ਕਿਸਾਨ ਯੂਨੀਅਨ ਡਕੌਂਦਾ ਵੱਲੋਂ ਬਿਜਲੀ ਸੋਧ ਬਿੱਲ ਦਾ ਵਿਰੋਧ
ਇੱਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਤਰਕਸ਼ੀਲ ਭਵਨ ਵਿੱਚ ਹੋਈ। ਮੀਟਿੰਗ ਵਿੱਚ ਸੂਬਾ ਕਮੇਟੀ ਤੋਂ ਇਲਾਵਾ 14 ਜ਼ਿਲ੍ਹਿਆਂ ਦੇ ਆਗੂ ਸ਼ਾਮਲ ਸਨ। ਇਸ ਦੌਰਾਨ ਸਰਬਸੰਮਤੀ ਨਾਲ ਫ਼ੈਸਲਿਆਂ ਅਨੁਸਾਰ ਜਥੇਬੰਦੀ ਵੱਲੋਂ ਹੜ੍ਹ ਪੀੜਤਾਂ ਦੀ ਸੇਵਾ ਜਾਰੀ ਰਹੇਗੀ। ਇਸੇ ਕੜੀ ਵਜੋਂ 5 ਨਵੰਬਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਮੱਲਾਂਵਾਲਾ ਇਲਾਕੇ ਵਿੱਚ ਖਾਦ ਅਤੇ ਕਣਕ ਦਾ ਬੀਜ ਵੰਡਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਿਜਲੀ ਸੋਧ ਬਿੱਲ 2025 ਦੇ ਖ਼ਿਲਾਫ਼ ਮੰਗ ਪੱਤਰ ਸੌਂਪੇ ਜਾਣਗੇ। ਮੀਟਿੰਗ ਵਿੱਚ ਮਤਾ ਪਾਸ ਕੀਤਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਬਿਜਲੀ ਸੋਧ ਬਿੱਲ-2025 ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕਰਕੇ ਲਿਆਂਦਾ ਜਾ ਰਿਹਾ ਹੈ ਅਤੇ ਇਹ ਬਿਜਲੀ ਵੰਡ ਦੇ ਖੇਤਰ ਵਿੱਚ ਨਿੱਜੀਕਰਨ ਲਾਗੂ ਕਰਨ ਦੀ ਚਾਲ ਹੈ। 26 ਨਵੰਬਰ ਨੂੰ ਚੰਡੀਗੜ੍ਹ ਵੱਲ ਐੱਸ ਕੇ ਐੱਮ ਦੇ ਮਾਰਚ ’ਚ ਭਰਵੀਂ ਸ਼ਮੂਲੀਅਤ ਯਕੀਨੀ ਬਣਾਏਗੀ ਜਥੇਬੰਦੀ। ਮੀਟਿੰਗ ਨੇ ਮਹਾਰਾਸ਼ਟਰ ਦੇ ਨਾਗਪੁਰ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ। ਆਗੂਆਂ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਉਤਸ਼ਾਹਿਤ ਨਹੀਂ ਕਰੇਗੀ ਪਰ ਮਸ਼ੀਨਰੀ ਜਾਂ ਮੁਆਵਜ਼ੇ ਦੀ ਅਣਹੋਂਦ ਵਿੱਚ ਜੇ ਕੋਈ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਦੇ ਖ਼ਿਲਾਫ਼ ਕੀਤੀ ਜਾ ਰਹੀ ਕਿਸੇ ਵੀ ਸਖ਼ਤੀ ਦਾ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਨੂੰ ਖਾਦ ਦੇ ਨਾਲ ਗੈਰ ਜ਼ਰੂਰੀ ਵਸਤਾਂ ਜਬਰੀ ਮੜ੍ਹਨ ਦਾ ਸਖਤ ਨੋਟਿਸ ਲਿਆ ਗਿਆ। ਇਸ ਤੋਂ ਇਲਾਵਾ ਨੌਵੇਂ ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 18 ਨਵੰਬਰ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿੱਚ ਜਥੇਬੰਦੀ ਵੱਲੋਂ ਸੂਬਾਈ ਸੈਮੀਨਾਰ ਕਰਵਾਇਆ ਜਾਵੇਗਾ। ਮੀਟਿੰਗ ਵਿੱਚ ਸੂਬਾ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ, ਕਰਮਜੀਤ ਸਿੰਘ ਰਾਮ ਨਗਰ ਛੰਨਾਂ, ਸੁਖਦੇਵ ਸਿੰਘ ਘਰਾਚੋ, ਲਖਵੀਰ ਸਿੰਘ ਅਕਲੀਆ, ਪਰਮਿੰਦਰ ਸਿੰਘ ਦੁੱਗਾਂ, ਜੁਗਰਾਜ ਸਿੰਘ ਹਰਦਾਸਪੁਰਾ, ਜਸਕਰਨ ਸਿੰਘ ਮੋਰਾਂਵਾਲੀ, ਹਰਵਿੰਦਰ ਸਿੰਘ ਕੋਟਲੀ, ਗੁਰਨਾਮ ਸਿੰਘ ਮਹਿਰਾਜ, ਪ੍ਰਦੀਪ ਮੁਸਾਹਿਬ, ਸ਼ਮਸ਼ੇਰ ਸਿੰਘ ਸ਼ਹਿਜ਼ਾਦੀ ਤੇ ਸੁਖਚੈਨ ਸਿੰਘ ਨੱਥੂ ਚਾਹਲ ਹਾਜ਼ਰ ਸਨ।
