ਜਸਵੰਤ ਜੱਸ
ਫ਼ਰੀਦਕੋਟ, 22 ਜੂਨ
ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਲਈ ਦਿੱਤੀ ਅਰਜ਼ੀ ਦੀ ਸੁਣਵਾਈ ਜੁਡੀਸ਼ੀਅਲ ਮੈਜਿਸਟਰੇਟ ਅਜੈ ਪਾਲ ਸਿੰਘ ਨੇ ਛੇ ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ। ਤਿੰਨੇ ਪੁਲੀਸ ਅਧਿਕਾਰੀਆਂ ਦੇ ਵਕੀਲਾਂ ਨੇ ਅੱਜ ਅਦਾਲਤ ਵਿੱਚ ਪੇਸ਼ ਹੋ ਕੇ ਕਿਹਾ ਕਿ ਉਹ ਇਸ ਅਰਜ਼ੀ ’ਤੇ ਆਪਣਾ ਪੱਖ ਲਿਖਤੀ ਤੌਰ ’ਤੇ ਰੱਖਣਾ ਚਾਹੁੰਦੇ ਹਨ, ਜਿਸ ਲਈ ਉਨ੍ਹਾਂ ਨੂੰ ਕੁਝ ਸਮਾਂ ਦਿੱਤਾ ਜਾਵੇ। ਅਦਾਲਤ ਨੇ ਤਿੰਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਉਹ ਛੇ ਜੁਲਾਈ ਤੱਕ ਆਪਣਾ ਜਵਾਬ ਅਦਾਲਤ ਵਿੱਚ ਪੇਸ਼ ਕਰਨ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਤਿੰਨਾਂ ਅਧਿਕਾਰੀਆਂ ਨੇ ਸਵਾਲਾਂ ਦੇ ਸਹੀ ਜਵਾਬ ਨਹੀਂ ਦਿੱਤੇ ਅਤੇ ਸਚਾਈ ਲੁਕਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਕਰਕੇ ਇਨ੍ਹਾਂ ਦਾ ਨਾਰਕੋ ਟੈਸਟ ਲਾਜ਼ਮੀ ਹੈ।
ਸ਼ਹੀਦ ਦੇ ਪੁੱਤਰ ਵੱਲੋਂ ਕੁੰਵਰ ਵਿਜੈ ਪ੍ਰਤਾਪ ਦਾ ‘ਆਪ’ ਵਿੱਚ ਜਾਣਾ ਮੰਦਭਾਗਾ ਕਰਾਰ
ਬਹਬਿਲ ਗੋਲੀ ਕਾਂਡ ਵਿੱਚ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਨੇ ਵੀ ਸਿਆਸੀ ਆਗੂਆਂ ਵਾਂਗ ਬਹਬਿਲ ਗੋਲੀ ਕਾਂਡ ਦੀ ਪੜਤਾਲ ਦੇ ਨਾਂ ’ਤੇ ਪੀੜਤਾਂ ਨਾਲ ਮਜ਼ਾਕ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਾਬਕਾ ਆਈਜੀ ਦੇ ‘ਆਪ’ ਵਿੱਚ ਜਾਣ ਨਾਲ ਬੇਹੱਦ ਦੁਖੀ ਹਨ। ਸੁਖਰਾਜ ਸਿੰਘ ਨੇ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਕੁੰਵਰ ਵਿਜੈ ਪ੍ਰਤਾਪ ਦੇ ‘ਆਪ’ ਵਿੱਚ ਸ਼ਾਮਲ ਹੋਣ ਬਾਰੇ ਕਿਹਾ ਰਿਹਾ ਸੀ ਅਤੇ ਇਸ ਅਧਿਕਾਰੀ ਨੇ ਅਕਾਲੀ ਦਲ ਦੇ ਦਾਅਵਿਆਂ ਨੂੰ ਸੱਚ ਸਾਬਤ ਕਰ ਦਿੱਤਾ ਹੈ।