ਰਮੇਸ਼ ਭਾਰਦਵਾਜ
ਲਹਿਰਾਗਾਗਾ, 23 ਫਰਵਰੀ
ਇਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 146ਵੇਂ ਦਿਨ ਵੀ ਜਾਰੀ ਰਿਹਾ। ਅੱਜ ਇੱਥੇ ਪੱਕੇ ਮੋਰਚੇ ’ਤੇ ਨੌਜਵਾਨ, ਔਰਤਾਂ, ਬਜ਼ੁਰਗਾਂ, ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਕਿਸਾਨ ਸੰਘਰਸ਼ ਨੂੰ ਹੱਲਾਸ਼ੇਰੀ ਦੇਣ ਲਈ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਦੱਸਿਆ ਕਿ ਅੱਜ ਦੀ ਮੋਦੀ ਹਕੂਮਤ ਵਾਂਗ 1907 ਵਿਚ ਅੰਗਰੇਜ਼ਾਂ ਨੇ ਜ਼ਮੀਨ ’ਤੇ ਕਬਜ਼ਾ ਕਰਨ ਲਈ ਭਾਰਤ ਵਿਚ ਕਾਨੂੰਨ ਪਾਸ ਕੀਤਾ ਸੀ। ਸਰਕਾਰ ਦੀ ਇਸ ਚਾਲ ਵਿਰੁੱਧ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ। ਪੱਗੜੀ ਸੰਭਾਲ ਜੱਟਾ ਦਾ ਪ੍ਰਸਿੱਧ ਗੀਤ ਪਿੰਡਾਂ ਵਿਚ ਗੂੰਜਿਆ। ਸਰਕਾਰ ਨਾਲ 9 ਮਹੀਨੇ ਬਾਅਦ ਇਸ ਕਾਨੂੰਨ ਨੂੰ ਵਾਪਸ ਲਿਆ। ਇਸ ਮੌਕੇ ਬਹਾਦਰ ਸਿੰਘ ਭੁਟਾਲ ਖੁਰਦ, ਬਲਵਿੰਦਰ ਸਿੰਘ ਮਨਿਆਣਾ, ਹਰਜਿੰਦਰ ਸਿੰਘ ਨੰਗਲਾ, ਹਰਸੇਵਕ ਸਿੰਘ ਲਹਿਲ ਖੁਰਦ, ਸੂਬਾ ਸਿੰਘ ਸੰਗਤਪੁਰਾ, ਜਗਦੀਪ ਸਿੰਘ ਲਹਿਲ ਖੁਰਦ, ਬਿੰਦਰ ਸਿੰਘ ਖੋਖਰ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਜਸ਼ਨਦੀਪ ਕੌਰ ਪਿਸ਼ੌਰ, ਰੁਪਿੰਦਰ ਕੌਰ ਭੁਟਾਲ ਕਲਾ ਨੇ ਸੰਬੋਧਨ ਕੀਤਾ।
ਧੂਰੀ(ਹਰਦੀਪ ਸਿੰਘ ਸੋਢੀ): ਨੇੜਲੇ ਪਿੰਡ ਲੱਡਾ ਦੇ ਟੌਲ ਪਲਾਜ਼ਾ ਉੱਪਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਬੰਸ ਸਿੰਘ ਲੱਡਾ ਤੇ ਚਮਕੌਰ ਸਿੰਘ ਹਥਨ ਦੀ ਅਗਵਾਈ ਵਿੱਚ ਲੱਗਾ ਕਿਸਾਨੀ ਧਰਨਾ ਅੱਜ 146ਵੇਂ ਦਿਨ ਵਿੱਚ ਸ਼ਾਮਲ ਹੋ ਗਿਆ।
ਅੱਜ ਕਿਸਾਨ ਜਥੇਬੰਦੀਆਂ ਵੱਲੋਂ ਧਰਨਿਆਂ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਇਸ ਮੌਕੇ ਗਮਦੂਰ ਸਿੰਘ ਲੱਡਾ, ਗੁਰਜੀਤ ਸਿੰਘ ਲੱਡਾ,ਦਰਸ਼ਨ ਸਿੰਘ ਕਿਲ੍ਹਾ ਹਕੀਮਾਂ, ਹਮੀਰ ਸਿੰਘ ਬੇਨੜਾ, ਸੁਖਜੀਤ ਸਿੰਘ ਲੱਡਾ, ਹਰਬੰਸ ਸਿੰਘ ਪੇਧਨੀ, ਗੁਰਮੇਲ ਸਿੰਘ ਧਾਾਂਦਰਾ, ਮਹਿੰਦਰ ਕੌਰ,ਗੁਰੀ ਮਾਨ ਧੂਰੀ, ਮਹਿੰਦਰ ਸਿੰਘ ਭਸੋੜ ਹਾਜ਼ਰ ਸਨ।
ਬਰਨਾਲਾ (ਪਰਸ਼ੋਤਮ ਬੱਲੀ): ਬਰਨਾਲਾ ਰੇਲਵੇ ਸਟੇਸ਼ਨ ਦੀ ਪਾਰਕਿੰਗ ‘ਚ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਲੱਗੇ ਸੰਯੁੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਲੇ ਪੱਕੇ ਧਰਨੇ ਅਤੇ ਇਸੇ ਤਰ੍ਹਾਂ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠਲੇ ਬਡਬਰ ਟੌਲ ਪਲਾਜ਼ਾ ਸਮੇਤ ਇਥੇ ਸ਼ਹਿਰ ਅੰਦਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਤੇ ਸੂਬਾਈ ਆਗੂ ਅਰਚਨਾ ਦੱਤ ਦੇ ਘਰਾਂ ਅੱਗੇ ਮੋਰਚਿਆਂ ਦੌਰਾਨ ‘ਪਗੜੀ ਸੰਭਾਲ’ ਲਹਿਰ ਦੇ ਬਾਨੀ ਆਗੂ ਤੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ। ਸਟੇਸ਼ਨ ’ਤੇ ਧਰਨੇ ਦੌਰਾਨ ਬਲਵੰਤ ਸਿੰਘ ਉੱਪਲੀ, ਗੁੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀਕਲਾਂ, ਅਮਰਜੀਤ ਕੌਰ, ਪ੍ਰੇਮਪਾਲ ਕੌਰ, ਹਰਚਰਨ ਚੰਨਾ, ਜਗਰਾਜ ਰਾਮਾ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਬਾਰਾ ਸਿੰਘ ਬਦਰਾ,ਖੁੁਸ਼ੀਆ ਸਿੰਘ, ਗੁੁਲਾਬ ਸਿੰਘ ਗਿੱਲ, ਮਹਿੰਦਰ ਸਿੰਘ ਵੜੈਚ, ਗੋਰਾ ਸਿੰਘ ਢਿੱਲਵਾਂ ਨੇ ਸੰਬੋਧਨ ਕੀਤਾ। ਵੀਆਰਸੀ ਰਿਲਾਇੰਸ ਮਾਲ ਬਾਜਾ ਖਾਨਾ ਰੋਡ ਬਰਨਾਲਾ ਵਿਖੇ 143 ਵੇਂ ਦਿਨ ਵੀ ਬੀਕੇਯੂ ਏਕਤਾ ਡਕੌਂਦਾ ਦੇ ਆਗੂਆਂ ਮੇਜਰ ਸਿੰਘ, ਜਸਵੰਤ ਸਿੰਘ ਦੀ ਅਗਵਾਈ ਹੇਠ ਘਿਰਾਓ ਜਾਰੀ ਰਿਹਾ|
ਬੀਕੇਯੂ ਉਗਰਾਹਾਂ ਦੀ ਜ਼ਿਲ੍ਹਾ ਇਕਾਈ ਦੀ ਅਗਵਾਈ ਹੇਠ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ ‘ਤੇ ਬਡਬਰ ਟੌਲ ਪਲਾਜ਼ਾ, ਰਿਲਾਇੰਸ ਪੰਪ ਸੰਘੇੜਾ-ਧਨੌਲਾ, ਬੀਜੇਪੀ ਦੇ ਸੂਬਾਈ ਤੇ ਜ਼ਿਲ੍ਹਾ ਆਗੂ ਅਰਚਨਾ ਦੱਤ ਤੇ ਯਾਦਵਿੰਦਰ ਸ਼ੰਟੀ ਦੀਆਂ ਬਰਨਾਲਾ ਰਿਹਾਇਸ਼ਾਂ ਅੱਗੇ ਚੱਲ ਰਹੇ ਮੋਰਚਿਆਂ ਵਿੱਚ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ|
ਜਥੇਬੰਦੀ ਦੇ ਸੂਬਾਈ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਬੁੱਕਣ ਸਿੰਘ ਸੱਦੋਵਾਲ, ਕਮਲਜੀਤ ਕੌਰ ਬਰਨਾਲਾ, ਸੰਦੀਪ ਸਿੰਘ, ਬਲਵਿੰਦਰ ਸਿੰਘ ਕਾਲਾਬੂਲਾ, ਕਿਰਨਪਾਲ ਕੌਰ, ਬਲਵਿੰਦਰ ਕੌਰ ਕਾਲੇਕੇ, ਹਰਜੀਤ ਸਿੰਘ ਦੀਵਾਨਾ, ਕੁਲਜੀਤ ਸਿੰਘ ਵਜੀਦਕੇ, ਭੋਲਾ ਸਿੰਘ ਠੁੱਲੀਵਾਲ ਨੇ ਸੰਬੋਧਨ ਕੀਤਾ।