ਜਸਵੰਤ ਜੱਸ
ਫ਼ਰੀਦਕੋਟ, 2 ਮਾਰਚ
ਸਥਾਨਕ ਸੈਸ਼ਨ ਜੱਜ ਸੁਮੀਤ ਮਲਹੋਤਰਾ ਨੇ ਅੱਜ ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ (ਐੱਨਆਈਏ) ਨੇ 18 ਜਨਵਰੀ ਨੂੰ ਸਾਬਕਾ ਡੀਜੀਪੀ ਖਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ, ਜਿਸ ਮਗਰੋਂ ਇਲਾਕਾ ਮੈਜਿਸਟਰੇਟ ਏਕਤਾ ਉੱਪਲ ਨੇ ਸੰਮਨ ਜਾਰੀ ਕਰਕੇ ਸੁਮੇਧ ਸੈਣੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਪਿਛਲੀਆਂ ਦੋ ਤਰੀਕਾਂ ’ਤੇ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਸਾਬਕਾ ਡੀਜੀਪੀ ਨੇ ਸੈਸ਼ਨ ਕੋਰਟ ਵਿੱਚ ਪੇਸ਼ਗੀ ਜ਼ਮਾਨਤ ਅਰਜ਼ੀ ਦਾਇਰ ਕਰਕੇ ਅਦਾਲਤ ਵਿੱਚ ਹਾਜ਼ਰ ਹੋਣ ਦੀ ਇੱਛਾ ਜ਼ਾਹਿਰ ਕੀਤੀ ਸੀ। ਐੱਨਆਈਏ ਵੱਲੋਂ ਪੇਸ਼ ਜ਼ਿਲ੍ਹਾ ਅਟਾਰਨੀ ਰਜਨੀਸ਼ ਕੁਮਾਰ ਗੋਇਲ ਨੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਦਾ ਪੁਰਾਣਾ ਰਿਕਾਰਡ ਦੱਸਦਾ ਹੈ ਕਿ ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਅਜਿਹੇ ਹਾਲਾਤ ਵਿੱਚ ਸੁਮੇਧ ਸੈਣੀ ਨੂੰ ਪੇਸ਼ਗੀ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਦੂਜੇ ਪਾਸੇ ਸੁਮੇਧ ਸੈਣੀ ਦੇ ਵਕੀਲ ਗੁਰਜੀਤ ਸਿੰਘ ਖੜਿਆਲ ਨੇ ਅਦਾਲਤ ਨੂੰ ਦੱਸਿਆ ਕਿ ਸੈਣੀ ਖਿਲਾਫ਼ ਸਿਰਫ ਇੰਨਾ ਦੋਸ਼ ਹੈ ਕਿ ਘਟਨਾ ਸਮੇਂ ਉਸ ਨੇ ਆਪਣੇ ਇੱਕ ਸੀਨੀਅਰ ਅਧਿਕਾਰੀ ਦੇ 22 ਵਾਰ ਮੋਬਾਈਲ ਫੋਨ ਸੁਣੇ। ਉਨ੍ਹਾਂ ਕਿਹਾ ਕਿ ਸਿਰਫ਼ ਮੋਬਾਈਲ ਫੋਨ ਸੁਣਨ ਨਾਲ ਕਿਸੇ ਅਧਿਕਾਰੀ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।