ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਹਰਿਮੰਦਰ ਸਾਹਿਬ ਨਤਮਸਤਕ
ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿੱਚ ਜਲੌਅ ਸਜਾਏ
ਪਹਿਲੇ ਪਾਤਸ਼ਾਹ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਲੱਖਾਂ ਸ਼ਰਧਾਲੂਆਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ। ਸੱਚਖੰਡ ਹਰਿਮੰਦਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਸੱਚਖੰਡ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਚਾਰਾਂ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਾਨਵਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ।
ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਣ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪ੍ਰਚਾਰਕ ਢਾਡੀ, ਕਵੀਸ਼ਰੀ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ ਅਤੇ ਕਵੀ ਦਰਬਾਰ ਵਿਚ ਕਵੀਆਂ ਨੇ ਕਵਿਤਾਵਾਂ ਰਾਹੀਂ ਗੁਰੂ ਜਸ ਸਰਵਣ ਕਰਵਾਇਆ।
ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਇੱਥੇ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।
ਗੁਰੂ ਘਰ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਅੱਗੇ ਸ਼ਰਧਾ ਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ। ਸਮੂਹ ਪੰਜਾਬੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਵੀ ਨਾਲ ਸੀ।

