ਬੀਰਬਲ ਰਿਸ਼ੀ
ਸ਼ੇਰਪੁਰ, 6 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਖੇਤੀ ਕਾਨੂੰਨਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ’ਚ ਪਟੀਸ਼ਨ ਪਾਏ ਜਾਣ ਦਾ ਮਾਮਲਾ ਜਥੇਬੰਦੀ ਵਿੱਚ ਬਗ਼ਾਵਤ ਦਾ ਕਾਰਨ ਬਣ ਗਿਆ ਹੈ। ਇਸ ਮੁੱਦੇ ’ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ, ਜ਼ਿਲ੍ਹਾ ਜਨਰਲ ਸਕੱਤਰ ਸਤਵੰਤ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਨਿਰਮਲ ਸਿੰਘ ਘਨੌਰ, ਕੁਲਦੀਪ ਸਿੰਘ, ਬਹੁਗਿਣਤੀ ਬਲਾਕ ਪ੍ਰਧਾਨਾਂ ਸਣੇ ਢਾਈ ਦਰਜਨ ਦੇ ਕਰੀਬ ਪ੍ਰਮੁੱਖ ਅਹੁਦੇਦਾਰਾਂ ਨੇ ਪਾਰਟੀ ਦੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ੇ ਦੇ ਦਿੱਤੇ ਹਨ।
ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਰਨੈਲ ਸਿੰਘ ਜਹਾਂਗੀਰ ਨੇ ਦੱਸਿਆ ਹੈ ਕਿ ਜਿਥੇ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ਅਤੇ ਰੇਲ ਪਟੜੀਆਂ ਮੱਲੀ ਬੈਠੀਆਂ ਹਨ, ਉਥੇ ਹੀ ਦੂਜੇ ਪਾਸੇ ਬੀਕੇਯੂ ਲੱਖੋਵਾਲ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਤੋਂ ਚੋਰੀ ਸੁਪਰੀਟ ਕੋਰਟ ਜਾ ਕੇ ਕਿਸਾਨ ਸੰਘਰਸ਼ਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ। ਅੱਜ ਸੱਦੀ ਗਈ ਮੀਟਿੰਗ ਵਿੱਚ ਕਿਸਾਨਾਂ ਨੇ ਸਖ਼ਤ ਨੋਟਿਸ ਲੈਂਦਿਆ ਕਿਹਾ ਕਿ ਇਹ ਫ਼ੈਸਲਾ ਲਏ ਜਾਣ ਤੋਂ ਪਹਿਲਾਂ ਸੰਗਰੂਰ ਦੇ ਕਿਸੇ ਵੀ ਜ਼ਿਲ੍ਹਾ ਅਹੁਦੇਦਾਰ ਨਾਲ ਗੱਲ ਤੱਕ ਨਹੀਂ ਕੀਤੀ ਗਈ। ਕਿਸਾਨ ਆਗੂਆਂ ਨੇ ਅਹਿਦ ਲਿਆ ਕਿ ਭਵਿੱਖ ਦੀ ਰਣਨੀਤੀ ਕੋਈ ਵੀ ਹੋਵੇ ਪਰ ਹੁਣ ਲੱਖੋਵਾਲ ਨਾਲ ਚੱਲਣਾ ਅਸੰਭਵ ਹੈ। ਕਿਸਾਨ ਆਗੂ ਜਹਾਂਗੀਰ ਨੇ ਦੱਸਿਆ ਕਿ ਛੇਤੀ ਹੀ ਜ਼ਿਲ੍ਹਾ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ ਦੀ ਅਗਵਾਈ ਹੇਠ ਮੀਟਿੰਗ ਸੱਦੀ ਜਾ ਰਹੀ ਹੈ, ਜਿਸ ਵਿੱਚ ਸਮੂਹ ਮੈਂਬਰਾਂ ਦੇ ਸਲਾਹ ਮਸ਼ਵਰੇ ਮਗਰੋਂ ਅਗਲੀ ਰੂਪ ਰੇਖਾ ਤੈਅ ਕੀਤੀ ਜਾਵੇਗੀ।
ਲੱਖੋਵਾਲ ਜਥੇਬੰਦੀ ਨੇ ਕਾਹਲ ਵਿੱਚ ਦਾਇਰ ਕੀਤੀ ਪਟੀਸ਼ਨ: ਅਕਾਲੀ ਦਲ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਰਿਟ ਪਟੀਸ਼ਨ ਨੂੰ ਗਲਤ ਕਰਾਰ ਦਿੰਦਿਆਂ ਕਿਹਾ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਸਾਰੀਆਂ ਕਿਸਾਨ ਜਥੇਬੰਦੀਆਂ ਵਿਚ ਆਮ ਸਹਿਮਤੀ ਹੋਣ ਤੋਂ ਬਾਅਦ ਹੀ ਦਾਇਰ ਹੋਣੀ ਚਾਹੀਦੀ ਹੈ। ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਦਾਇਰ ਰਿਟ ਪਟੀਸ਼ਨ ਨਾਲ ਕੋਈ ਲੈਣਾ ਦੇਣਾ ਨਹੀਂ। ਉਨ੍ਹਾਂ ਕਿਹਾ ਕਿ ਅਜਮੇਰ ਸਿੰਘ ਲੱਖੋਵਾਲ ਗਰੁੱਪ ਨੇ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਅਕਾਲੀ ਦਲ ਨਾਲ ਕੋਈ ਸਲਾਹ ਮਸ਼ਵਰਾ ਨਹੀਂ ਕੀਤਾ।ਪ੍ਰੋਫੈਸਰ ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪਟੀਸ਼ਨ ਕਾਹਲ ਵਿਚ ਦਾਇਰ ਕੀਤੀ ਗਈ ਹੈ ਤੇ ਇਸ ਕੇਸ ਦੀ ਸੰਵੇਦਨਸ਼ੀਲਤਾ ਧਿਆਨ ਵਿਚ ਰੱਖਦਿਆਂ ਲੱਖੋਵਾਲ ਗਰੁੱਪ ਨੂੰ ਪਹਿਲਾਂ ਸੰਵਿਧਾਨਕ ਮਾਹਿਰਾਂ ਨਾਲ ਸਲਾਹ ਕਰਨੀ ਚਾਹੀਦੀ ਸੀ ਤੇ ਪੰਜਾਬ ਅਤੇ ਹਰਿਆਣਾ ਤੇ ਦੇਸ਼ ਦੇ ਹੋਰਨਾਂ ਹਿੱਸਿਆਂ ਦੀਆਂ ਕਿਸਾਨ ਜਥੇਬੰਦੀਆਂ ਨਾਲ ਵਿਚਾਰਾਂ ਵਾਸਤੇ ਮੀਟਿੰਗਾਂ ਕਰਨੀਆਂ ਚਾਹੀਦੀਆਂ ਸੀ।