ਜਸਵੰਤ ਜੱਸ
ਫ਼ਰੀਦਕੋਟ 16 ਫ਼ਰਵਰੀ
ਕੋਟਕਪੂਰਾ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ’ਤੇ ਅੱਜ ਇੱਥੇ ਕੋਈ ਸੁਣਵਾਈ ਨਹੀਂ ਹੋ ਸਕੀ। ਸੈਣੀ ਦੇ ਵਕੀਲ ਨੇ ਜ਼ਮਾਨਤ ਦੀ ਅਰਜ਼ੀ ’ਤੇ ਬਹਿਸ ਕਰਨ ਲਈ ਅਦਾਲਤ ਕੋਲੋਂ ਕੁਝ ਸਮੇਂ ਦੀ ਮੰਗ ਕੀਤੀ ਸੀ, ਜਿਸ ’ਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਨੇ ਇਸ ਜ਼ਮਾਨਤ ਅਰਜ਼ੀ ਦੀ ਅਗਲੀ ਸੁਣਵਾਈ 23 ਫਰਵਰੀ ਨੂੰ ਕਰਨ ਦਾ ਹੁਕਮ ਦਿੱਤਾ। ਇਸੇ ਦੌਰਾਨ ਵਿਸ਼ੇਸ਼ ਜਾਂਚ ਟੀਮ ਨੇ ਸੁਮੇਧ ਸੈਣੀ ਖ਼ਿਲਾਫ਼ ਗ੍ਰਹਿ ਵਿਭਾਗ ਪਾਸੋਂ ਉਸ ਖ਼ਿਲਾਫ਼ ਕੇਸ ਚਲਾਉਣ ਲਈ ਦਿੱਤੀ ਮਨਜ਼ੂਰੀ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤਾ। ਇਸ ਮਨਜ਼ੂਰੀ ਪੱਤਰ ਵਿੱਚ ਗ੍ਰਹਿ ਵਿਭਾਗ ਨੇ ਕਿਹਾ ਹੈ ਕਿ ਸੁਮੇਧ ਸੈਣੀ ਖ਼ਿਲਾਫ਼ ਬਹਬਿਲ ਅਤੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਦਰਜ ਹੋਏ ਕੇੇਸ ਚਲਾਉਣ ਲਈ ਲੋੜੀਂਦੀ ਗਵਾਹੀ ਮੌਜੂਦ ਹੈ। ਇਸ ਲਈ ਉਸ ਖ਼ਿਲਾਫ਼ ਕੇਸ ਚਲਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ। ਇਹ ਸੱਦਾ ਪੱਤਰ ਅੱਜ ਜਾਂਚ ਟੀਮ ਨੇ ਅਦਾਲਤ ਨੂੰ ਸੌਂਪ ਦਿੱਤਾ। ਇਸੇ ਦਰਮਿਆਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਬਹਬਿਲ ਗੋਲੀ ਕਾਂਡ ਵਿੱਚ ਅਦਾਲਤ ਤੋਂ ਅਗਾਊਂ ਜ਼ਮਾਨਤ ਅਰਜ਼ੀ ਮੁੜ ਰੱਦ ਹੋਣ ਮਗਰੋਂ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲੈਣ ਲਈ ਪਟੀਸ਼ਨ ਦਾਇਰ ਕਰ ਦਿੱਤੀ ਹੈ, ਜਿਸ ’ਤੇ 18 ਫਰਵਰੀ ਨੂੰ ਕੋਈ ਕਾਰਵਾਈ ਹੋਣ ਦੀ ਸੰਭਾਵਨਾ ਹੈ।