ਭਵਾਨੀਗੜ੍ਹ, 17 ਮਈ
ਪੰਜਾਬ ਸਰਕਾਰ ਵੱਲੋਂ ਜੰਮੂ ਕੱਟੜਾ ਐਕਸਪ੍ਰੈਸ ਵੇਅ ਲਈ ਕਿਸਾਨਾਂ ਤੋਂ ਬਹੁਤ ਘੱਟ ਰੇਟ ਤੇ ਜਬਰੀ ਜ਼ਮੀਨਾਂ ਖੋਹਣ ਦੇ ਵਿਰੋਧ ਵਿੱਚ ਰੋਡ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਇੱਥੋਂ ਨੇੜਲੇ ਪਿੰਡ ਰੋਸ਼ਨਵਾਲਾ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਤੇ ਜਾਮ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਪ੍ਰੀਤ ਸਿੰਘ ਡਿੱਕੀ ਜੇਜੀ, ਗੁਰਨੈਬ ਸਿੰਘ ਫੱਗੂਵਾਲਾ, ਦਰਸ਼ਨ ਸਿੰਘ ਕਮਾਲਪੁਰ, ਗਿਆਨ ਸਿੰਘ ਭਵਾਨੀਗੜ੍ਹ, ਅਨੋਖ ਸਿੰਘ ਵਿਰਕ, ਜਸਵਿੰਦਰ ਸਿੰਘ ਜੱਸੀ, ਮਾਸਟਰ ਨਿਰਪਾਲ ਸਿੰਘ, ਸੁਖਦੇਵ ਸਿੰਘ ਅਤੇ ਕਰਮਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨਾਲ ਇਸ ਮਸਲੇ ਤੇ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਮੁਜ਼ਾਹਰੇ ਕੀਤੇ ਗਏ ਪਰ ਸਰਕਾਰ ਜ਼ਮੀਨ ਦੀ ਮਾਰਕੀਟ ਕੀਮਤ ਨਾਲ ਹੋਰ ਫੈਕਟਰ ਜੋੜ ਕੇ ਅਤੇ ਉਜਾੜਾ ਭੱਤਾ ਆਦਿ ਦੇਣ ਲਈ ਤਿਆਰ ਨਹੀਂ ਹੋ ਰਹੀ।