ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਟਕਪੂਰਾ ਗੋਲੀ ਕਾਂਡ ਵਿੱਚ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਜਗ੍ਹਾ ਨਵੀਂ ਵਿਸ਼ੇਸ਼ ਜਾਂਚ ਕਮੇਟੀ ਬਣਾ ਕੇ ਮਾਮਲਾ ਲਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 2015 ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਬਰਗਾੜੀ ਵਿੱਚ ਸਾਜ਼ਿਸ਼ ਤਹਿਤ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ। ਇਸ ਖ਼ਿਲਾਫ਼ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ’ਤੇ ਪੁਲੀਸ ਨੇ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋ ਸਿੱਖ ਨੌਜਵਾਨ ਮਾਰੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ’ਚ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਮੁੱਖ ਮੰਤਰੀ ਬਣਨ ’ਤੇ ਬੇਅਦਬੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਵਾਅਦਾ ਕੀਤਾ ਪਰ ਲਗਪਗ ਸਾਢੇ ਚਾਰ ਸਾਲ ਬੀਤਣ ’ਤੇ ਵੀ ਇਹ ਵਾਅਦਾ ਵਫ਼ਾ ਨਹੀਂ ਹੋ ਸਕਿਆ।