ਜਸਵੰਤ ਜੱਸ
ਫ਼ਰੀਦਕੋਟ, 23 ਅਗਸਤ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰਨ ਵਾਲੇ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਡਬਲ ਬੈਂਚ ਕੋਲ ਅਪੀਲ ਦਾਇਰ ਕਰ ਕੇ ਅਦਾਲਤ ਦੇ 9 ਅਪਰੈਲ, 2021 ਨੂੰ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰੱਦ ਕਰਨ ਵਾਲੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ। ਦੱਸਣਯੋਗ ਹੈ ਕਿ 9 ਅਪਰੈਲ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਨੂੰ ਪੱਖਪਾਤੀ ਅਤੇ ਬਦਲਾ ਲਊ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ ਸੀ ਅਤੇ ਆਪਣੇ ਫ਼ੈਸਲੇ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਗੰਭੀਰ ਟਿੱਪਣੀਆਂ ਕੀਤੀਆਂ ਸਨ। ਸਾਬਕਾ ਆਈਜੀ ਨੇ ਆਪਣੇ ਵਕੀਲ ਏ ਪੀ ਐੱਸ ਸ਼ੇਰਗਿੱਲ ਰਾਹੀਂ ਅਪੀਲ ਦਾਇਰ ਕਰ ਕੇ ਦਾਅਵਾ ਕੀਤਾ ਹੈ ਕਿ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਰਿਪੋਰਟ ਰੱਦ ਕਰਨ ਦਾ ਫ਼ੈਸਲਾ ਗ਼ੈਰ-ਸੰਵਿਧਾਨਕ ਹੈ ਅਤੇ ਹਾਈ ਕੋਰਟ ਦੀਆਂ ਟਿੱਪਣੀਆਂ ਵੀ ਗ਼ੈਰ-ਵਾਜਬ ਹਨ। ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਅਪੀਲ ਵਿੱਚ ਦਾਅਵਾ ਕੀਤਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਦੀ ਰਿਪੋਰਟ ਪੂਰੀ ਤਰ੍ਹਾਂ ਨਿਰਪੱਖ ਸੀ ਅਤੇ ਮੁਲਜ਼ਮਾਂ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਚਲਾਨ ਪੇਸ਼ ਕੀਤੇ ਗਏ ਸਨ ਪਰ ਹਾਈ ਕੋਰਟ ਨੇ ਸੁਣਵਾਈ ਦੌਰਾਨ ਜਾਂਚ ਟੀਮ ਦੇ ਪੱਖ ਨੂੰ ਕੋਈ ਤਵੱਜੋ ਨਹੀਂ ਦਿੱਤੀ। ਸਾਬਕਾ ਜਾਂਚ ਅਧਿਕਾਰੀ ਨੇ ਅਪੀਲ ਵਿੱਚ ਕਿਹਾ ਕਿ ਹਾਈ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਉਨ੍ਹਾਂ ਦੀ ਪੜਤਾਲ ਪ੍ਰਕਿਰਿਆ ’ਤੇ ਜੋ ਟਿੱਪਣੀਆਂ ਕੀਤੀਆਂ, ਉਨ੍ਹਾਂ ਦਾ ਫਾਈਲ ਵਿੱਚ ਕੋਈ ਆਧਾਰ ਨਹੀਂ ਹੈ ਅਤੇ ਜਾਂਚ ਟੀਮ ਨੇ ਜੋ ਵੀ ਦਾਅਵੇ ਕੀਤੇ ਹਨ, ਉਹ ਪੜਤਾਲ ਰਿਪੋਰਟ ਦੇ ਆਧਾਰ ’ਤੇ ਸਨ। ਹਾਈ ਕੋਰਟ ਦੇ ਜੱਜ ਜਸਟਿਸ ਅਗਸਟਾਈਨ ਜੌਰਜ ਮਸੀਹ ਅਤੇ ਅਸ਼ੋਕ ਕੁਮਾਰ ਵਰਮਾ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਅਪੀਲ ਨੂੰ ਸੁਣਵਾਈ ਲਈ ਸਵੀਕਾਰ ਕਰਦਿਆਂ ਇਸ ਮਾਮਲੇ ਵਿੱਚ ਵਿਰੋਧੀ ਧਿਰ ਨੂੰ 7 ਦਸੰਬਰ ਲਈ ਨੋਟਿਸ ਜਾਰੀ ਕੀਤਾ ਹੈ। ਅੱਜ ਸੁਣਵਾਈ ਦੌਰਾਨ ਵਕੀਲ ਗੌਰਵ ਗਰਗ ਧੂਰੀਵਾਲ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ। ਕੋਟਕਪੂਰਾ ਗੋਲੀ ਕਾਂਡ ਵਿੱਚ ਜਾਂਚ ਟੀਮ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਜ਼ਿਲ੍ਹਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਅਕਾਲੀ ਆਗੂ ਮਨਤਾਰ ਸਿੰਘ ਬਰਾੜ ਸਮੇਤ ਇੱਕ ਦਰਜਨ ਉੱਚ ਅਧਿਕਾਰੀਆਂ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਸੀ ਪਰ ਹਾਈ ਕੋਰਟ ਨੇ ਇਸ ਪੜਤਾਲ ਰਿਪੋਰਟ ਨੂੰ ਰੱਦ ਕਰ ਕੇ ਪੜਤਾਲ ਲਈ ਨਵੀਂ ਟੀਮ ਬਣਾਉਣ ਦੇ ਨਿਰਦੇਸ਼ ਦਿੱਤੇ ਸਨ।