DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੈਂਡ ਪੂਲਿੰਗ ਨੀਤੀ: ਅਮਨ ਅਰੋੜਾ ਨੇ ਅਕਾਲੀਆਂ ਤੇ ਭਾਜਪਾ ਨੂੰ ਘੇਰਿਆ

ਅਕਾਲੀ-ਭਾਜਪਾ ਸਰਕਾਰ ਵੱਲੋਂ ਬਣਾਏ ਫਰੇਮਵਰਕ ਦੇ ਅਾਧਾਰ ’ਤੇ ਤਿਆਰ ਕੀਤੀ ਨੀਤੀ: ਅਮਨ ਅਰੋਡ਼ਾ
  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਨਵੀਂ ਲੈਂਡ ਪੂਲਿੰਗ ਨੀਤੀ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵੱਲੋਂ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਝੂਠੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ‘ਆਪ’ ਨੇ ਨਵੀਂ ਲੈਂਡ ਪੂਲਿੰਗ ਨੀਤੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਬਣਾਏ ਗਏ ਫਰੇਮਵਰਕ ਦੇ ਆਧਾਰ ’ਤੇ ਤਿਆਰ ਕੀਤੀ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਪੰਜਾਬ ਲਈ ਬੇਹੱਦ ਅਹਿਮ ਅਤੇ ਲਾਹੇਵੰਦ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਤਤਕਾਲੀ ਸਰਕਾਰ ਨੇ ਐੱਸਏਐੱਸ ਨਗਰ (ਮੁਹਾਲੀ), ਅੰਮ੍ਰਿਤਸਰ, ਤਰਨਤਾਰਨ ਅਤੇ ਹੁਸ਼ਿਆਰਪੁਰ ਸਮੇਤ ਕਈ ਸ਼ਹਿਰਾਂ ਵਿੱਚ ਮਾਸਟਰ ਪਲਾਨਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤੇ ਸਨ। ਇਨ੍ਹਾਂ ਨੋਟੀਫਿਕੇਸ਼ਨਾਂ ਨੇ ਰਿਹਾਇਸ਼ੀ ਅਤੇ ਵਪਾਰਕ ਵਿਕਾਸ ਲਈ ਸੈਂਕੜੇ ਏਕੜ ਜ਼ਮੀਨ ਘੋਸ਼ਿਤ ਕੀਤੀ ਅਤੇ ਪ੍ਰਾਈਵੇਟ ਡਿਵੈਲਪਰਾਂ ਨੂੰ ਕਲੋਨੀਆਂ ਬਣਾਉਣ ਦੀ ਪ੍ਰਵਾਨਗੀ ਵੀ ਦਿੱਤੀ। ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਵੱਲੋਂ ਡਿਫ਼ਾਲਟਰ ਬਿਲਡਰਾਂ ਦੀ ਕੀਤੀ ਪੁਸ਼ਤਪਨਾਹੀ ਕਾਰਨ ਪੰਜਾਬ ਵਿੱਚ ਲਗਭਗ 20 ਹਜ਼ਾਰ ਏਕੜ ਰਕਬੇ ’ਤੇ ਗ਼ੈਰ-ਕਾਨੂੰਨੀ ਕਲੋਨੀਆਂ ਉਸਰ ਗਈਆਂ ਹਨ, ਜਿੱਥੇ ਸੀਵਰੇਜ ਸਿਸਟਮ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੀ ਅਣਹੋਂਦ ਕਾਰਨ ਖਰੀਦਦਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਹਾਲੀ ਖੇਤਰ ਵਿੱਚ 2009 ਤੋਂ 2021 ਤੱਕ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ 3,735 ਏਕੜ ਜ਼ਮੀਨ ਐਕਵਾਇਰ ਕੀਤੀ ਸੀ। ਕੈਬਨਿਟ ਮੰਤਰੀ ਨੇ ਕਿਹਾ ਕਿ ਨਵੀਂ ਲੈਂਡ ਪੂਲਿੰਗ ਨੀਤੀ ਅਨੁਸਾਰ ਕਿਸਾਨ ਆਪਣੀ ਜ਼ਮੀਨ ਖੁਦ ਡਿਵੈਲਪ ਕਰ ਸਕਦੇ ਹਨ। ਇਸ ਲਈ ਕਿਸਾਨ ਸਰਕਾਰ ਜਾਂ ਪ੍ਰਾਈਵੇਟ ਡਿਵੈਲਪਰਾਂ ਨਾਲ ਭਾਈਵਾਲੀ ਵੀ ਕਰ ਸਕਦੇ ਹਨ। ਇਸ ਲਈ ਪਹਿਲੇ ਤਿੰਨ ਸਾਲਾਂ ਲਈ ਸਲਾਨਾ 50,000 ਰੁਪਏ ਮੁਆਵਜ਼ਾ ਅਤੇ ਜ਼ਮੀਨ ਗ੍ਰਹਿਣ ਤੋਂ ਬਾਅਦ 1 ਲੱਖ ਰੁਪਏ ਅਤੇ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦੀ ਅਦਲਾ-ਬਦਲੀ ਦਾ ਵਿਕਲਪ ਵੀ ਨੀਤੀ ਵਿੱਚ ਸ਼ਾਮਲ ਹੈ। ਉਨ੍ਹਾਂ ਮੰਗ ਕੀਤੀ ਕਿ ਅਕਾਲੀ-ਭਾਜਪਾ ਤੇ ਕਾਂਗਰਸ ਨੂੰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੇ ਗ਼ੈਰ-ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਿਤ ਕਰਨ ਲਈ ਲੋਕਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Advertisement

Advertisement
×