ਪੱਤਰ ਪ੍ਰੇਰਕ
ਬਨੂੜ, 5 ਨਵੰਬਰ
ਸਮਾਜ ਸੇਵੀ ਅਤੇ ਅਮਰੀਕਾ ਵਸਦੇ ਕੌਮਾਂਤਰੀ ਖੇਡ ਪ੍ਰਮੋਟਰ ਅਮੋਲਕ ਸਿੰਘ ਗਾਖਲ ਨੇ ਆਖਿਆ ਹੈ ਕਿ ਦਿੱਲੀ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੱਲ ਰਿਹਾ ਕਿਸਾਨ ਮੋਰਚਾ ਵਿਸ਼ਵ ਪੱਧਰ ਉੱਤੇ ਸਮਾਜ ਲਈ ਰਾਹ ਦਸੇਰਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਨੇ ਦੁਨੀਆ ਭਰ ਦਾ ਧਿਆਨ ਖਿੱਚਿਆ ਹੈ, ਜੋ ਸੰਘਰਸ਼ ਦੀ ਵੱਡੀ ਪ੍ਰਾਪਤੀ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗਾਖਲ ਨੇ ਆਖਿਆ ਕਿ ਕਿਸਾਨ ਸਿਰਫ਼ ਆਪਣੇ ਲਈ ਨਹੀਂ, ਸਗੋਂ ਸਮੁੱਚੇ ਸਮਾਜ ਲਈ ਲੜ ਰਹੇ ਹਨ, ਕਿਉਂਕਿ ਖੇਤੀ ਕਾਨੂੰਨਾਂ ਨਾਲ ਹਰ ਵਰਗ ਪ੍ਰਭਾਵਿਤ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮੁੱਚੇ ਭਾਈਚਾਰਿਆਂ ਨੂੰ ਦਿੱਲੀ ਵੱਡੀ ਗਿਣਤੀ ’ਚ ਪਹੁੰਚ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਐੱਨਆਰਆਈ ਭਰਾ ਭਵਿੱਖ ਵਿੱਚ ਵੀ ਕਿਸਾਨਾਂ ਦਾ ਸਾਥ ਦਿੰਦੇ ਰਹਿਣਗੇ।