ਜਸਵੰਤ ਜੱਸ
ਫ਼ਰੀਦਕੋਟ, 26 ਮਾਰਚ
ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅਦਾਲਤ ਦੇ ਹੁਕਮਾਂ ’ਤੇ ਸਾਬਕਾ ਡੀਜੀਪੀ ਦੇ ਸੰਮਨ ਲੈ ਕੇ ਗਏ ਸਰਕਾਰੀ ਕਰਮਚਾਰੀ ਨੇ ਲਿਖਤੀ ਤੌਰ ’ਤੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਦੇ ਸੁਰੱਖਿਆ ਅਫ਼ਸਰਾਂ ਨੇ ਉਸ ਨੂੰ ਸੰਮਨ ਲੈ ਕੇ ਰਿਹਾਇਸ਼ ਦੇ ਅੰਦਰ ਨਹੀਂ ਜਾਣ ਦਿੱਤਾ ਅਤੇ ਨਾ ਹੀ ਸੁਮੇਧ ਸੈਣੀ ਨਾਲ ਮਿਲਣ ਦਿੱਤਾ।
ਵਿਸ਼ੇਸ਼ ਜਾਂਚ ਟੀਮ ਵੱਲੋਂ ਅਦਾਲਤ ਵਿੱਚ ਪੇਸ਼ ਹੋ ਕੇ ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਮੰਗ ਕੀਤੀ ਕਿ ਸੁਮੇਧ ਸੈਣੀ ਨੂੰ ਅਦਾਲਤ ਦੇ ਸੰਮਨ ਤਾਮੀਲ ਕਰਵਾਉਣ ਲਈ ਕਿਸੇ ਉੱਚ ਅਧਿਕਾਰੀ ਨੂੰ ਨਿਯੁਕਤ ਕੀਤਾ ਜਾਵੇ। ਅਦਾਲਤ ਨੇ ਜਾਂਚ ਟੀਮ ਦੀ ਇਸ ਗੱਲ ਨੂੰ ਸਵੀਕਾਰ ਕਰ ਲਿਆ ਅਤੇ 16 ਅਪਰੈਲ ਲਈ ਸੁਮੇਧ ਸੈਣੀ ਦੇ ਦੁਬਾਰਾ ਸੰਮਨ ਜਾਰੀ ਕੀਤੇ ਹਨ। ਹਾਲਾਂਕਿ ਸੁਮੇਧ ਸੈਣੀ ਨੇ ਅਦਾਲਤ ਨੂੰ ਭੇਜੀ ਦਰਖਾਸਤ ਵਿੱਚ ਕਿਹਾ ਕਿ ਉਹ ਬਿਮਾਰ ਹੋਣ ਕਾਰਨ ਨਿੱਜੀ ਤੌਰ ’ਤੇ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦਾ ਅਤੇ ਉਸ ਨੂੰ ਪੰਜ ਦਿਨ ਦੇ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਜੁਡੀਸ਼ਲ ਮੈਜਿਸਟਰੇਟ ਏਕਤਾ ਉੱਪਲ ਨੇ ਕਿਹਾ ਕਿ ਜਦੋਂ ਸੁਮੇਧ ਸੈਣੀ ਅਜੇ ਤੱਕ ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਸਾਹਮਣੇ ਖੁਦ ਪੇਸ਼ ਹੀ ਨਹੀਂ ਹੋਇਆ ਤਾਂ ਉਸ ਨੂੰ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਦਰਖਾਸਤ ਦੇਣ ਦਾ ਕੋਈ ਅਧਿਕਾਰ ਨਹੀਂ ਹੈ।
ਦੋ ਪੁਲੀਸ ਅਧਿਕਾਰੀਆਂ ਖਿਲਾਫ਼ ਸੁਣਵਾਈ 30 ਅਪਰੈਲ ਤੱਕ ਟਲ਼ੀ
ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਉੱਪਰ ਕਥਿਤ ਝੂਠਾ ਪਰਚਾ ਦਰਜ ਕਰਨ ਦੇ ਦੋਸ਼ਾਂ ਵਿੱਚ ਘਿਰੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਤਤਕਾਲੀ ਡੀਐੱਸਪੀ ਬਲਜੀਤ ਸਿੰਘ ਸਿੱਧੂ ਖਿਲਾਫ਼ ਇੱਥੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਦੀ ਸੁਣਵਾਈ 30 ਅਪਰੈਲ ਤੱਕ ਟਲ਼ ਗਈ ਹੈ। ਦੋਹਾਂ ਪੁਲੀਸ ਅਧਿਕਾਰੀਆਂ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਪੰਜਾਬ ਸਰਕਾਰ ਨੇ ਲੋੜੀਂਦੀ ਮਨਜ਼ੂਰੀ ਨਹੀਂ ਦਿੱਤੀ। ਜ਼ਿਲ੍ਹਾ ਅਟਾਰਨੀ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਦੋਹਾਂ ਪੁਲੀਸ ਅਧਿਕਾਰੀਆਂ ਖ਼ਿਲਾਫ਼ ਗ੍ਰਹਿ ਵਿਭਾਗ ਪੰਜਾਬ ਨੇ ਲਿਖਤੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਹ ਮਨਜ਼ੂਰੀ ਪਹਿਲਾਂ ਹੀ ਅਦਾਲਤ ਦੇ ਰਿਕਾਰਡ ਵਿੱਚ ਸ਼ਾਮਲ ਹੈ। ਇਸ ਮਾਮਲੇ ਵਿੱਚ ਅਦਾਲਤ ਹੁਣ 30 ਅਪਰੈਲ ਨੂੰ ਅਗਲੀ ਸੁਣਵਾਈ ਕਰੇਗੀ।