ਜਗਜੀਤ ਕੁਮਾਰ
ਖਮਾਣੋਂ, 18 ਜੁਲਾਈ
ਭਾਰਤੀ ਕਿਸਾਨ ਯੁਨੀਅਨ (ਕਾਦੀਆਂ) ਪੰਜਾਬ ਵੱਲੋਂ ਸੂਬਾ ਪੱਧਰੀ ਸੱਦੇ ’ਤੇ ਦਾਣਾ ਮੰਡੀ ਖਮਾਣੋਂ ਵਿਚ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਦੀ ਅਗਵਾਈ ਹੇਠ ਕਾਲੇ ਚੋਲੇ ਪਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਮਰਾਲਾ ਨੇ ਦੱਸਿਆ ਕਿ ਕਾਲੇ ਚੋਲ੍ਹੇ ਪਾ ਕੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਅਤੇ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਕਿਸਾਨ ਯੂਨੀਅਨ ਦੇ ਆਗੂਆਂ ਨੇ ਰੋਸ ਪ੍ਰਦਰਸ਼ਨ ਕੀਤਾ। ਅਮਰਾਲਾ ਨੇ ਮੋਦੀ ਸਰਕਾਰ ਦੀਆਂ ਇਨ੍ਹਾਂ ਲੋਕ ਮਾਰੂ ਕਾਲੇ ਕਨੂੰਨਾਂ ਦੀਆਂ ਨੀਤੀਆਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਅਤੇ ਹਰਿਆਣਾ ਦੀ ਕਿਸਾਨੀ ਜਿਸ ਨੇ ਦੇਸ਼ ਦਾ ਢਿੱਡ ਭਰਿਆ ਨੂੰ ਲੋਕ ਮਾਰੂ ਨੀਤੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਕੌਮਾਂਤਰੀ ਕੀਮਤਾਂ ਅਨੁਸਾਰ ਘਟਾਈਆਂ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਇਸ ਮੌਕੇ ਸੰਦੀਪ ਸਿੰਘ, ਪਰਮਜੀਤ ਸਿੰਘ, ਜਗਤਾਰ ਸਿੰਘ ਬਲਾਕ ਪ੍ਰਧਾਨ ਖਮਾਣੋਂ ਤੇ ਬਲਵਿੰਦਰ ਸਿੰਘ ਬਡਲਾ ਹਾਜ਼ਰ ਸਨ।