ਲੈਂਡ ਪੂਲਿੰਗ ਨੀਤੀ: ਕਿਸਾਨਾਂ ਵੱਲੋਂ ਝੰਡਾ ਮਾਰਚ ਕਰਨ ਦਾ ਐਲਾਨ
ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਜਿਥੇ ਪਿੰਡ-ਪਿੰਡ ਵਿਰੋਧ ਹੋ ਰਿਹਾ ਹੈ, ਉਥੇ ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਦੇ ਰਾਹ ’ਤੇ ਪੈ ਗਈਆਂ ਹਨ। ਕਿਸਾਨ ਮਜ਼ਦੂਰ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ 11 ਅਗਸਤ ਨੂੰ ਪੰਜਾਬ ਭਰ ਵਿੱਚ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਬਲਾਕ ਪੱਧਰ ’ਤੇ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਪਿੰਡ ਮੰਗਵਾਲ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੀ ਸੂਬਾ ਪੱਧਰੀ ਮੀਟਿੰਗ ਸੂਬਾਈ ਆਗੂ ਲਖਬੀਰ ਸਿੰਘ ਦੌਧਰ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਸੂਬਾਈ ਆਗੂ ਦਿਲਬਾਗ ਸਿੰਘ ਹਰੀਗੜ੍ਹ, ਗੁਰਮੇਲ ਸਿੰਘ ਮਹੌਲੀ, ਕਰਨੈਲ ਸਿੰਘ ਲੰਗ, ਜਸਵਿੰਦਰ ਸਿੰਘ ਲੌਂਗੋਵਾਲ, ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਬਲਜੀਤ ਕੌਰ ਅਤੇ ਦਵਿੰਦਰ ਕੌਰ ਹਰਦਾਸਪੁਰ ਨੇ ਸੰਬੋਧਨ ਕੀਤਾ। ਉਨ੍ਹਾਂ ਆਮ ਆਦਮੀ ਪਾਰਟੀ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨ ਤੇ ਮਜ਼ਦੂਰ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਨੀਤੀ ਵੀ ਤਿੰਨ ਕਾਲੇ ਖੇਤੀ ਕਾਨੂੰਨਾਂ ਤੋਂ ਘੱਟ ਨਹੀਂ ਹੈ ਜਿਸ ਖ਼ਿਲਾਫ਼ ਪੰਜਾਬ ਦੇ ਪਿੰਡ-ਪਿੰਡ ਆਵਾਜ਼ ਗੂੰਜ ਰਹੀ ਹੈ ਅਤੇ ਇੱਕ ਲੋਕ ਲਹਿਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਦੇਸ਼ੀ-ਵਿਦੇਸ਼ੀ ਬਹੁ-ਕੌਮੀ ਕੰਪਨੀਆਂ ਨੂੰ ਮਾਲਾਮਾਲ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਕੰਗਾਲ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਪੰਜਾਬ ਦੇ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦੀ ਸਾਜਿਸ਼ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 11 ਅਗਸਤ ਨੂੰ ਪੰਜਾਬ ਦੇ ਹਰ ਬਲਾਕ ਵਿਚ ਲੈਂਡ ਪੂਲਿੰਗ ਨੀਤੀ ਦੇ ਖ਼ਿਲਾਫ਼ ਕਿਸਾਨਾਂ ਦੇ ਕਾਫ਼ਲਿਆਂ ਦੀ ਆਵਾਜ਼ ਪਿੰਡ-ਪਿੰਡ ਗੂੰਜ਼ੇਗੀ ਅਤੇ ਹਰ ਵਰਗ ਦੇ ਲੋਕਾਂ ਨੂੰ ਲੈਂਡ ਪੂਲਿੰਗ ਨੀਤੀ ਦੇ ਨੁਕਸਾਨ ਤੋਂ ਜਾਣੂ ਕਰਵਾਇਆ ਜਾਵੇਗਾ।