ਲੈਂਡ ਪੂਲਿੰਗ ਨੀਤੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ: ਉਗਰਾਹਾਂ
ਪਰਮਜੀਤ ਸਿੰਘ ਕੁਠਾਲਾ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇੱਥੇ ਪਿੰਡ ਹਥਨ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤੇ ਜਾਣ ਦੀ ਨਿਖੇਧੀ ਕੀਤੀ ਅਤੇ 25 ਜੁਲਾਈ ਨੂੰ ਸੰਗਰੂਰ ਰੈਲੀ ’ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸ੍ਰੀ ਉਗਰਾਹਾਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਇਹ ਨੀਤੀ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਲਈ ਲਿਆਂਦੀ ਗਈ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਨਾਲ ਲੱਗਦੀਆਂ ਜ਼ਮੀਨਾਂ ਦਾ 65,000 ਏਕੜ ਤੋਂ ਉੱਪਰ ਰਕਬਾ ਖੋਹ ਕੇ ਨਵੀਆਂ ਕਲੋਨੀਆਂ ਵਸਾਉਣ ਲਈ ਹੁਕਮ ਜਾਰੀ ਕੀਤੇ ਹਨ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸ੍ਰੀ ਉਗਰਾਹਾਂ ਨੇ ਕਿਹਾ ਕਿ ਇਸ ਨੀਤੀ ਨਾਲ ਇਕੱਲੇ ਕਿਸਾਨ ਹੀ ਨਹੀਂ ਉਜੜਨਗੇ ਸਗੋਂ ਇਹ ਫ਼ਰਮਾਨ ਮਜ਼ਦੂਰਾਂ, ਦੁਕਾਨਦਾਰਾਂ ਤੇ ਹੋਰਾਂ ਸਮੇਤ ਸਮੁੱਚੇ ਪਿੰਡਾਂ ਨੂੰ ਉਜਾੜਨ ਦਾ ਮਸੌਦਾ ਬਣੇਗਾ। ਉਨ੍ਹਾਂ ਕਿਹਾ ਕਿ ਜਬਰੀ ਜ਼ਮੀਨਾਂ ਖੋਹਣ ਦੇ ਸਰਕਾਰੀ ਹੁਕਮਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੇ ਮਹੀਨੇ ਮੁੱਲਾਂਪੁਰ ਵਿੱਚ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ’ਚ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਾਸਤੇ ਤਿਆਰੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੀਟਿੰਗ ਨੂੰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੂਟਾਲ, ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੂਬਾ ਆਗੂ ਅਮਰੀਕ ਸਿੰਘ ਗੰਢੂਆਂ, ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ, ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ।
ਸੰਗਰੂਰ ਰੈਲੀ ਦੀ ਹਮਾਇਤ
ਸੂਬਾ ਪ੍ਰਧਾਨ ਸ੍ਰੀ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਸੰਘਰਸ਼ਸ਼ੀਲ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਵਿੱਚ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ’ਤੇ ਅਣ-ਐਲਾਨੀਆਂ ਪਾਬੰਦੀਆਂ ਲਾ ਕੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਸੰਘਰਸ਼ਾਂ ’ਤੇ ਲਾਈ ਅਣ-ਐਲਾਨੀ ਪਾਬੰਦੀ ਖ਼ਤਮ ਕਰਵਾਉਣ ਅਤੇ ਜੇਲ੍ਹਾਂ ’ਚ ਬੰਦ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਲਈ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸੰਗਰੂਰ ਵਿੱਚ 25 ਜੁਲਾਈ ਨੂੰ ਕੀਤੀ ਜਾ ਰਹੀ ਰੈਲੀ ਦੀ ਵੀ ਹਮਾਇਤ ਕੀਤੀ।