ਮਿਹਰ ਸਿੰਘ
ਕੁਰਾਲੀ, 24 ਦਸੰਬਰ
ਕਿਸਾਨ ਜਥੇਬੰਦੀਆਂ ਦੇ ਆਗੂਆ ਨੇ ਖੇਤੀ ਕਨੂੰਨਾਂ ਦੇ ਵਿਰੋਧ ਵਿੱਚ ਅੱਜ ਪਿੰਡ ਸਿੰਘ ਵਿਚ ਜੀਓ ਕੰਪਨੀ ਦੇ ਮੋਬਾਈਲ ਟਾਵਰ ਦਾ ਕੁਨੈਕਸ਼ਨ ਕੱਟ ਦਿੱਤਾ। ਇਸ ਮੌਕੇ ਕਿਸਾਨਾਂ ਨੇ ਮੰਗਾਂ ਮੰਨੇ ਜਾਣ ਤੇ ਕਾਲੇ ਕਾਨੂੰਨ ਵਾਪਸ ਲਏ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਇਸ ਮੌਕੇ ਕਿਸਾਨ ਆਗੂ ਮੇਹਰ ਸਿੰਘ ਲੌਂਗੀਆ, ਸੀਟੂ ਆਗੂ ਦਲੀਪ ਸਿੰਘ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਪ੍ਰਗਟ ਸਿੰਘ ਰੋਲੂ ਮਾਜਰਾ ਨੇ ਕਿਹਾ ਕਿ ਜੀਓ ਕੰਪਨੀ ਦੇ ਟਾਵਰ ਦੇ ਕੁਨੈਕਸ਼ਨ ਕੱਟੇ ਜਾ ਰਹੇ ਹਨ ਕਿਉਂਕਿ ਕੇਂਦਰ ਸਰਕਾਰ ਅਡਾਨੀ ਤੇ ਅੰਬਾਨੀ ਵਰਗੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਲਈ ਖੇਤੀ ਸੁਧਾਰ ਦੇ ਨਾਮ ’ਤੇ ਕਾਲੇ ਕਾਨੂੰਨ ਬਣਾ ਕੇ ਦੇਸ਼ ਦੀ ਕਿਸਾਨੀ ਨੂੰ ਇਨ੍ਹਾਂ ਦੀ ਝੋਲੀ ਪਾਉਣਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਜਬਰ ਤੇ ਜ਼ੁਲਮ ਖ਼ਿਲਾਫ਼ ਲੜਾਈ ਲੜੀ ਹੈ ਤੇ ਜਿੱਤ ਵੀ ਪ੍ਰਾਪਤ ਕੀਤੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਬਿਨਾਂ ਸ਼ਰਤ ਇਹ ਕਾਲੇ ਕਾਨੂੰਨ ਵਾਪਸ ਲਵੇ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀ ਸ਼ਹਾਦਤ ਤੋਂ ਬਾਅਦ ਵੀ ਕੇਂਦਰ ਸਰਕਾਰ ਅੜੀ ਹੋਈ ਹੈ ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਕਿਸਾਨਾਂ ਦੇ ਮਸਲੇ ਨੂੰ ਲਟਕਾ ਕੇ ਕਮਜ਼ੋਰ ਕਰਨਾ ਚਾਹੁੰਦੀ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਇਹ ਜਾਣ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਇਹ ਮੰਗ ਹੁਣ ਲੋਕ ਲਹਿਰ ਬਣ ਚੁੱਕੀ ਹੈ ਕਿਉਂਕਿ ਅੱਜ ਹਰੇਕ ਵਰਗ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਧਰਨੇ ਅਤੇ ਵੱਡੇ ਕਾਫ਼ਲਿਆ ਨਾਲ ਦਿੱਲੀ ਵੱਲ ਕੂਚ ਕੀਤਾ ਜਾ ਰਿਹਾ ਹੈ ਜੋ ਜਿੱਤ ਦੀ ਨਿਸ਼ਾਨੀ ਹੈ।
ਇਸੇ ਦੌਰਾਨ ਬੜੌਦੀ ਦੇ ਟੌਲ ਪਲਾਜ਼ਾ ’ਤੇ ਲੋਕ ਹਿੱਤ ਮਿਸ਼ਨ ਵੱਲੋਂ ਕਿਸਾਨੀ ਸੰਘਰਸ਼ ਦੇ ਸਮਰਥਨ ਵਿੱਚ ਦਿੱਤੇ ਜਾ ਰਹੇ ਰੋਸ ਧਰਨੇ ਦੌਰਾਨ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ। ਇਸ ਦੌਰਾਨ ਪੰਜ ਕਿਸਾਨ ਆਗੂ ਪਹਿਲੇ ਦਿਨ ਭੁੱਖ ਹੜਤਾਲ ’ਤੇ ਬੈਠੇ। ਭੁੱਖ ਹੜਤਾਲ ਸ਼ੁਰੂ ਕਰਨ ਮੌਕੇ ਦਵਿੰਦਰ ਸਿੰਘ ਬੈਨੀਪਾਲ, ਗੁਰਪ੍ਰੀਤ ਸਿੰਘ ਕਾਦੀਮਾਜਰਾ, ਹਰਜੀਤ ਸਿੰਘ ਹਰਮਨ ਤੇ ਹੋਰਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਚੁਣੀ ਸਰਕਾਰ ਲੋਕਾਂ ਦੇ ਹੱਕਾਂ ਵਿੱਚ ਭੁਗਤਣ ਦੀ ਥਾਂ ਕਾਰਪੋਰੇਟ ਘਰਾਣਿਆਂ ਦੇ ਪੱਖ ਪੂਰ ਰਹੀ ਹੈ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਰਵੱਈਆ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ ਜੋ ਕਿ ਨਿਰੰਤਰ ਜਾਰੀ ਰਹੇਗੀ। ਇਸੇ ਦੌਰਾਨ ਧਰਨੇ ਵਾਲੀ ਥਾਂ ’ਤੇ 25 ਤੋਂ 27 ਦਸੰਬਰ ਤੱਕ ਮਾਤਾ ਗੁਜਰੀ ਅਤੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਰੂਪਨਗਰ (ਬਹਾਦਰਜੀਤ ਸਿੰਘ): ਖੇਡ ਪ੍ਰਮੋਟਰ ਅਤੇ ਸਮਾਜ ਸੇਵੀ ਨਰਿੰਦਰ ਸਿੰਘ ਕੰਗ ਨੇ ਅੱਜ ਸੋਲੱਖੀਆਂ ਟੌਲ ਪਲਾਜ਼ਾ ’ਤੇ ਦਿੱਲੀ ਸਰਹੱਦ ’ਤੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਣ ਜਾਣ ਵਾਲੇ ਕਿਸਾਨਾਂ ਨੂੰ ਕਿਸਾਨੀ ਝੰਡੇ ਵੰਡੇ। ਉਨ੍ਹਾਂ ਦੱਸਿਆਂ ਕਿ ਉਹ ਹੁਣ ਤੱਕ 7200 ਦੇ ਕਰੀਬ ਝੰਡੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਡਾਨੀ, ਅੰਬਾਨੀ ਤੇ ਹੋਰ ਦੇਸ਼ ਨੂੰ ਬਰਬਾਦ ਕਰਨ ਵਾਲੇ ਪੂੰਜੀਪਤੀਆਂ ਨੂੰ ਆਰਥਿਕ ਸੱਟ ਮਾਰਨੀ ਬੇਹੱਦ ਜ਼ਰੂਰੀ ਹੈ ਇਸ ਲਈ ਇਨ੍ਹਾਂ ਦੇ ਜੀਓ ਸਿਮ, ਮਾਲ, ਪੈਟਰੋਲ ਪੰਪ, ਮੋਬਾਇਲ ਟਾਂਵਰਾਂ ਨੂੰ ਮੁਕੰਮਲ ਬੰਦ ਕਰ ਦੇਣ ਦਾ ਸੁਨੇਹਾ ਦਿੱਤਾ।
ਅਮਲੋਹ (ਪੱਤਰ ਪ੍ਰੇਰਕ): ਕੇਂਦਰ ਦੁਆਰਾ ਕਿਸਾਨੀ ਵਿਰੁੱਧ ਲਾਗੂ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਲਗਪਗ ਤਿੰਨ ਮਹੀਨਿਆਂ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਨਿਰਣਾਇਕ ਦੌਰ ਵਿਚ ਦਾਖ਼ਲ ਹੋ ਚੁੱਕਾ ਹੈ। ਅੰਦੋਲਨਕਾਰੀ ਕਿਸਾਨ ਲੱਖਾਂ ਦੀ ਗਿਣਤੀ ਵਿੱਚ ਪੁੱਜ ਗਏ ਹਨ, ਜਿਨ੍ਹਾਂ ਵਿਚ ਬਜ਼ੁਰਗ, ਨੌਜਵਾਨ, ਔਰਤਾਂ ਅਤੇ ਬੱਚੇ ਕੜਾਕੇ ਦੀ ਠੰਢ ਵਿਚ ਖੁੱਲ੍ਹੇ ਅਸਮਾਨ ਹੇਠ ਰਾਤਾਂ ਗੁਜ਼ਾਰ ਰਹੇ ਹਨ। ਕੇਂਦਰ ਗੱਲਬਾਤ ਦੇ ਬਹਾਨੇ ਕਿਸਾਨਾਂ ਦੀਆਂ ਭਾਵਨਾਵਾਂ ਅਤੇ ਚਿੰਤਾਵਾਂ ਨਾਲ ਖਿਲਵਾੜ ਕਰ ਰਿਹਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਮੁੱਖ ਬੁਲਾਰੇ, ਮੈਂਬਰ ਜ਼ਿਲ੍ਹਾ ਸੈਨਿਕ ਬੋਰਡ ਅਤੇ ਰਾਜਨੀਤਕ ਮਾਮਲਿਆਂ ਦੇ ਵਿਸ਼ਲੇਸ਼ਕ ਕੈਪਟਨ ਜਸਵੰਤ ਸਿੰਘ ਬਾਜਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕੇਂਦਰੀ ਸਰਕਾਰ ਕਿਸਾਨਾਂ ਨਾਲ ਸਿਆਸੀ ਵਿਰੋਧੀਆਂ ਵਾਲਾ ਸਲੂਕ ਕਰ ਰਹੀ ਹੈ। ਸੰਸਾਰ ਦੀ ਸਭ ਤੋਂ ਵੱਡੀ ਜ਼ਮਹੂਰੀਅਤ ਵਿਚ ਲੋਕਾਂ ਦੀ ਆਵਾਜ਼ ਦਾ ਜਿਸ ਤਰ੍ਹਾਂ ਗਲਾ ਘੁੱਟਿਆ ਜਾ ਰਿਹਾ ਹੈ, ਉਹ ਜੱਗ ਜ਼ਾਹਰ ਹੈ। ਸਰਕਾਰ ਬਿਲਾਂ ਨੂੰ ਕਿਸਾਨਾਂ ਦੇ ਹਿੱਤ ਵਿਚ ਦੱਸ ਕੇ ਗੱਲਬਾਤ ਨੂੰ ਕਿਸੇ ਸਿਰੇ ਲਾਉਣ ਲਈ ਬਿਲਕੁਲ ਵੀ ਸੁਹਿਰਦ ਨਹੀਂ ਲੱਗਦੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਵਿਸ਼ਵ ਜਨਤਕ ਅੰਦੋਲਨ ਦਾ ਰੂਪ ਧਾਰਨ ਕਰ ਚੁੱਕਾ ਹੈ, ਦੋਹਾਂ ਧਿਰਾਂ ਵੱਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ।
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ): ਕਿਸਾਨ ਭਰਾਵਾਂ ਦੀ ਹਮਾਇਤ ਕਰਦਿਆਂ ਅਤੇ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕਰਦਿਆਂ ਤਖ਼ਤ ਕੇਸਗੜ੍ਹ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਨੇ ਅੱਜ ਆਪਣੇ ਸਾਥੀਆਂ ਮਨਜਿੰਦਰ ਸਿੰਘ ਬਰਾੜ, ਹਰੀ ਸਿੰਘ ਅਤੇ ਭਾਈ ਬਲਵਿੰਦਰ ਸਿੰਘ ਅਤੇ ਤੀਰਥ ਸਿੰਘ ਸਮੇਤ ਸਥਾਨਕ ਭਗਤ ਰਵਿਦਾਸ ਚੌਕ ’ਚ ਭੁੱਖ ਹੜਤਾਲ ਕੀਤੀ। ਗੱਲਬਾਤ ਕਰਦਿਆਂ ਗਿਆਨੀ ਸੁਖਵਿੰਦਰ ਸਿੰਘ ਅਤੇ ਸਾਥੀਆਂ ਨੇ ਕਿਹਾ ਕਿ ਕੇਂਦਰ ਦੀ ਹੰਕਾਰੀ ਹੋਈ ਮੋਦੀ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰ ਕੇ ਕਿਸਾਨ ਭਰਾਵਾਂ ਦੇ ਨਾਲ ਨਾਲ ਆਮ ਲੋਕਾਂ ਨੂੰ ਵੀ ਅੰਬਾਨੀਆਂ-ਅਡਾਨੀਆਂ ਕੋਲ ਗਿਰਵੀ ਰੱਖਣ ਦਾ ਕੰਮ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਚਮਕੌਰ ਸਾਹਿਬ (ਸੰਜੀਵ ਬੱਬੀ): ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਚਮਕੌਰ ਸਾਹਿਬ ਦੇ ਸਟਾਫ ਮੈਂਬਰਾਂ ਨੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਇੱਕ ਸਮੇਂ ਦਾ ਖਾਣਾ ਛੱਡ ਕੇ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਅੰਨਦਾਤੇ ਦਾ ਸਨਮਾਨ ਬਰਕਰਾਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਉਕਤ ਕਾਨੂੰਨਾਂ ਨੂੰ ਲਾਗੂ ਕਰ ਕੇ ਦੇਸ਼ ਦੇ ਵੱਡੇ ਸਰਮਾਏਦਾਰਾਂ ਨੂੰ ਖੁਸ਼ ਕੀਤਾ ਗਿਆ ਹੈ ਪਰ ਕਿਸਾਨ ਹੁਣ ਸੂਝਵਾਨ ਹੋ ਚੁੱਕਾ ਹੈ ਅਤੇ ਉਹ ਅਜਿਹਾ ਕਦਾਚਿੱਤ ਵੀ ਨਹੀਂ ਹੋਣ ਦੇਵੇਗਾ।
ਇਸੇ ਦੌਰਾਨ ਸਮਾਜਸੇਵੀ ਅਤੇ ਵਪਾਰ ਮੰਡਲ ਦੇ ਪ੍ਰਧਾਨ ਬਲਦੇਵ ਸਿੰਘ ਹਫਿਜ਼ਾਬਾਦ ਵੱਲੋਂ ਇਲਾਕੇ ਦੇ ਮਰੀਜ਼ਾਂ ਲਈ ਮੁਫ਼ਤ ਪੀਜੀਆਈ ਚੰਡੀਗੜ੍ਹ ਲਈ ਚਲਾਈ ਜਾ ਰਹੀ ਬੱਸ ਦੇ ਕਰੋਨਾ ਕਾਰਨ ਨਾ ਚੱਲਣ ’ਤੇ ਹੁਣ ਕਿਸਾਨਾਂ ਦੇ ਦਿੱਲੀ ਚੱਲ ਰਹੇ ਸੰਘਰਸ਼ ਵਿੱਚ ਹਿੱਸਾ ਪਾਉਣ ਲਈ ਅੱਜ ਉਕਤ ਬੱਸ ਨੂੰ ਪੰਜਵੀਂ ਵਾਰ ਇਲਾਕੇ ਦੇ ਕਿਸਾਨਾਂ ਦਾ ਜਥਾ ਪ੍ਰਬੰਧਕਾਂ ਵੱਲੋਂ ਦਿੱਲੀ ਲਈ ਰਵਾਨਾ ਕੀਤਾ। ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਅਤੇ ਬਲਦੇਵ ਸਿੰਘ ਹਫਿਜ਼ਾਬਾਦ ਨੇ ਦੱਸਿਆ ਕਿ ਇਹ ਬੱਸ ਇਲਾਕੇ ਦੇ ਕਿਸਾਨਾਂ ਨੂੰ ਮੁਫ਼ਤ ਦਿੱਲੀ ਲੈ ਕੇ ਜਾਵੇਗੀ ਅਤੇ ਦੂਜੇ ਦਿਨ ਉੱਥੋਂ ਆਉਣ ਵਾਲੇ ਕਿਸਾਨਾਂ ਨੂੰ ਵਾਪਸ ਲੈ ਕੇ ਇੱਥੇ ਆਵੇਗੀ ਅਤੇ ਇਸੇ ਤਰ੍ਹਾਂ ਜਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਹੈ, ਇਹ ਬੱਸ ਲਗਾਤਾਰ ਕਿਸਾਨਾਂ ਨੂੰ ਲਿਆਉਣ ਅਤੇ ਲਿਜਾਣ ਲਈ ਜਾਰੀ ਰਹੇਗੀ।
ਧਰਨਾ ਲੋਕਤੰਤਰ ਨੂੰ ਬਚਾਉਣ ਲਈ ਵੱਡਾ ਉਪਰਾਲਾ: ਗੁਰਿੰਦਰ ਹਰੀਪੁਰ
ਅਮਲੋਹ (ਡਾ. ਰਾਮ ਸਰਨ ਸੂਦ): ‘ਆਪ’ ਦੇ ਸੀਨੀਅਰ ਆਗੂ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਨੇ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਇਹ ਸੰਘਰਸ਼ ਲੋਕਤੰਤਰ ਨੂੰ ਬਚਾਉਣ ਲਈ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕਾਰਪੋਰੇਟ ਘਰਾਣਿਆਂ ਦੀ ਝੋਲੀ ’ਚ ਪਾਉਣ ਤੋਂ ਰੋਕਣ ਲਈ ਕਿਸਾਨ ਸੰਘਰਸ਼ ਇੰਨਕਲਾਬ ਬਣ ਕੇ ਆਮ ਲੋਕਾਂ ਦੀ ਲੜਾਈ ਬਣ ਗਿਆ ਹੈ, ਜਿਸ ਨਾਲ ਸਰਕਾਰਾਂ ਨੂੰ ਕਾਨੂੰਨ ਲੋਕ ਪੱਖੀ ਬਣਾਉਣ ਲਈ ਮਜਬੂਰ ਹੋਣਾ ਪਵੇਗਾ। ਸ੍ਰੀ ਹਰੀਪੁਰ ਕਾਫ਼ਲੇ ਸਮੇਤ ਦਿੱਲੀ ਕਿਸਾਨ ਸੰਘਰਸ਼ ਵਿਚ ਸ਼ਾਮਲ ਹੋਣ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਹਰ ਵਰਗ ਲਈ ਖ਼ਤਰਨਾਕ ਹੈ ਤੇ ਜੇਕਰ ਇਸ ਨੂੰ ਵਾਪਸ ਨਾ ਲਿਆ ਤਾਂ ਮਹਿੰਗਾਈ ਵਿੱਚ ਭਾਰੀ ਵਾਧਾ ਹੋਵੇਗਾ।
ਮੁਲਾਜ਼ਮਾਂ ਨੇ ਜਾਗੋ ਕੱਢ ਕੇ ਮੋਦੀ ਸਰਕਾਰ ਨੂੰ ਹਲੂਣਿਆ
ਚੰਡੀਗੜ੍ਹ (ਕੁਲਦੀਪ ਸਿੰਘ): ਦਿੱਲੀ ਵਿਚ ਚੱਲ ਰਹੇ ਕਿਸਾਨੀ ਘੋਲ ਦੀ ਹਮਾਇਤ ਵਿੱਚ ਪੀਐੱਸਆਈਈਸੀ ਸਟਾਫ਼ ਐਸੋਸੀਏਸ਼ਨ ਦੀ ਅਗਵਾਈ ਵਿੱਚ ਅੱਜ ਉਦਯੋਗ ਭਵਨ ਦੇ ਮੁਲਾਜ਼ਮਾਂ ਨੇ ਢੋਲ ਦੀ ਥਾਪ ’ਤੇ ਜਾਗੋ ਕੱਢ ਕੇ ਕੇਂਦਰ ਵਿਚਲੀ ਮੋਦੀ ਸਰਕਾਰ ਨੂੰ ਹਲੂਣਿਆ। ਐਸੋਸੀਏਸ਼ਨ ਦੇ ਆਗੂਆਂ ਗੁਰਦੀਪ ਸਿੰਘ, ਬਲਵਿੰਦਰ ਸਿੰਘ, ਤਾਰਾ ਸਿੰਘ, ਬਲਵਿੰਦਰ ਸਿੰਘ, ਐਨ.ਮਾਰਵਾੜੀ, ਹਰਕੇਸ਼ ਰਾਣਾ, ਜੋਗਿੰਦਰ ਰਾਣਾ ਆਦਿ ਦੀ ਅਗਵਾਈ ਵਿੱਚ ਕੱਢੀ ਗਈ ਜਾਗੋ ਉਦਯੋਗ ਭਵਨ ਤੋਂ ਸ਼ੁਰੂ ਹੋ ਕੇ ਸੈਕਟਰ-17 ਦੀ ਮੁੱਖ ਮਾਰਕੀਟ ਵਿੱਚ ਘੁਮਾਈ ਗਈ ਜਿਸ ਦੌਰਾਨ ਕਿਸਾਨੀ ਸੰਘਰਸ਼ ਨੂੰ ਸਮਰਪਿਤ ਬਲਵਿੰਦਰ ਮਾਹਲ ਵੱਲੋਂ ਗੀਤ ਗਾਇਆ ਗਿਆ ਅਤੇ ਮੁਲਾਜ਼ਮਾਂ ਨੇ ‘ਜਾਗੋ ਮੋਦੀ ਸਰਕਾਰ ਜਾਗੋ’, ‘ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ’ ਅਤੇ ‘ਮੁਲਾਜ਼ਮ ਏਕਤਾ ਜ਼ਿੰਦਾਬਾਦ’ ਵਰਗੇ ਨਾਅਰੇ ਵੀ ਲਗਾਏ।
ਲੋਕਾਂ ’ਚ ਵੱਧ ਰਹੀ ਹੈ ਬੇਚੈਨੀ: ਕੁਲਵੰਤ ਢਿੱਲੋਂ
ਫ਼ਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਡਰਾਈਵਰ ਯੂਨੀਅਨ ਦੇ ਕੁਲਹਿੰਦ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਢਿੱਲੋਂ ਨੇ ਦਿੱਲੀ ਸਿੰਘੂ ਬਾਰਡਰ ਵਿਚ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਦੇ ਹੋਏ ਸਮੂਹ ਕਿਸਾਨ ਜਥੇਬੰਦੀਆਂ ਨੂੰ ਹਰ ਕਿਸਮ ਦਾ ਸਹਿਯੋਗ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕੇਂਦਰ ਦੇ ਅੜੀਅਲ ਵਤੀਰੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਨੂੰਨ ਵਾਪਸ ਨਾ ਲੈਣ ਕਾਰਨ ਦੇਸ਼ ਭਰ ਦੇ ਹਰ ਵਰਗ ਦੇ ਲੋਕਾਂ ਵਿਚ ਦਿਨ ਪ੍ਰਤੀ ਦਿਨ ਬੇਚੈਨੀ ਦਾ ਮਾਹੌਲ ਵੱਧਦਾ ਜਾ ਰਿਹਾ ਹੈ। ਸ੍ਰੀ ਢਿੱਲੋਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਾਨੂੰਨ ਵਾਪਸ ਨਾ ਹੋਏ ਤਾਂ ਕੇਂਦਰ ਸਰਕਾਰ ਨੂੰ ਇਸ ਦਾ ਸਖ਼ਤ ਖਮਿਆਜ਼ਾ ਭੁਗਤਣਾ ਪਵੇਗਾ।