ਆਜ਼ਾਦੀ ਸੰਘਰਸ਼ ’ਚ ਲਾਲਾ ਲਾਜਪਤ ਰਾਏ ਦਾ ਵੱਡਾ ਯੋਗਦਾਨ: ਸੌਂਦ
ਗੁਰਪ੍ਰੀਤ ਸਿੰਘ ਦੌਧਰ
ਪੰਜਾਬ ਕੇਸਰੀ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 97ਵਾਂ ਬਲੀਦਾਨ ਦਿਵਸ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿੱਚ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੈਰ ਸਪਾਟਾ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਿਰਕਤ ਕੀਤੀ। ਮੰਤਰੀ ਨੇ ਦੱਸਿਆ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਗੱਲ ਦਾ ਮਾਣ ਹੈ ਕਿ ਭਾਰਤ ਦੀ ਆਜ਼ਾਦੀ ਵਿੱਚ 90 ਫ਼ੀਸਦੀ ਯੋਗਦਾਨ ਪੰਜਾਬੀਆਂ ਦਾ ਹੈ। ਕੈਬਨਿਟ ਮੰਤਰੀ ਨੇ ਢੁੱਡੀਕੇ ਦੀ ਪੰਚਾਇਤ ਲਈ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਢੁੱਡੀਕੇ ਦੇ ਵਿਕਾਸ ਲਈ ਲੋੜੀਂਦੇ ਫੰਡ ਪਹਿਲ ਦੇ ਆਧਾਰ ’ਤੇ ਦਿੱਤੇ ਜਾਣਗੇ।
ਇਸ ਮੌਕੇ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ।
ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਇਸ ਤੋਂ ਪਹਿਲਾਂ ਮੰਤਰੀ, ਵਿਧਾਇਕ ਬਿਲਾਸਪੁਰ ਤੇ ਵਿਧਾਇਕ ਢੋਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਐੱਸ ਐੱਸ ਪੀ ਅਜੈ ਗਾਂਧੀ ਅਤੇ ਹੋਰਾਂ ਨੇ ਲਾਲਾ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕੀਤਾ। ਇਸ ਮੌਕੇ ਉਨ੍ਹਾਂ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਨੂੰ ਵੀ ਦੇਖਿਆ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ ਗਾਏ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦਾ ਨਿੱਤ ਦਿਨ ਸਫ਼ਾਇਆ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਸੋਚ ਸਦਕਾ ਕਿਸਾਨਾਂ ਵੱਲੋਂ ਇਸ ਵੇਲੇ 21 ਫ਼ੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਿੰਦਰ ਕੁਮਾਰ ਮਧੇਕੇ, ਸਾਬਕਾ ਮੰਤਰੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵੱਡੀ ਗਿਣਤੀ ਲੋਕ ਹਾਜ਼ਰ ਸਨ।
