ਮਹਿੰਦਰ ਸਿੰਘ ਰੱਤੀਆਂ
ਮੋਗਾ, 13 ਫਰਵਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਦੌਰਾਨ ਵਾਪਰੀ ਹਿੰਸਾ ’ਚ ਮਾਰੇ ਗਏ ਹਰਮਿੰਦਰ ਸਿੰਘ ਗਿੱਲ ਉਰਫ਼ ਬੱਬੂ ਅਤੇ ਜਗਦੀਪ ਸਿੰਘ ਉਰਫ਼ ਭੋਲਾ ਸਰਪੰਚ ਦੇ ਘਰ ਜਾ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸੂਬੇ ’ਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਫੇਲ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਗੁੰਡਿਆਂ ਵੱਲੋਂ ਦੋ ਵਿਅਕਤੀਆਂ ’ਤੇ ਗੱਡੀ ਚੜ੍ਹਾ ਕੇ ਉਨ੍ਹਾਂ ਦਾ ਕਤਲ ਕਰ ਦੇਣਾ ਬਹੁਤ ਹੀ ਦੁੱਖਦਾਇਕ ਹੈ।
ਕਿਸਾਨੀ ਸੰਘਰਸ਼ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਮਨ ’ਚ ਕਿਸਾਨਾਂ ਪ੍ਰਤੀ ਖੋਟ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਕੇ ਕਿਸਾਨਾਂ ਨੂੰ ਡਰਾ ਨਹੀਂ ਸਕਦੀ।
ਇਸ ਮੌਕੇ ਉਨ੍ਹਾਂ ਕਾਂਗਰਸ ’ਤੇ ਨਿਗਮ ਚੋਣਾਂ ਵਿੱਚ ਧੱਕੇਸ਼ਾਹੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਵਿਰੋਧੀ ਉਮੀਦਵਾਰਾਂ ਨੂੰ ਚੋਣ ਪਿੜ ’ਚੋਂ ਬਾਹਰ ਕਰਨ ਲਈ ਹਰ ਹਰਬਾ ਵਰਤਿਆ ਗਿਆ ਹੈ। ਪਿਛਲੇ ਚਾਰ ਸਾਲਾਂ ਦੇ ਕਾਂਗਰਸੀ ਰਾਜ ਦੌਰਾਨ ਰੇਤ ਮਾਫੀਆ, ਨਸ਼ਿਆਂ ਅਤੇ ਗੁੰਡਾਗਰਦੀ ਦਾ ਬੋਲਬਾਲਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਤੋਤਾ ਸਿੰਘ, ਪਾਰਟੀ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਵੀ ਹਾਜ਼ਰ ਸਨ।