ਜਸਵੰਤ ਜੱਸ
ਫ਼ਰੀਦਕੋਟ, 6 ਜੁਲਾਈ
ਕੋਟਕਪੂਰਾ ਗੋਲੀ ਕਾਂਡ ਸਬੰਧੀ ਅੱਜ ਇੱਥੇ ਸੁਣਵਾਈ ਕਰਦਿਆਂ ਜੁਡੀਸ਼ਲ ਮੈਜਿਸਟ੍ਰੇਟ ਅਜੈ ਪਾਲ ਸਿੰਘ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੂੰ ਆਦੇਸ਼ ਦਿੱਤਾ ਕਿ ਉਹ 9 ਜੁਲਾਈ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਹੋਣ। ਜਾਂਚ ਟੀਮ ਨੇ ਇਨ੍ਹਾਂ ਤਿੰਨਾਂ ਪੁਲੀਸ ਅਧਿਕਾਰੀਆਂ ਦੇ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਹੋਈ ਹੈ।
ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਨੇ ਨਾਰਕੋ ਟੈਸਟ ਕਰਵਾਉਣ ਦਾ ਵਿਰੋਧ ਕੀਤਾ ਹੈ ਅਤੇ ਕਿਹਾ ਹੈ ਕਿ ਉਸ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਨਾਰਕੋ ਟੈਸਟ ਨਹੀਂ ਹੋ ਸਕਦਾ। ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ ਨੇ ਵੀ ਨਾਰਕੋ ਟੈਸਟ ਦਾ ਵਿਰੋਧ ਕੀਤਾ ਹੈ। ਹਾਲਾਂਕਿ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਅਦਾਲਤ ਵਿੱਚ ਲਿਖਤੀ ਤੌਰ ’ਤੇ ਕਿਹਾ ਹੈ ਕਿ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਉਹ ਨਾਰਕੋ ਟੈਸਟ ਕਰਵਾਉਣ ਲਈ ਤਿਆਰ ਹੈ। ਅਦਾਲਤ ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 9 ਜੁਲਾਈ ਨੂੰ ਕਰੇਗੀ। ਜਾਂਚ ਟੀਮ ਨੇ ਆਪਣੀ ਅਰਜ਼ੀ ਵਿੱਚ ਕਿਹਾ ਹੈ ਕਿ ਇਹ ਤਿੰਨੇ ਅਧਿਕਾਰੀ ਜਾਂਚ ਟੀਮ ਨੂੰ ਸਹਿਯੋਗ ਨਹੀਂ ਕਰ ਰਹੇ ਅਤੇ ਸਵਾਲਾਂ ਦੇ ਸਹੀ ਜਵਾਬ ਦੇਣ ਤੋਂ ਟਾਲਾ ਵੱਟ ਰਹੇ ਹਨ, ਇਸ ਲਈ ਇਨ੍ਹਾਂ ਦਾ ਨਾਰਕੋ ਟੈਸਟ ਹੋਣਾ ਜ਼ਰੂਰੀ ਹੈ। ਜਾਂਚ ਟੀਮ ਕੋਟਕਪੂਰਾ ਗੋਲੀ ਕਾਂਡ ਵਿੱਚ ਇਨ੍ਹਾਂ ਪੁਲੀਸ ਅਧਿਕਾਰੀਆਂ ਤੋਂ ਹੁਣ ਤੱਕ ਤਿੰਨ ਵਾਰ ਪੁੱਛ-ਗਿੱਛ ਕਰ ਚੁੱਕੀ ਹੈ ਪਰ ਉਹ ਇਨ੍ਹਾਂ ਅਧਿਕਾਰੀਆਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ।