ਪਾਲ ਸਿੰਘ ਨੌਲੀ
ਜਲੰਧਰ, 27 ਜਨਵਰੀ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਆਬੇ ਨੂੰ ਸ਼ਹੀਦਾਂ ਦੀ ਧਰਤੀ ਦੱਸਦਿਆਂ ਕਿਹਾ ਕਿ ਇਹ ਇਲਾਕਾ ਗ਼ਦਰ ਅਤੇ ਬੱਬਰ ਲਹਿਰਾਂ ਦਾ ਕੇਂਦਰ ਰਿਹਾ ਹੈ, ਜਿਨ੍ਹਾਂ ਬ੍ਰਿਟਿਸ਼ ਸਾਮਰਾਜ ਵਿਰੁੱਧ ਆਜ਼ਾਦੀ ਦੀ ਲੜਾਈ ਦਾ ਮੁੱਢ ਬੰਨ੍ਹਿਆ ਸੀ। ਇੱਥੇ 73ਵੇਂ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਆਜ਼ਾਦੀ ਸੰਘਰਸ਼ ਦੌਰਾਨ ਅਣਗਿਣਤ ਕੁਰਬਾਨੀਆਂ ਦੇਣ ਵਾਲੇ ਯੋਧਿਆਂ ਨੂੰ ਯਾਦ ਕਰਦਿਆਂ ਚੰਨੀ ਨੇ ਕਿਹਾ ਕਿ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੇ ਅਨਪੜ੍ਹਤਾ, ਬੇਰੁਜ਼ਗਾਰੀ, ਸਮਾਜਿਕ, ਆਰਥਿਕ ਅਤੇ ਕਾਨੂੰਨੀ ਅਸਮਾਨਤਾਵਾਂ ਤੋਂ ਮੁਕਤ ਭਾਰਤ ਦੀ ਕਲਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ‘ਮੈਂ ਜਲੰਧਰ ਦੀ ਪਵਿੱਤਰ ਧਰਤੀ ਤੋਂ ਦੇਸ਼ ਭਗਤੀ ਦੇ ਜਜ਼ਬੇ ਨਾਲ ਰੰਗੇ ਇਨ੍ਹਾਂ ਮਹਾਨ ਸਪੂਤਾਂ ਨੂੰ ਸ਼ਰਧਾ ਅਤੇ ਸੁਹਿਰਦਤਾ ਨਾਲ ਸਿਰ ਝੁਕਾਉਂਦਾ ਹਾਂ।’ ਉਨ੍ਹਾਂ ਇਹ ਵੀ ਚਿਤਾਰਿਆ ਕਿ ਵਿਦੇਸ਼ੀ ਸਾਮਰਾਜ ਦੇ ਜੂਲੇ ਨੂੰ ਲਾਹੁਣ ਵਿੱਚ ਪੰਜਾਬੀਆਂ ਨੇ ਅਹਿਮ ਭੂਮਿਕਾ ਨਿਭਾਈ ਤੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵੱਲੋਂ ਦੇਸ਼ ਦਾ ਸੰਵਿਧਾਨ ਤਿਆਰ ਕਰਨ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਸਾਹਿਬ ਦੀਆਂ ਅਣਥੱਕ ਕੋਸ਼ਿਸ਼ਾਂ ਨੇ ਇਸ ਵਿਸ਼ਾਲ ਕੰਮ ਨੂੰ ਬੜੀ ਅਡੋਲਤਾ ਨਾਲ ਨੇਪਰੇ ਚੜ੍ਹਾਇਆ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਕੀਮਤ ’ਤੇ ਬਰਕਰਾਰ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਮਾਰਚ ਪਾਸਟ ਦੀ ਅਗਵਾਈ ਆਈਪੀਐੱਸ ਜਸਰੂਪ ਕੌਰ ਬਾਠ ਤੇ ਡੀਐੱਸਪੀ ਸਤਬੀਰ ਸਿੰਘ ਨੇ ਕੀਤੀ। ਇਸ ਵਿੱਚ ਇੰਡੋ-ਤਿੱਬਤੀਅਨ ਬਾਰਡਰ ਪੁਲੀਸ (ਆਈਟੀਬੀਪੀ), ਕਮਿਸ਼ਨਰੇਟ ਪੁਲੀਸ (ਪੁਰਸ਼ ਅਤੇ ਮਹਿਲਾ), ਪੀਆਰਟੀਸੀ ਜਹਾਨ ਖੇਲਾਂ (3 ਟੁੱਕੜੀਆਂ), ਅਤੇ ਕਮਿਸ਼ਨਰੇਟ ਪੁਲੀਸ ਦੇ ਹੋਮ ਗਾਰਡ ਵਿੰਗ ਦੇ ਦਸਤਿਆਂ ਨੇ ਭਾਗ ਲਿਆ।
ਇਸੇ ਦੌਰਾਨ ਮੁੱਖ ਮੰਤਰੀ ਨੇ ਸਮਾਜ ਦੇ ਹਿੱਤਾਂ ਲਈ ਨਿਰਸਵਾਰਥ ਸੇਵਾਵਾਂ ਨਿਭਾਉਣ ਵਾਲੇ ਵੱਖ-ਵੱਖ ਖੇਤਰਾਂ ਦੇ 135 ਵਿਅਕਤੀਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਤੇ ਮਾਰਚ ਪਾਸਟ ਕਰਨ ਵਾਲੇ ਦਸਤੇ ਦੇ ਮੈਂਬਰਾਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ।
ਇਸ ਮੌਕੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਮਹਿੰਦਰ ਸਿੰਘ ਕੇਪੀ, ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਅਤੇ ਅਵਤਾਰ ਸਿੰਘ ਬਾਵਾ ਹੈਨਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਕਰਨੇਸ਼ ਸ਼ਰਮਾ ਹਾਜ਼ਰ ਸਨ।