ਸੰਜੀਵ ਤੇਜਪਾਲ
ਮੋਰਿੰਡਾ, 29 ਅਕਤੂਬਰ
ਪੰਜਾਬ ਭਰ ਤੋਂ ਹਜ਼ਾਰਾਂ ਬੇਜ਼ਮੀਨੇ ਮਜ਼ਦੂਰਾਂ ਵੱਲੋਂ ਮਹਾਰਾਣਾ ਪ੍ਰਤਾਪ ਚੌਕ ਮੋਰਿੰਡਾ ਵਿਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਸੂਬਾ ਸਰਕਾਰ ਖ਼ਿਲਾਫ਼ ਰੈਲੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਨਾਹਰ ਸਿੰਘ, ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨੇ ਦੱਸਿਆ ਕਿ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ 1 ਨਵੰਬਰ ਨੂੰ ਮੀਟਿੰਗ ਦਾ ਭਰੋਸਾ ਦਿਵਾਇਆ ਗਿਆ। ਇਸ ਕਰ ਕੇ ਜਥੇਬੰਦੀਆਂ ਨੂੰ ਪ੍ਰਦਰਸ਼ਨ ਸਮਾਪਤ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਮਜ਼ਦੂਰ ਵਰਗ ਕਮਜ਼ੋਰ ਹੁੰਦਾ ਜਾ ਰਿਹਾ ਹੈ। ਸਰਕਾਰਾਂ ਮਜ਼ਦੂਰ ਤੇ ਗ਼ਰੀਬ ਵਰਗ ਨੂੰ ਵੋਟ ਬੈਂਕ ਵਜੋਂ ਵਰਤ ਰਹੀਆਂ ਹਨ।
ਆਗੂਆਂ ਨੇ ਕਿਹਾ ਕਿ ਮਜ਼ਦੂਰਾਂ ਦੀ ਕਰਜ਼ਾ ਮੁਆਫ਼ੀ, ਰਿਹਾਇਸ਼ੀ ਪਲਾਟ ਲੈਣ, ਪੱਕਾ ਰੁਜ਼ਗਾਰ, ਸਰਵਜਨਕ ਵੰਡ ਨੂੰ ਸੁਚਾਰੂ ਬਣਾਉਣ ਲਈ, ਪੰਚਾਇਤੀ ਜ਼ਮੀਨਾਂ ’ਚੋਂ ਤੀਜਾ ਹਿੱਸਾ ਲੈਣ ਅਤੇ ਸਮਾਜਿਕ ਬਰਾਬਰੀ ਦੇ ਮੁੱਦੇ ’ਤੇ ਜਥੇਬੰਦੀਆਂ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਪਲਾਟ ਦੇਣ ਦਾ ਐਲਾਨ ਸਿਰਫ਼ ਸਿਆਸੀ ਜੁਮਲਾ ਹੈ। ਰੈਲੀ ਦੌਰਾਨ ਟਿਕਰੀ ਬਾਰਡਰ ’ਤੇ ਟਿੱਪਰ ਚੜ੍ਹਨ ਕਾਰਨ ਸ਼ਹੀਦ ਹੋਈਆਂ ਕਿਸਾਨ ਬੀਬੀਆਂ ਨੂੰ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਮਜ਼ਦੂਰ ਮੁਕਤੀ ਮੋਰਚੇ ਦੇ ਪ੍ਰਧਾਨ ਭਗਵੰਤ ਸਮਾਉਂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ਸਕੱਤਰ ਦੇਵੀ ਕੁਮਾਰੀ, ਧਰਮਪਾਲ ਨਮੋਲ, ਲਖਵੀਰ ਲੌਂਗੋਵਾਲ, ਹਰਮੇਸ਼ ਮਾਲੜੀ, ਬਲਦੇਵ ਨੂਰਪੁਰੀ, ਕੁਲਵੰਤ ਸੇਲਬਾ, ਪਿਆਰੇ ਲਾਲ, ਕਸ਼ਮੀਰ ਸਿੰਘ ਮੌਜੂਦ ਸਨ।