ਲੈਂਡ ਪੂਲਿੰਗ: ਸਿਆਸੀ ਧਿਰਾਂ ਤੇ ਕਿਸਾਨਾਂ ਵੱਲੋਂ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ’ਤੇ ਲਗਾਈ ਚਾਰ ਹਫ਼ਤਿਆਂ ਦੀ ਰੋਕ ਨੇ ਕਿਸਾਨਾਂ ਨੂੰ ਕੁਝ ਸਮੇਂ ਲਈ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਤੇ ਕਿਸਾਨਾਂ ਨੇ ਵੀ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਚਿੰਤਾਵਾਂ ਸਹੀ ਸਾਬਤ ਹੋਈਆਂ ਹਨ। ਇਸੇ ਕਰਕੇ ਅਦਾਲਤ ਨੇ ਲੈਂਡ ਪੂਲਿੰਗ ਨੀਤੀ ’ਤੇ ਰੋਕ ਲਗਾ ਦਿੱਤੀ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਵੱਲੋਂ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਦੋਂ ਕਿ 2013 ਦਾ ਐਕਟ ਜ਼ਮੀਨ ਮਾਲਕਾਂ ਲਈ ਮਜ਼ਬੂਤ ਕਾਨੂੰਨੀ ਸੁਰੱਖਿਆ ਪ੍ਰਬੰਧ ਕਰਦਾ ਹੈ।
ਪੰਜਾਬ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੂੰ ਲੈਂਡ ਪੂਲਿੰਗ ਨੀਤੀ ਰੱਦ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵੱਲੋਂ 17 ਅਗਸਤ ਨੂੰ ਲੈਂਡ ਪੂਲਿੰਗ ਨੀਤੀ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜੋ ਨੀਤੀ ਦੇ ਰੱਦ ਹੋਣ ਤੱਕ ਜਾਰੀ ਰਹੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਾਈ ਕੋਰਟ ਦੇ ਫ਼ੈਸਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੁੱਟ ਨੂੰ ਰੱਖ ਕੇ ਇਹ ਨੀਤੀ ਤਿਆਰ ਕੀਤੀ ਗਈ ਹੈ। ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਪ੍ਰਧਾਨ ਤੇ ਐੱਸਕੇਐੱਮ ਆਗੂ ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੀਤੀ ਨੂੰ ਵਾਪਸ ਲਵੇ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਭਵਿੱਖ ਵਿੱਚ ਇਸ ਨੀਤੀ ਨੂੰ ਪੱਕੇ ਤੌਰ ’ਤੇ ਖਤਮ ਕਰਕੇ ਕਿਸਾਨ ਪੱਖੀ ਫ਼ੈਸਲਾ ਸੁਣਾਵੇਗੀ।