
ਜਸਵੰਤ ਜੱਸ
ਫਰੀਦਕੋਟ, 21 ਮਾਰਚ
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ 30 ਮਈ ਤੱਕ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਇਲਾਕਾ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਸੁਖਬੀਰ ਬਾਦਲ ਅਦਾਲਤ ਵਿੱਚ ਪੇਸ਼ ਹੁੰਦੇ ਹਨ ਤਾਂ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਜਾਵੇ। 18 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ। ਸੁਖਬੀਰ ਬਾਦਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਉਸ ਖਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਹੋ ਚੁੱਕਿਆ ਹੈ ਅਤੇ ਉਸ ਨੂੰ ਅਦਾਲਤ ਦੇ ਸੰਮਨ ਵੀ ਮਿਲ ਚੁੱਕੇ ਹਨ। ਸੁਖਬੀਰ ਬਾਦਲ ਨੇ ਅਦਾਲਤ ਵਿੱਚ ਕਿਹਾ ਕਿ ਉਹ ਅਦਾਲਤ ਵਿੱਚ ਪੇਸ਼ ਹੋਣ ਲਈ ਤਿਆਰ ਹੈ।
ਸੁਮੇਧ ਸੈਣੀ, ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਜ਼ਮਾਨਤ ਅਰਜ਼ੀ ਰੱਦ
ਕੋਟਕਪੂਰਾ ਗੋਲੀ ਕਾਂਡ ਵਿੱਚ ਮੁੱਖ ਸਾਜ਼ਿਸ਼ਘਾੜੇ ਵਜੋਂ ਮੁਲਜ਼ਮ ਨਾਮਜ਼ਦ ਹੋਏ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ ਤੇ ਚਰਨਜੀਤ ਸ਼ਰਮਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਹੋ ਗਈ ਹੈ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਇਸ ਮਾਮਲੇ ਵਿੱਚ ਲੰਬੀ ਬਹਿਸ ਸੁਣਨ ਤੋਂ ਬਾਅਦ ਇਹ ਫੈਸਲਾ ਸੁਣਾਇਆ। ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਨੇ ਜਾਂਚ ਟੀਮ ਨਾਲ ਬਿਲਕੁਲ ਵੀ ਸਹਿਯੋਗ ਨਹੀਂ ਕੀਤਾ। ਜਾਂਚ ਅਧਿਕਾਰੀਆਂ ਨੇ ਅਦਾਲਤ ਵਿੱਚ ਕਿਹਾ ਕਿ ਸੁਮੇਧ ਸੈਣੀ ਨੂੰ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਸੱਤ ਵਾਰ ਲਿਖਿਆ ਗਿਆ ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਜਾਂਚ ਟੀਮ ਨੂੰ ਕੋਈ ਸਹਿਯੋਗ ਨਹੀਂ ਦਿੱਤਾ ਅਤੇ ਨਾ ਹੀ ਸਵਾਲਾਂ ਦੇ ਜਵਾਬ ਦਿੱਤੇ। ਇਸ ਲਈ ਸੈਣੀ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨੀ ਜ਼ਰੂਰੀ ਹੈ। ਜਾਂਚ ਟੀਮ ਨੇ ਇਹ ਵੀ ਕਿਹਾ ਕਿ ਪਰਮਰਾਜ ਸਿੰਘ ਉਮਰਾਨੰਗਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਸਭ ਤੋਂ ਵੱਡੀ ਭੂਮਿਕਾ ਨਿਭਾਈ ਹੈ ਅਤੇ ਜਾਂਚ ਟੀਮ ਵੱਲੋਂ ਇਕੱਤਰ ਕੀਤੇ ਗਏ ਰਿਕਾਰਡ ਤੋਂ ਸਪੱਸ਼ਟ ਹੁੰਦਾ ਹੈ ਕਿ ਉਮਰਾਨੰਗਲ ਨੂੰ ਕੋਟਕਪੂਰਾ ਧਰਨੇ ਵਾਲੀ ਥਾਂ ’ਤੇ ਕਿਸੇ ਨੇ ਵੀ ਤਾਇਨਾਤ ਨਹੀਂ ਕੀਤਾ ਸੀ ਅਤੇ ਉਹ ਸੁਮੇਧ ਸੈਣੀ ਦੇ ਕਹਿਣ ’ਤੇ ਕੋਟਕਪੂਰਾ ਪੁੱਜੇ ਅਤੇ ਪੁਲੀਸ ਬਲ ਦਾ ਗੈਰਕਾਨੂੰਨੀ ਤਰੀਕੇ ਨਾਲ ਦੁਰਉਪਯੋਗ ਕੀਤਾ। ਅਦਾਲਤ ਨੇ ਪੁਲੀਸ ਅਧਿਕਾਰੀਆਂ ਖਿਲਾਫ਼ ਲੱਗੇ ਇਲਜ਼ਾਮਾਂ ਨੂੰ ਗੰਭੀਰ ਮੰਨਦਿਆਂ ਤਿੰਨੋਂ ਪੁਲੀਸ ਅਧਿਕਾਰੀਆਂ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ ਦਿੱਤੀਆਂ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ