ਫ਼ਰੀਦਕੋਟ (ਜਸਵੰਤ ਜੱਸ): ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਾਉਂਦਿਆਂ ਉਨ੍ਹਾਂ ਨੂੰ ਹੇਠਲੀ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸੇ ਸਾਲ 18 ਜਨਵਰੀ ਨੂੰ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਅਤੇ ਉਸ ਖ਼ਿਲਾਫ਼ ਇਲਾਕਾ ਮੈਜਿਸਟ੍ਰੇਟ ਏਕਤਾ ਉੱਪਲ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਫ਼ਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ਵਿੱਚ ਉਨ੍ਹਾਂ ਨੇ ਪਹਿਲਾਂ ਸੈਸ਼ਨ ਜੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਮੰਗੀ ਸੀ, ਜੋ ਦੋ ਦਿਨ ਪਹਿਲਾਂ ਰੱਦ ਹੋ ਗਈ ਸੀ। ਮਗਰੋਂ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲੈਣ ਲਈ ਹਾਈ ਕੋਰਟ ਤਕ ਪਹੁੰਚ ਕੀਤੀ। ਅੱਜ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ। ਸੁਮੇਧ ਸੈਣੀ 8 ਮਾਰਚ ਨੂੰ ਫ਼ਰੀਦਕੋਟ ਦੀ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣਗੇ।