ਦਵਿੰਦਰ ਪਾਲ
ਚੰਡੀਗੜ੍ਹ, 7 ਫਰਵਰੀ
ਕਿਸਾਨ ਜਥੇਬੰਦੀਆਂ ਵੱਲੋਂ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਕਿਸਾਨ ਆਗੂਆਂ ਬੂਟਾ ਸਿੰਘ ਬੁਰਜ ਗਿੱਲ, ਮਨਜੀਤ ਧਨੇਰ, ਨਿਰਭੈ ਸਿੰਘ ਢੁੱਡੀਕੇ, ਰਾਮਿੰਦਰ ਪਟਿਆਲਾ, ਕੁਲਵੰਤ ਸਿੰਘ ਸੰਧੂ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਰਾਏ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਭਾਵੇਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ 6ਵੀਂ ਕਲਾਸ ਤੋਂ ਅੱਗੇ ਖੋਲ੍ਹਣ ਦਾ ਫੈਸਲਾ ਕਰ ਲਿਆ ਸੀ ਪਰ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਸਕੂਲ ਹਾਲੇ ਦੀ ਬੰਦ ਰੱਖੇ ਗਏ ਹਨ। ਸਰਕਾਰ ਦੇ ਇਸ ਫੈਸਲੇ ਵਿਰੁੱਧ ਅੱਜ ਪੂਰੇ ਪੰਜਾਬ ਅੰਦਰ ਸੈਂਕੜੇ ਥਾਵਾਂ ’ਤੇ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਦੇ ਇਸ ਸੜਕਾਂ ਜਾਮ ਦੇ ਸੱਦੇ ਨੂੰ ਪਿੰਡਾਂ ਵਿੱਚੋਂ ਭਰਵਾਂ ਹੁੰਗਾਰਾ ਮਿਲਿਆ ਹੈ ਪਰ ਲੋਕਾਂ ਦੀ ਸਾਂਝੀ ਮੰਗ ਪਹਿਲੀ ਜਮਾਤ ਤੋਂ ਸਕੂਲ ਖੋਲ੍ਹਣ ਦੀ ਹੈ। ਬੁਲਾਰਿਆਂ ਨੇ ਕਿਹਾ ਕਿ ਸਰਕਾਰ ਸਿੱਖਿਆ ਦਾ ਬੁਨਿਆਦੀ ਅਧਿਕਾਰ ਖੋਹ ਰਹੀ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿੱਚ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਾਰੇ ਸਕੂਲ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਜਲਦ ਅਗਲੇ ਸੰਘਰਸ਼ ਦਾ ਸੱਦਾ ਦੇਵੇਗਾ। ਆਗੂਆਂ ਨੇ ਮੰਗ ਕੀਤੀ ਕਿ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਮੁਆਵਜ਼ਾ ਪ੍ਰਭਾਵਿਤ ਕਿਸਾਨਾਂ ਨੂੰ ਦਿੱਤਾ ਜਾਵੇ, ਭਾਰੀ ਮੀਂਹ ਕਾਰਨ ਬਰਬਾਦ ਹੋਈ ਆਲੂਆਂ ਅਤੇ ਸਬਜ਼ੀਆਂ ਦੀ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇ, ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ ਕਰਨ ਦੇ ਐਲਾਨ ਨੂੰ ਅਮਲੀ ਜਾਮਾ ਪਹਿਨਾਇਆ ਜਾਵੇ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ।
ਡੀ.ਟੀ.ਐੱਫ. ਵੱਲੋਂ ਸਕੂਲ ਬੰਦ ਰੱਖਣ ਦੀ ਨਿਖੇਧੀ
ਚੰਡੀਗੜ੍ਹ (ਪੱਤਰ ਪ੍ਰੇਰਕ): ਪ੍ਰੀ-ਪ੍ਰਾਇਮਰੀ ਤੇ ਪ੍ਰਾਇਮਰੀ ਜਮਾਤਾਂ ਲਈ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਦੇ ਸੱਦੇ ’ਤੇ ਅਧਿਆਪਕਾਂ ਵੱਲੋਂ ਵੀ ਵੱਖ-ਵੱਖ ਥਾਈਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਚੱਕਾ ਜਾਮ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਲੰਬਾ ਸਮਾਂ ਵਿਦਿਅਕ ਸੰਸਥਾਵਾਂ ਬੰਦ ਰੱਖਣ ਖਿਲਾਫ਼ ਵਿਰੋਧ ਦਰਜ ਕਰਵਾਇਆ ਗਿਆ। ਡੀ.ਟੀ.ਐੱਫ਼. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਸਕੂਲ ਬੰਦ ਰੱਖਣ ਦੀ ਨਿਖੇਧੀ ਕੀਤੀ। ਡੀ.ਟੀ.ਐੱਫ. ਦੇ ਸੂਬਾਈ ਆਗੂਆਂ ਗੁਰਮੀਤ ਸੁਖਪੁਰ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਗਪਾਲ ਬੰਗੀ, ਰਘਵੀਰ ਸਿੰਘ ਭਵਾਨੀਗੜ੍ਹ, ਜਸਵਿੰਦਰ ਔਜਲਾ ਅਤੇ ਦਲਜੀਤ ਸਫੀਪੁਰ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ’ਚੋਂ ਲੰਬਾ ਸਮਾਂ ਸਕੂਲ-ਕਾਲਜ ਬੰਦ ਰਹਿਣ ਕਾਰਨ ਪੇਂਡੂ ਖੇਤਰਾਂ ਅਤੇ ਸਾਧਨਹੀਣ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਉੱਪਰ ਮਾੜਾ ਅਸਰ ਪਿਆ ਹੈ।