ਲੈਂਡ ਪੂਲਿੰਗ: ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਵੱਲੋਂ ਬਠਿੰਡਾ ’ਚ ਰੋਸ ਧਰਨਾ
ਲੈਂਡ ਪੂਲਿੰਗ ਮਾਮਲੇ ਨੂੰ ਲੈ ਕੇ ਅਕਾਲੀ ਦਲ ਵੱਲੋਂ ਬਠਿੰਡਾ ਦੇ ਜਿਲ੍ਹਾ ਪ੍ਰਬੰਧਕੀ ਕਪਲੈਕਸ ਅੱਗੇ ਸੋਮਵਾਰ ਨੂੰ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ। ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਸ਼੍ਰੋਮਣੀ ਅਕਾਲੀ ਦਲ ਨਾਲ ਹੈ। ਉਨ੍ਹਾਂ ਆਪਣੇ ਪਿਤਾ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਨੂੰ ਬਾਪੂ ਸ਼ਬਦ ਨਾਲ ਸੰਬੋਧਨ ਕਰਦਿਆਂ ਕਿਹਾ ਹੁਣ ਬਾਪੂ ਬਾਦਲ ਦੀ ਪਾਰਟੀ ਦੇ ਵਾਰਸ ਮੈਦਾਨ ਵਿੱਚ ਆ ਚੁੱਕੇ ਹਨ। ਉਨ੍ਹਾਂ
ਮੁੱਖ ਮੰਤਰੀ ਪੰਜਾਬ ਤੇ ਕੇਜਰੀਵਾਲ ਲੈਂਡ ਪੂਲਿੰਗ ਦੀ ਆੜ ’ਚ ਕਿਸਾਨਾਂ ਦੀ ਜ਼ਮੀਨ ਖੋਹਣ ’ਤੇ ਲੱਗੇ ਹਨ, ਇਹ ਸਕੀਮ ਕਿਸਾਨ ਵਿਰੋਧੀ ਅਤੇ ਜਮੀਨ ਦਲਾਲੀ ਨੂੰ ਵਧਾਵਾ ਦੇਣ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਬਠਿੰਡਾ ਸਮੇਤ ਪੰਜਾਬ ਦੇ ਕਈ ਹਿੱਸਿਆਂ ’ਚ ਲੋਕਾਂ ਦੀਆਂ ਜ਼ਮੀਨਾਂ ਨੂੰ ਵਿਕਾਸ ਦੇ ਨਾਮ ’ਤੇ ਜਬਰੀ ਹਥਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਨੂੰ ਅਕਾਲੀ ਦਲ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਦਿੱਲੀ ਦੇ ਬਿਲਡਰਾਂ ਨਾਲ ਮੀਟਿੰਗ ਕਰਕੇ ਪੰਜਾਬ ਦੀ ਅਫ਼ਸਰਸ਼ਾਹੀ ਦੇ ਸਹਿਯੋਗ ਨਾਲ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਬਠਿੰਡਾ, ਮਾਨਸਾ ਦੀ ਹਜਾਰਾਂ ਏਕੜ ਜ਼ਮੀਨ ਤੇ ਲੈਂਡ ਪੂਲਿੰਗ ਰਾਹੀਂ ਕਬਜ਼ਾ ਕਰਨਾ ਚਾਹੁੰਦਾ ਹੈ। ਇਸ ਮੌਕੇ ਅਕਾਲੀ ਆਗੂਆਂ ਨੇ ਐਲਾਨ ਕੀਤਾ ਕਿ ਜੇ ਲੈਂਡ ਪੂਲਿੰਗ ਸਕੀਮ ਰੱਦ ਨਾ ਕੀਤੀ ਗਈ ਤਾਂ ਅਕਾਲੀ ਦਲ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ ਤੇ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ, ਸਾਬਕਾ ਸੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਵੀ ਮਾਨ ਸਰਕਾਰ ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ‘ਆਪ’ ਦੀ ਅਗਾਵਈ ਵਾਲੀ ਪੰਜਾਬ ਸਕਰਾਰ ਸੂਬੇ ਨੂੰ ਕਰਜਾਈ ਕਰਨ ਤੇ ਤੁਲੇ ਹੋਈ ਹੈ।
ਧਰਨੇ ਦੌਰਾਨ ਅਕਾਲੀ ਦਲ ਦੇ ਹੋਰ ਆਗੂ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸਾਬਕਾ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ, ਬਠਿੰਡਾ, ਐਡਵੋਕੇਟ ਰਾਜਵਿੰਦਰ ਸਿੰਘ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਸੁਖਰਾਜ ਸਿੰਘ ਰਾਜੀ, ਅਮਰਜੀਤ ਜੰਡਾ ਵਾਲਾ, ਜਗਤਾਰ ਸਿੰਘ ਬਰਾੜ,ਮੋਹਿਤ ਗੁਪਤਾ, ਇਲਾਕੇ ਦੇ ਕਈ ਪਿੰਡਾਂ ਤੋਂ ਆਏ ਅਕਾਲੀ ਵੀ ਮੌਜੂਦ ਸਨ। ਇਸ ਮੌਕੇ ਅਕਾਲੀ ਵਰਕਰਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਜ਼ਮੀਨਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਰੈਲੀ ਦੌਰਾਨ ਮਲੂਕਾ ਦੀ ਤਬਿਅਤ ਵਿਗੜੀ
ਉਧਰ ਅੱਜ ਰੈਲੀ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਯੱਕਦਮ ਗੱਸ਼ ਖਾ ਕੇ ਡਿੱਗ ਪਏ, ਜਿਨ੍ਹਾਂ ਨੂੰ ਤਰੁੰਤ ਇੱਕ ਨਿੱਜੀ ਕਾਰ ਵਿਚ ਹਸਪਤਾਲ ਲੈਜਾਇਆ ਗਿਆ।