ਚਰਨਜੀਤ ਭੁੱਲਰ
ਚੰਡੀਗੜ੍ਹ, 14 ਅਕਤੂਬਰ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਰਾਣੇ ਭੂਮੀ ਕਾਨੂੰਨਾਂ ਵਿੱਚ ਸੁਧਾਰ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਦੂਸਰੇ ਸੂਬਿਆਂ ਦੀ ਤਰਜ਼ ’ਤੇ ਪੰਜਾਬ ’ਚ ਜ਼ਮੀਨਾਂ ਦੀ ਗਿਰਦਾਵਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾਵੇਗਾ। ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਸ਼ਾਮ ਪੰਜ ਵਜੇ ਤੋਂ ਬਾਅਦ ਰਜਿਸਟਰੀ ਕਰਨ ’ਤੇ ਰੋਕ ਲਗਾ ਦਿੱਤੀ ਗਈ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਵਿੱਚ ਲੋਕ ਪੱਖੀ ਫ਼ੈਸਲਿਆਂ ਸਬੰਧੀ ਹਦਾਇਤਾਂ ਦਿੱਤੀਆਂ। ਉਨ੍ਹਾਂ ਪੁਰਾਣੇ ਜ਼ਮੀਨੀ ਕਾਨੂੰਨਾਂ ਵਿੱਚ ਪੜਾਅਵਾਰ ਬਦਲਾਅ ਕਰਨ ਦਾ ਸੱਦਾ ਦਿੱਤਾ ਤਾਂ ਜੋ ਜਾਇਦਾਦਾਂ ਦੀ ਮਾਲਕੀ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਚੰਨੀ ਨੇ ਮੁੱਖ ਸਕੱਤਰ ਨੂੰ ਇਕ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ, ਜੋ ਜ਼ਮੀਨੀ ਕਾਨੂੰਨਾਂ ਵਿੱਚ ਸੁਧਾਰ ਲਿਆਉਣ ਬਾਰੇ ਸੁਝਾਅ ਦੇਵੇਗੀ। ਉਨ੍ਹਾਂ ਮੁੱਖ ਸਕੱਤਰ ਨੂੰ ਬਾਕੀ ਸੂਬਿਆਂ ਦੀ ਤਰ੍ਹਾਂ ਗਿਰਦਾਵਰੀ ਦੀ ਪ੍ਰਣਾਲੀ ਦੇ ਖ਼ਾਤਮੇ ਲਈ ਵਿਸਥਾਰਤ ਤਜਵੀਜ਼ ਲਿਆਉਣ ਲਈ ਆਖਿਆ।
ਇਹ ਉਪਰਾਲਾ ਜ਼ਮੀਨ-ਜਾਇਦਾਦ ਦੀ ਤਕਸੀਮ ਤੋਂ ਇਲਾਵਾ ਗਿਰਦਾਵਰੀ, ਇੰਤਕਾਲ, ਜਮ੍ਹਾਂਬੰਦੀ ਦੀ ਮੌਜੂਦਾ ਵਿਵਸਥਾ ਨੂੰ ਸੁਖਾਲਾ ਬਣਾਉਣ ਵਿੱਚ ਸਹਾਈ ਹੋਵੇਗਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਅਤੇ ਇੱਥੋਂ ਤੱਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੰਤੁਸ਼ਟੀ ਤੱਕ ਕੰਮ ਕਰਨ ਲਈ ਆਖਿਆ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਅਧਿਕਾਰੀ ਨੂੰ ਆਪਣੇ ਕੈਂਪ ਆਫ਼ਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਜੋ ਆਸ਼ੀਰਵਾਦ ਸਕੀਮ ਤੋਂ ਇਲਾਵਾ ਬੁਢਾਪਾ, ਦਿਵਿਆਂਗ, ਬੇਸਹਾਰਾ ਅਤੇ ਵਿਧਵਾਵਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਬਕਾਏ ਨੂੰ ਨਜਿੱਠਿਆ ਜਾ ਸਕੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਇਹ ਕੈਂਪ 20 ਤੇ 21 ਅਕਤੂਬਰ ਤੋਂ ਇਲਾਵਾ 29 ਤੇ 30 ਅਕਤੂਬਰ ਨੂੰ ਤਹਿਸੀਲ, ਬਲਾਕ ਅਤੇ ਜ਼ਿਲ੍ਹਾ ਪੱਧਰ ਉਤੇ ਲਾਏ ਜਾਣ। ਵਿਕਾਸ ਕਾਰਜਾਂ ਅਤੇ ਭਲਾਈ ਸਕੀਮ ਵਿਚ ਹੋਰ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਿਤ ਵਿਧਾਇਕਾਂ ਨਾਲ ਮੀਟਿੰਗਾਂ ਕਰਨ ਲਈ ਕਿਹਾ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ 2 ਕਿੱਲੋਵਾਟ ਲੋਡ ਤੱਕ ਦੇ ਸਾਰੇ ਯੋਗ ਲਾਭਪਾਤਰੀਆਂ ਤੱਕ ਪਹੁੰਚ ਕਰ ਕੇ ਬਿਜਲੀ ਦੇ ਬਕਾਏ ਮੁਆਫ਼ ਕਰਨ ਲਈ ਨਿਰਧਾਰਿਤ ਫਾਰਮ ਭਰਨ ਲਈ ਫ਼ੀਲਡ ਸਟਾਫ਼ ਤਾਇਨਾਤ ਕਰਨ ਲਈ ਆਖਿਆ। ਇਸੇ ਤਰ੍ਹਾਂ ਉਨ੍ਹਾਂ ਡਰਾਈਵਿੰਗ ਲਾਇਸੈਂਸ, ਜਨਮ ਤੇ ਮੌਤ ਸਰਟੀਫਿਕੇਟ ਨੂੰ ਸਮੇਂ ਸਿਰ ਜਾਰੀ ਕੀਤੇ ਜਾਣ ਦੀ ਲੋੜ ਦਾ ਵੀ ਜ਼ਿਕਰ ਕੀਤਾ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਰੇਕ ਬਲਾਕ ਵਿਚ ਜਿਮ ਅਤੇ ਹੋਰ ਖੇਡ ਗਤੀਵਿਧੀਆਂ ਦੀ ਸਹੂਲਤਾਂ ਨਾਲ ਲੈੱਸ ਘੱਟੋ-ਘੱਟ ਚਾਰ ਖੇਡ ਮੈਦਾਨ ਵਿਕਸਤ ਕਰਨ ਲਈ ਆਖਿਆ। ਡਿਪਟੀ ਕਮਿਸ਼ਨਰਾਂ ਨੂੰ ਡਾਕਟਰਾਂ/ਪੈਰਾ ਮੈਡੀਕਲ ਅਤੇ ਅਧਿਆਪਕਾਂ ਦੀ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਅਚਨਚੇਤ ਦੌਰੇ ਕਰਨ ਲਈ ਕਿਹਾ ਅਤੇ ਡਿਊਟੀ ਤੋਂ ਗ਼ੈਰਹਾਜ਼ਰ ਪਾਏ ਜਾਣ ਵਾਲੇ ਕਰਮਚਾਰੀ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ। ਪਰਵਾਸੀ ਭਾਰਤੀਆਂ ਦੀਆਂ ਸੰਪਤੀਆਂ ਦੀ ਰਾਖੀ ਲਈ ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੇ ਕਾਨੂੰਨੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ।
ਅੰਤਰ-ਰਾਜੀ ਬਾਸਮਤੀ ਮੂਵਮੈਂਟ ਪੋਰਟਲ ਜਾਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅੰਤਰ-ਰਾਜੀ ਬਾਸਮਤੀ ਮੂਵਮੈਂਟ ਪੋਰਟਲ emandikaran-pb.in ਨੂੰ ਡਿਜੀਟਲ ਤੌਰ ’ਤੇ ਜਾਰੀ ਕੀਤਾ ਤਾਂ ਜੋ ਦੂਜੇ ਸੂਬਿਆਂ ਤੋਂ ਝੋਨੇ-ਪਰਮਲ ਦੀ ਆਮਦ ਨੂੰ ਰੋਕਿਆ ਜਾ ਸਕੇ। ਇਸ ਪੋਰਟਲ ਦਾ ਉਦੇਸ਼ ਅਸਲ ਟਰੱਕ ਅਪਰੇਟਰਾਂ ਦੇ ਰੋਜ਼ਾਨਾ ਕੰਮਕਾਜ ਨੂੰ ਪ੍ਰਭਾਵਿਤ ਕੀਤੇ ਬਿਨਾਂ ਜੀਪੀਐੱਸ ਰਾਹੀਂ ਬਾਸਮਤੀ ਦੇ ਟਰੱਕਾਂ ਦੀ ਨਿਗਰਾਨੀ ਰੱਖਣਾ ਹੈ। ਇਸ ਪੋਰਟਲ ’ਤੇ ਸੂਬੇ ਵਿੱਚ ਬਾਸਮਤੀ ਦੇ ਟਰੱਕਾਂ ਦੀ ਜੀਪੀਐੱਸ ਆਧਾਰਿਤ ਆਵਾਜਾਈ ਵੇਖੀ ਜਾ ਸਕੇਗੀ। ਰੂਟ ਤੋਂ ਪਰ੍ਹੇ ਜਾਣ ਦੀ ਰੀਅਲ ਟਾਈਮ ਮੌਨੀਟਰਿੰਗ ਆਸਾਨੀ ਨਾਲ ਕੀਤੀ ਜਾ ਸਕੇਗੀ ਅਤੇ ਪੋਰਟਲ/ਐਪ ’ਤੇ ਇਹ ਜਾਣਕਾਰੀ ਲਾਗਇਨ ਕਰਕੇ ਦੇਖੀ ਜਾ ਸਕੇਗੀ।
ਦੀਵਾਲੀ ’ਤੇ ਬੇਘਰੇ ਲੋਕਾਂ ਨੂੰ ਮਿਲਣਗੇ ਅਲਾਟਮੈਂਟ ਪੱਤਰ
ਬਸੇਰਾ ਸਕੀਮ ਨੂੰ ਸਮਾਂਬੱਧ ਲਾਗੂ ਕਰਨ ਅਤੇ ਬੇਘਰ ਲੋਕਾਂ ਨੂੰ 5 ਮਰਲੇ ਦੇ ਪਲਾਟ ਅਲਾਟ ਕਰਨ ਲਈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਸ਼ਹਿਰੀ ਇਲਾਕਿਆਂ ਦੀਆਂ ਝੁੱਗੀਆਂ-ਝੌਂਪੜੀਆਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ ਉੱਤੇ ਬੈਠੇ ਲੋਕਾਂ ਨੂੰ ਮਾਲਕੀ ਹੱਕ ਦੇਣ ਅਤੇ ਪਿੰਡਾਂ ਵਿੱਚ ਯੋਗ ਲਾਭਪਾਤਰੀਆਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਪ੍ਰਕਿਰਿਆ ਦੋ ਹਫ਼ਤਿਆਂ ’ਚ ਮੁਕੰਮਲ ਕਰਨ ਲਈ ਆਖਿਆ ਤਾਂ ਕਿ ਦੀਵਾਲੀ ਦੇ ਸ਼ੁੱਭ ਮੌਕੇ ਲਾਭਪਾਤਰੀਆਂ ਨੂੰ ਜਾਇਦਾਦ ਕਾਰਡ (ਸਨਦ) ਦਿੱਤੇ ਜਾ ਸਕਣ।
ਕੇਜਰੀਵਾਲ ਦੇ ਦਾਅਵੇ ਝੂਠੇ ਕਰਾਰ
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਨਅਤਕਾਰਾਂ ਨਾਲ ਕੀਤੇ ਵਾਅਦਿਆਂ ਨੂੰ ਝੂਠੇ ਦਾਅਵੇ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਆਈ ਤਾਂ ਸੂਬੇ ਨੂੰ 24 ਘੰਟੇ ਬਿਜਲੀ ਸਪਲਾਈ ਦੇਵੇਗੀ| ਉਨ੍ਹਾਂ ਕਿਹਾ ਕਿ ਸ਼ਾਇਦ ਕੇਜਰੀਵਾਲ ਇਹ ਨਹੀਂ ਜਾਣਦੇ ਕਿ ਪੰਜਾਬ ਸਰਕਾਰ ਅਣਕਿਆਸੇ ਹਾਲਾਤ ਅਤੇ ਮੁਰੰਮਤ ਦੇ ਸਮੇਂ ਨੂੰ ਛੱਡ ਕੇ ਲੋਕਾਂ ਨੂੰ ਪਹਿਲਾਂ ਹੀ 24 ਘੰਟੇ ਬਿਜਲੀ ਸਪਲਾਈ ਦੇ ਰਹੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਭਰ ਵਿਚ ਇੰਸਪੈਕਟਰੀ ਰਾਜ ਪਹਿਲਾਂ ਦੀ ਖਤਮ ਕਰ ਚੁੱਕੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਸੂਬੇ ’ਚ ਉਦਯੋਗਪਤੀਆਂ ਨੂੰ 1700 ਕਰੋੜ ਰੁਪਏ ਦਾ ਵੈਟ ਰਿਫੰਡ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤੇ ਇਸ ਸਤੰਬਰ ਦੇ ਅੰਤ ਤੱਕ ਸਿਰਫ 70 ਕਰੋੜ ਰੁਪਏ ਹੀ ਬਕਾਇਆ ਹਨ|