ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨ ਲਈ ਜਾਵੇਗੀ: ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਧੀ ਸਣੇ ਇਥੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਨਾਲ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਹੋ ਰਹੇ ਵਿਰੋਧ ਬਾਰੇ ਕਿਹਾ ਕਿ ਆਮ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਪੰਜਾਬ ਦੇ ਕਿਸੇ ਵੀ ਕਿਸਾਨ ਨਾਲ ਧੱਕੇਸ਼ਾਹੀ ਨਹੀਂ ਕੀਤੀ ਜਾਵੇਗੀ, ਸਗੋਂ ਪਾਲਿਸੀ ਬਾਰੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸਾਨਾਂ ਦੀ ਸਹਿਮਤੀ ਮਗਰੋਂ ਹੀ ਸਰਕਾਰ ਵੱਲੋਂ ਉਨ੍ਹਾਂ ਦੀ ਜ਼ਮੀਨ ਲਈ ਜਾਵੇਗੀ। ਭਾਜਪਾ ਵਿੱਚ ਸ਼ਾਮਲ ਹੋਏ ਖਰੜ ਹਲਕੇ ਤੋਂ ਅਕਾਲੀ ਦਲ ਦੇ ਇੰਚਾਰਜ ਰਣਜੀਤ ਸਿੰਘ ਗਿੱਲ ’ਤੇ ਵਿਜੀਲੈਂਸ ਛਾਪੇ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਹੀਂ ਹੈ। ਉਨ੍ਹਾਂ ਚਮਕੌਰ ਸਾਹਿਬ ਵਿੱਚ ਖੰਡਰ ਬਣ ਰਹੀ ਗੁਰੂ ਗੋਬਿੰਦ ਸਿੰਘ ਸਕਿੱਲ ਯੂਨੀਵਰਸਿਟੀ ਦੇ ਬਾਰੇ ਵੇਰਵੇ ਲੈ ਕੇ ਸਿੱਖਿਆ ਕ੍ਰਾਂਤੀ ਦੇ ਅਧੀਨ ਕੰਮ ਕਰਨ ਦਾ ਦਾਅਵਾ ਕੀਤਾ। ਪੱਤਰਕਾਰਾਂ ਨੇ ਸਰਕਾਰ ਵੱਲੋਂ ਐਲਾਨੀਆਂ ਗਈਆਂ ਗ੍ਰਾਂਟਾਂ ਦਾ ਮੁੱਦਾ ਵੀ ਚੁੱਕਿਆ, ਜਿਸ ਨੂੰ ਉਨ੍ਹਾਂ ਟਾਲਦਿਆਂ ਮਿਲ ਕੇ ਗੱਲ ਕਰਨ ਦੀ ਗੱਲ ਆਖੀ। ਉਨ੍ਹਾਂ ਚਮਕੌਰ ਸਾਹਿਬ ਵਿੱਚ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਹੋਣ ਵਾਲੇ ਸੁੰਦਰੀਕਰਨ ਦੇ ਕੰਮਾਂ ਲਈ ਡਿਪਟੀ ਕਮਿਸ਼ਨਰ ਨੂੰ ਵੇਰਵੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਪੂਰੇ ਇਲਾਕੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਬਣੇ 50 ਬੈੱਡਾਂ ਦੇ ਸਬ-ਡਿਵੀਜ਼ਨਲ ਪੱਧਰ ’ਤੇ ਬਣੇ ਹਸਪਤਾਲ ਦੇ ਉਦਘਾਟਨ ਕਰਨ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਸਨ, ਜਿਸ ਲਈ ਹਸਪਤਾਲ ਦੇ ਪ੍ਰਬੰਧਕਾਂ ਵੱਲੋਂ ਆਸ-ਪਾਸ ਦੀਆਂ ਡਿਸਪੈਂਸਰੀਆਂ ਵਿੱਚੋਂ ਬੈੱਡ ਆਦਿ ਵੀ ਮੰਗਵਾ ਲਏ ਸਨ ਪ੍ਰੰਤੂ ਮੁੱਖ ਮੰਤਰੀ ਵੱਲੋਂ ਆਪਣੇ ਦੌਰੇ ਨੂੰ ਸਿਰਫ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੱਕ ਹੀ ਸੀਮਤ ਰੱਖਿਆ ਗਿਆ ਅਤੇ ਕਿਸੇ ਵੀ ਤਰ੍ਹਾਂ ਦੇ ਭਾਸ਼ਣ ਆਦਿ ਤੋਂ ਵੀ ਗੁਰੇਜ਼ ਕੀਤਾ ਗਿਆ। ਇਸ ਮੌਕੇ ਪਿੰਡ ਧੌਲਰਾਂ ਵਿੱਚ ਲੱਗ ਰਹੀ ਪੇਪਰ ਮਿੱਲ ਦਾ ਵਿਰੋਧ ਕਰਨ ਵਾਲੇ ਚਮਕੌਰ ਸਾਹਿਬ ਮੋਰਚੇ ਦੇ ਆਗੂਆਂ ਵੱਲੋਂ ਭਗਵੰਤ ਮਾਨ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ਤੇ ਪੇਪਰ ਮਿੱਲ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ।
ਕਿਸਾਨਾਂ ਦੀ ਮੁੱਖ ਮੰਤਰੀ ਨਾਲ ਨਾ ਹੋ ਸਕੀ ਗੱਲਬਾਤ
ਇਸੇ ਦੌਰਾਨ ਕੁਝ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਲੈਂਡ ਪੂਲਿੰਗ ਨੀਤੀ ਬਾਰੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਆਗੂਆਂ ਨੂੰ ਪੁਲੀਸ ਦੇ ਧੱਕਿਆ ਦਾ ਸ਼ਿਕਾਰ ਹੋਣਾ ਪਿਆ, ਜਿਸ ਕਾਰਨ ਕਿਸਾਨ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਗੁੱਸਾ ਵੀ ਜ਼ਾਹਿਰ ਕੀਤਾ। ਇਸ ਮੌਕੇ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਦੇ ਨੇੜੇ ਵੀ ਨਹੀਂ ਢੁਕਣ ਦਿੱਤਾ ਗਿਆ, ਜਿਸ ਕਾਰਨ ਬਹੁਤ ਸਾਰੇ ਆਗੂ ਪੁਲੀਸ ਅਧਿਕਾਰੀਆਂ ਨਾਲ ਬਹਿਸ ਕਰਦੇ ਰਹੇ। ਇਸੇ ਦੌਰਾਨ ਬਿਜਲੀ ਬੋਰਡ ਦੇ ਆਊਟਸੋਰਸ ਕਾਮਿਆਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।