆ ਕਿ ਉਨ੍ਹਾਂ ਮੀਟਿੰਗ ਕਰਕੇ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਦਾ ਵਫਦ 4 ਸਤੰਬਰ ਨੂੰ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰੇਗਾ। ਵਫ਼ਦ ਵੱਲੋਂ ਖੇਤੀਬਾੜੀ ਤੇ ਕਿਸਾਨੀ ਨਾਲ ਸਬੰਧਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਜਾਵੇਗਾ। ਕੇਂਦਰੀ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਕਾਰਨ ਕਿਸਾਨ ਬਚਾਓ ਪੈਦਲ ਯਾਤਰਾ ਅਤੇ 20 ਅਗਸਤ ਨੂੰ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪੁਤਲੇ ਫੂਕਣ ਦਾ ਪ੍ਰੋਗਰਾਮ 4 ਸਤੰਬਰ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ, ਜੇ 4 ਸਤੰਬਰ ਦੀ ਮੀਟਿੰਗ ਵਿੱਚ ਨਤੀਜਾ ਸਕਾਰਾਤਮਕ ਨਿਕਲਦਾ ਹੈ ਤਾਂ ਉਸ ਦਾ ਸਵਾਗਤ ਕੀਤਾ ਜਾਵੇਗਾ, ਜੇ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਫਿਰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਮੀਟਿੰਗ ਕਰ ਕੇ ਅੰਦੋਲਨ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕਰੇਗਾ। ਦੂਜੇ ਪਾਸੇ ਪੁਲੀਸ ਨੇ ਬੈਰੀਕੇਡਿੰਗ ਹਟਾ ਕੇ ਰਸਤਾ ਖੋਲ੍ਹਣਾ ਸ਼ੁਰੂ ਕਰ ਦਿੱਤਾ ਹੈ।

