ਇੱਥੋਂ ਦੇ ਨੇੜਲੇ ਪਿੰਡ ਪਹੂਵਿੰਡ ਵਿੱਚ ਅੱਜ ਡੇਢ ਕਿੱਲਾ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਚੱਲ ਰਹੇ ਵਿਵਾਦ ਨੇ ਖ਼ੂਨੀ ਰੂਪ ਧਾਰ ਲਿਆ। ਦੋਵਾਂ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਰਾਜ ਸਿੰਘ ਅਤੇ ਨਿਰਮਲ ਸਿੰਘ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀ ਐੱਸ ਪੀ ਅਤੁਲ ਸੋਨੀ ਦੀ ਅਗਵਾਈ ਹੇਠ ਪੁਲੀਸ ਟੀਮ ਮੌਕੇ ’ਤੇ ਪੁੱਜੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀ ਐੱਸ ਪੀ ਅਤੁਲ ਸੋਨੀ ਨੇ ਦੱਸਿਆ ਕਿ ਪਿੰਡ ਪਹੂਵਿੰਡ ਵਿੱਚ ਅਮਰਜੀਤ ਸਿੰਘ ਪਾਰਟੀ ਅਤੇ ਸੁਖਰਾਜ ਸਿੰਘ ਪਾਰਟੀ ਵਿਚਕਾਰ ਕਰੀਬ ਡੇਢ ਕਿੱਲਾ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਸੀ। ਇਸ ਸਬੰਧੀ ਪਹਿਲਾਂ ਵੀ ਦੋਵਾਂ ਧਿਰਾਂ ਨੂੰ ਲੈ ਕੇ ਪੁਲੀਸ ਵੱਲੋਂ ਕਾਰਵਾਈ ਕੀਤੀ ਗਈ ਸੀ। ਅੱਜ ਦੋਵੇਂ ਧਿਰਾਂ ਵਿਵਾਦਿਤ ਜ਼ਮੀਨ ਵਿੱਚ ਆਹਮੋ-ਸਾਹਮਣੇ ਹੋ ਗਈਆਂ ਅਤੇ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਗਈ।
ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਸੁਖਰਾਜ ਸਿੰਘ ਦੇ ਸਿਰ ਵਿੱਚ ਗੋਲੀ ਲੱਗੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੂਜੀ ਧਿਰ ਨਾਲ ਸਬੰਧਤ ਨਿਰਮਲ ਸਿੰਘ ਨੂੰ ਵੀ ਤਿੰਨ ਗੋਲੀਆਂ ਲੱਗੀਆਂ ਅਤੇ ਉਸ ਨੇ ਵੀ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਪੁਲੀਸ ਨੇ ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ ਜਾਂਚ ਮਗਰੋਂ ਹੀ ਗੋਲੀਬਾਰੀ ਦੇ ਪੂਰੇ ਕਾਰਨਾਂ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਸਬੰਧੀ ਸਥਿਤੀ ਸਪਸ਼ਟ ਹੋਵੇਗੀ।

